ਭਿਵੰਡੀ, 30 ਅਪ੍ਰੈਲ : ਮਹਾਰਾਸ਼ਟਰ ਦੇ ਭਿਵੰਡੀ ਵਿੱਚ ਇੱਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਮਲਬੇ 'ਚੋਂ ਲੋਕਾਂ ਨੂੰ ਕੱਢਣ ਲਈ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਠਾਣੇ ਪੁਲੀਸ ਨੇ ਇਸ ਮਾਮਲੇ ਵਿੱਚ ਬਿਲਡਰ ਇੰਦਰਪਾਲ ਪਾਟਿਲ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਸ ਖ਼ਿਲਾਫ਼ ਆਈਪੀਸੀ ਦੀ ਧਾਰਾ 304 (2), 337, 338 ਅਤੇ 42 ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜ਼ਖਮੀਆਂ ਦੇ ਇਲਾਜ ਦਾ ਖਰਚਾ ਵੀ ਸੂਬਾ ਸਰਕਾਰ ਚੁੱਕੇਗੀ। ਇਹ ਘਟਨਾ ਸ਼ਨੀਵਾਰ ਦੁਪਹਿਰ ਭਿਵੰਡੀ ਦੇ ਕੈਲਾਸਨਗਰ (ਵਲਪੜਾ) ਦੇ ਵਰਧਮਾਨ ਕੰਪਾਊਂਡ 'ਚ ਵਾਪਰੀ। ਜਾਣਕਾਰੀ ਅਨੁਸਾਰ ਇਮਾਰਤ ਦੀ ਦੂਜੀ ਮੰਜ਼ਿਲ 'ਤੇ 3 ਤੋਂ 4 ਪਰਿਵਾਰ ਰਹਿੰਦੇ ਸਨ। ਜਦੋਂ ਕਿ ਇਮਾਰਤ ਦੀ ਹੇਠਲੀ ਮੰਜ਼ਿਲ 'ਤੇ ਮਜ਼ਦੂਰ ਕੰਮ ਕਰ ਰਹੇ ਸਨ। ਇਮਾਰਤ ਦੇ ਮਲਬੇ ਹੇਠ ਕਰੀਬ 22 ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਇਮਾਰਤ ਦੇ ਮਲਬੇ ਹੇਠ ਦੱਬੇ 14 ਲੋਕਾਂ ਨੂੰ ਂਧ੍ਰਢ ਅਤੇ ਸ਼ਧ੍ਰਢ ਦੇ ਜਵਾਨਾਂ ਦੀ ਮਦਦ ਨਾਲ ਬਚਾਇਆ ਗਿਆ ਹੈ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਉਪਜ਼ਿਲਾ ਹਸਪਤਾਲ ਭਿਵੰਡੀ 'ਚ ਦਾਖਲ ਕਰਵਾਇਆ ਗਿਆ ਹੈ। ਅਜੇ ਵੀ 7 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ।