ਲਾਹੌਰ, 9 ਅਕਤੂਬਰ : ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਵਿਖੇ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਧੂਮਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਸਜਾਇਆ ਗਿਆ ਸੀ। ਇਸ ਮੌਕੇ ਸ਼ਰਧਾਲੂਆਂ ਨੇ ਮਨ ਦੀ ਸ਼ਾਂਤੀ ਲਈ ਗੁਰੂ ਘਰ 'ਚ ਅਰਦਾਸ ਕੀਤੀ ਅਤੇ ਸੰਗਤਾਂ ਦਰਸ਼ਨ ਕਰਕੇ ਆਪਣੇ ਆਪ ਨੂੰ ਵਡਭਾਗਾ ਦੱਸ ਰਹੀਆਂ ਸਨ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁ: ਜਨਮ ਅਸਥਾਨ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਵਿਖੇ ੭ ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਗਏ ਸਨ। ਜਿਸ ਦੇ ਭੋਗ ਅੱਜ ੯ ਅਕਤੂਬਰ ਨੂੰ ਪਾਏ ਗਏ। ਨਨਕਾਣਾ ਸਾਹਿਬ, ਪਿਸ਼ਾਵਰ, ਹਸਨ ਅਬਦਾਲ ਤੋਂ ਇਲਾਵਾ ਸਿੰਧ ਦੇ ਬਹੁਤ ਸਾਰੇ ਸ਼ਹਿਰਾਂ ਦੀਆਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਕੀਰਤਨੀ ਜੱਥਿਆ ਨੇ ਰੱਬੀ ਬਾਣੀ ਦਾ ਕੀਰਤਨ ਕੀਤਾ। ਸਮਾਗਮ ਦੌਰਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਅਤੇ ਔਕਾਫ਼ ਬੋਰਡ ਦੇ ਵਧੀਕ ਸਕੱਤਰ ਰਾਣਾ ਸ਼ਾਹਿਦ ਸਲੀਮ ਨੇ ਵੀ ਸੰਬੋਧਨ ਕੀਤਾ।