ਨਵੀਂ ਦਿੱਲੀ, 28 ਫਰਵਰੀ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਗਾੜੀ ਵਿੱਚ ਹੋਏ ਬੇਅਦਬੀ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਨਵੇਂ ਆਦੇਸ਼ ਦਿੱਤੇ ਗਏ ਹਨ। ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਹੋਵੇਗੀ। ਦੱਸ ਦੇਈਏ ਕਿ ਇਹ ਫ਼ੈਸਲਾ ਡੇਰਾ ਪ੍ਰੇਮੀਆਂ ਵਲੋਂ ਦਾਇਰ ਪਟੀਸ਼ਨ 'ਤੇ ਆਇਆ ਹੈ। ਡੇਰਾ ਪ੍ਰੇਮੀਆਂ ਵਲੋਂ ਸੁਪਰੀਮ ਕੋਰਟ ਵਿਚ ਅਪੀਲ ਕੀਤੀ ਗਈ ਸੀ ਕਿ ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਕੀਤੀ ਜਾਵੇ, ਜਿਸ ਨੂੰ ਸੁਪਰੀਮ ਕੋਰਟ ਨੇ ਸਵੀਕਾਰ ਕਰ ਲਿਆ ਹੈ। ਬਰਗਾੜੀ ਮਾਮਲੇ ਦੇ ਦੋਸ਼ੀ ਸ਼ਕਤੀ ਸਿੰਘ ਅਤੇ ਹੋਰਾਂ ਵਲੋਂ ਦਾਇਰ ਕੀਤੀ ਪਟੀਸ਼ਨ 'ਤੇ ਸੁਪਰੀਮ ਕੋਰਟ ਦੀ ਜਸਟਿਸ ਅਨੁਰਾਧਾ ਬੋਸ ਅਤੇ ਜਸਟਿਸ ਸੁਧਾਂਸ਼ੂ ਧੁਲੀਆ ਦੀ ਬੇਂਚ ਨੇ ਇਹ ਫ਼ੈਸਲਾ ਸੁਣਾਇਆ ਹੈ। ਦੱਸਣਯੋਗ ਹੈ ਕਿ ਬੇਅਦਬੀ ਮਾਮਲੇ ਦੇ ਦੋਸ਼ੀ ਮਹਿੰਦਰਪਾਲ ਬਿੱਟੂ ਅਤੇ ਪ੍ਰਦੀਪ ਕਟਾਰੀਆ ਦੇ ਕਤਲ ਤੋਂ ਬਾਅਦ ਦੋਸ਼ੀਆਂ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਦੱਸ ਦੇਈਏ ਕਿ ਬਹਿਬਲ ਗੋਲੀਕਾਂਡ, ਕੋਟਕਪੁਰਾ ਗੋਲੀਕਾਂਡ ਤੇ ਬਰਗਾੜੀ ਬੇਅਦਬੀ ਕੇਸ ਦੀ ਜਾਂਚ ਵੱਖ-ਵੱਖ ਐਸਆਈਟੀਜ਼ ਵੱਲੋਂ ਕੀਤੀ ਜਾ ਰਹੀ ਹੈ।