ਨਵੀਂ ਦਿੱਲੀ : ਲੋਕ ਸਭਾ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਮੈਂਬਰਾਂ ਨੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਾਰੰਟੀ ਦੇਣ, ਮਨਰੇਗਾ ਤਹਿਤ ਕੁਝ ਥਾਵਾਂ 'ਤੇ ਕਥਿਤ ਬੇਨਿਯਮੀਆਂ ਅਤੇ ਅਗਨੀਪਥ ਯੋਜਨਾ ਦੇ ਵਿਰੋਧ ਵਰਗੇ ਮੁੱਦੇ ਚੁੱਕੇ ਅਤੇ ਸਰਕਾਰ ਨੂੰ ਇਸ ਵਿਚ ਦਖਲ ਦੇਣ ਦੀ ਬੇਨਤੀ ਕੀਤੀ ਹੈ। ਸਦਨ ਵਿੱਚ ਸਿਫ਼ਰ ਕਾਲ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਪੱਤਰ ਲਿਖ ਕੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕਾਨੂੰਨ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਇਹ ਅੰਦੋਲਨ ਖ਼ਤਮ ਕੀਤਾ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਪਿਛਲੇ ਸਾਲ ਦਸੰਬਰ ਵਿੱਚ ਦਿੱਤੇ ਪੱਤਰ ਵਿੱਚ ਦਿੱਤਾ ਗਿਆ ਇੱਕ ਵੀ ਭਰੋਸਾ ਪੂਰਾ ਨਹੀਂ ਕੀਤਾ ਗਿਆ ਅਤੇ ਕਿਸਾਨ ਮੁੜ ਦਿੱਲੀ ਦੀਆਂ ਹੱਦਾਂ ’ਤੇ ਆ ਕੇ ਧਰਨਾ ਦੇਣ ਲਈ ਮਜਬੂਰ ਹਨ, ਇਸ ਲਈ ਕੇਂਦਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਸੀ। ਇਸ ਤੋਂ ਇਲਾਵਾ ਜਿਨ੍ਹਾਂ ਕਿਸਾਨਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਸਨ ਉਹ ਵੀ ਵਾਪਸ ਕਰਨ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਸਦਨ ਵਿਚ ਦੱਸਿਆ ਕਿ ਸਰਕਾਰ ਵਲੋਂ ਇਸ ਚਿੱਠੀ ਜ਼ਰੀਏ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਅਜਿਹਾ ਅਜੇ ਤੱਕ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਜਿਹਾ ਸਮਾਂ ਹੁੰਦਾ ਸੀ ਜਦੋਂ ਜ਼ੁਬਾਨ ਦੇਣ 'ਤੇ ਮਸਲੇ ਹੱਲ ਹੋ ਜਾਂਦੇ ਸਨ ਪਰ ਹੁਣ ਤਾਂ ਸਰਕਾਰ ਵਲੋਂ ਲਿਖਤੀ ਰੂਪ ਵਿਚ ਦੇਣ ਮਗਰੋਂ ਵੀ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋਇਆ ਹੈ ਸਗੋਂ ਕਿਸਾਨ ਮੁੜ ਆਪਣੀਆਂ ਮੰਗਾਂ ਦੀ ਪੂਰਤੀ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਬੈਠਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ ਸਲਾਹ ਕੀਤੇ ਬਿਨਾਂ ਬਿਜਲੀ ਸੋਧ ਬਿੱਲ 2022 ਸਦਨ ਵਿੱਚ ਪੇਸ਼ ਕੀਤਾ, ਜਿਸ 'ਤੇ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਿਵੇਂ ਸਰਕਾਰ ਨੇ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਰੇ ਬੰਦੀ ਸਿੰਘ ਰਿਹਾਅ ਕਰਨ ਦਾ ਫੈਸਲਾ ਲਿਆ ਸੀ ਤੇ ਨਾਲ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦਾ ਐਲਾਨ ਕੀਤਾ ਸੀ ਤਾਂ ਜੋ ਉਹ ਰਿਹਾਅ ਹੋ ਸਕਣ। ਉਹਨਾਂ ਕਿਹਾ ਕਿ ਬੰਦੀ ਸਿੰਘਾਂ ਦੇ ਨਾਵਾਂ ਦੀ ਸ਼ਮੂਲੀਅਤ ਵਾਲਾ ਵਿਸਥਾਰਿਤ ਹੁਕਮ ਹੋਣ ਦੇ ਬਾਵਜੂਦ ਇਹਨਾਂ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਨਾਲ ਸਿੱਖ ਕੌਮ ਵਿਚ ਗਲਤ ਸੰਦੇਸ਼ ਜਾ ਰਿਹਾ ਹੈ ਤੇ ਅਸੀਂ ਮੰਗ ਕਰਦੇ ਹਾਂ ਕਿ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਮੈਂਬਰ ਪਾਰਲੀਮੈਂਟ ਨੇ ਇਹ ਵੀ ਮੰਗ ਕੀਤੀ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਵੇ ਕਿਉਂਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪਿਛਲੇ 8 ਮਹੀਨਿਆਂ ਤੋਂ ਹੁਕਮਾਂ ’ਤੇ ਹਸਤਾਖ਼ਰ ਨਾਕਰਨ ਕਾਰਨ ਉਹ ਰਿਹਾਅ ਨਹੀਂ ਹੋ ਰਹੇ।