ਗੁਜਰਾਤ : ਗੁਜਰਾਤ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ ‘ਤੇ ਪ੍ਰਚਾਰ ਕੀਤਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਵੱਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਗੁਜਰਾਤ ਦੇ ਕੱਛ ਜ਼ਿਲ੍ਹੇ ਦੀ ਅਬਡਾਸਾ ਵਿਧਾਨ ਸਭਾ ਸੀਟ ਤੋਂ ‘ਆਪ’ ਉਮੀਦਵਾਰ ਨੇ ਭਾਜਪਾ ਉਮੀਦਵਾਰ ਨੂੰ ਆਪਣਾ ਸਮਰਥਨ ਦੇ ਦਾ ਐਲਾਨ ਕੀਤਾ ਹੈ। ਦਰਅਸਲ, ਆਮ ਆਦਮੀ ਪਾਰਟੀ ਨੇ ਇਸ ਸੀਟ ਤੋਂ ਵਸੰਤ ਵਲਜੀਭਾਈ ਖੇਤਾਨੀ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਉਸ ਨੇ ਐਤਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਕੇ ਭਾਜਪਾ ਉਮੀਦਵਾਰ ਪ੍ਰਦਿਊਮਨ ਸਿੰਘ ਜਡੇਜਾ ਨੂੰ ਜਿਤਾਉਣ ਲਈ ਲੋਕਾਂ ਨੂੰ ਅਪੀਲ ਕੀਤੀ ਹੈ । ਗੁਜਰਾਤ ਦੀ 182 ਮੈਂਬਰੀ ਵਿਧਾਨ ਸਭਾ ਲਈ ਦੋ ਪੜਾਵਾਂ ਵਿੱਚ 1 ਅਤੇ 5 ਦਸੰਬਰ ਨੂੰ ਵੋਟਿੰਗ ਹੋਵੇਗੀ। ਕੱਛ ਵਿੱਚ 6 ਵਿਧਾਨ ਸਭਾ ਹਲਕੇ ਹਨ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਕੱਛ ਦੀਆਂ ਸਾਰੀਆਂ 6 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਸਨ, ਜਿਨ੍ਹਾਂ ਵਿੱਚ ਅਬਡਾਸਾ ਉਮੀਦਵਾਰ ਭਾਜਪਾ ਵਿੱਚ ਸ਼ਾਮਿਲ ਹੋ ਗਏ। ਜ਼ਿਕਰਯੋਗ ਹੈ ਕਿ ਬੀਤੇ ਦਿਨ ਆਪ ਸੁਪ੍ਰੀਮੋ ਕੇਜਰੀਵਾਲ ਨੇ ਲਿਖਤੀ ਰੂਪ ਵਿੱਚ ਦਾਅਵਾ ਕਰਦਿਆਂ ਕਿਹਾ ਕਿ ਗੁਜਰਾਤ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ। ਉਨ੍ਹਾਂ ਨੇ ਦਾਅਵਾ ਕਰਦਿਆਂ ਕਿਹਾ ਕਿ ਲੋਕ ਭਾਰਤੀ ਜਨਤਾ ਪਾਰਟੀ ਤੋਂ ਇੰਨੇ ਡਰੇ ਹੋਏ ਹਨ ਕਿ ਉਹ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੂੰ ਖੁੱਲ੍ਹੇਆਮ ਸਮਰਥਨ ਦੇਣ ਤੋਂ ਝਿਜਕ ਰਹੇ ਹਨ । ਕੇਜਰੀਵਾਲ ਨੇ ਕਿਹਾ ਕਿ ਮੈਂ ਤੁਹਾਡੇ ਸਾਰਿਆਂ ਦੇ ਸਾਹਮਣੇ ਲਿਖਤੀ ਰੂਪ ਵਿੱਚ ਇੱਕ ਭਵਿੱਖਬਾਣੀ ਕਰਨ ਜਾ ਰਿਹਾ ਹਾਂ… ਲਿਖੋ ਕਿ ਤੁਸੀਂ ਗੁਜਰਾਤ ਵਿੱਚ ਸਰਕਾਰ ਬਣਾਉਣ ਜਾ ਰਹੇ ਹੋ । ਜਿਸ ਤੋਂ ਬਾਅਦ ਗੁਜਰਾਤ ਦੇ ਲੋਕ ਭਾਜਪਾ ਤੋਂ ਛੁਟਕਾਰਾ ਪਾ ਲੈਣਗੇ ।