- ਸਾਲ 2014 'ਚ ਸੱਤਾ 'ਚ ਆਉਣ ਤੋਂ ਬਾਅਦ ਸਰਕਾਰ ਦੇ ਕੰਮਾਂ ਨੂੰ ਵੀ ਰੇਖਾਂਕਿਤ ਕੀਤਾ : ਪ੍ਰਧਾਨ ਮੰਤਰੀ ਮੋਦੀ
- ਸਰਕਾਰ ਹਰ ਸਾਲ ਕਿਸੇ ਨਾ ਕਿਸੇ ਰੂਪ ਵਿਚ ਹਰੇਕ ਕਿਸਾਨ ਨੂੰ ਔਸਤਨ 50,000 ਰੁਪਏ ਦੇ ਰਹੀ ਹੈ : ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 1 ਜੁਲਾਈ : ਕੇਂਦਰ ਸਰਕਾਰ ਖੇਤੀਬਾੜੀ ਖੇਤਰ ਅਤੇ ਕਿਸਾਨਾਂ ਦੀ ਭਲਾਈ ਲਈ ਸਾਲਾਨਾ 6.5 ਲੱਖ ਕਰੋੜ ਰੁਪਏ ਖਰਚ ਕਰ ਰਹੀ ਹੈ, ਇੰਨ੍ਹਾਂ ਸ਼ਬਦਾਾਂ ਦਾ ਪ੍ਰਗਟਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ, ਉਨ੍ਹਾਂ ਸਹਿਕਾਰੀ ਸਭਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਖਾਣ ਵਾਲੇ ਤੇਲ ਦੇ ਖੇਤਰ ਵਿਚ ਦੇਸ਼ ਨੂੰ ਆਤਮਨਿਰਭਰ ਬਣਾਉਣ ਵਿਚ ਯੋਗਦਾਨ ਪਾਉਣ। 'ਅੰਤਰਰਾਸ਼ਟਰੀ ਸਹਿਕਾਰੀ ਦਿਵਸ' 'ਤੇ ਆਯੋਜਤ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਸਾਲ 2014 'ਚ ਸੱਤਾ 'ਚ ਆਉਣ ਤੋਂ ਬਾਅਦ ਸਰਕਾਰ ਦੇ ਕੰਮਾਂ ਨੂੰ ਵੀ ਰੇਖਾਂਕਿਤ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ 9 ਸਾਲਾਂ ਵਿਚ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ 'ਤੇ ਉਨ੍ਹਾਂ ਦੀ ਉਪਜ ਖਰੀਦ ਕੇ 15 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਕਮ ਦਿਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੇ ਸਾਲ ਖਾਦ ਸਬਸਿਡੀ 'ਤੇ 10 ਲੱਖ ਕਰੋੜ ਰੁਪਏ ਖਰਚ ਕੀਤੇ। ਉਨ੍ਹਾਂ ਕਿਹਾ ਕਿ ਦੂਜੇ ਸ਼ਬਦਾਂ ਵਿਚ, ਸਰਕਾਰ ਹਰ ਸਾਲ ਖੇਤੀਬਾੜੀ ਅਤੇ ਕਿਸਾਨਾਂ 'ਤੇ ਲਗਭਗ 6.5 ਲੱਖ ਕਰੋੜ ਰੁਪਏ ਖਰਚ ਕਰ ਰਹੀ ਹੈ। ਇਸ ਦਾ ਮਤਲਬ ਹੈ ਕਿ ਸਰਕਾਰ ਹਰ ਸਾਲ ਕਿਸੇ ਨਾ ਕਿਸੇ ਰੂਪ ਵਿਚ ਹਰੇਕ ਕਿਸਾਨ ਨੂੰ ਔਸਤਨ 50,000 ਰੁਪਏ ਦੇ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਕਿਹਾ, ‘ਭਾਜਪਾ ਸਰਕਾਰ 'ਚ ਕਿਸਾਨਾਂ ਨੂੰ ਹਰ ਸਾਲ ਵੱਖ-ਵੱਖ ਤਰੀਕਿਆਂ ਨਾਲ 50,000 ਰੁਪਏ ਮਿਲਣ ਦੀ ਗਾਰੰਟੀ ਦਿਤੀ ਜਾਂਦੀ ਹੈ। ਇਹ ਮੋਦੀ ਦੀ ਗਾਰੰਟੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿਚ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ 2.5 ਲੱਖ ਕਰੋੜ ਰੁਪਏ ਸਿਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਭੇਜੇ ਗਏ ਹਨ। ਉਨ੍ਹਾਂ ਕਿਹਾ, 'ਇਹ ਕਿੰਨੀ ਵੱਡੀ ਰਕਮ ਹੈ, ਤੁਸੀਂ ਇਸ ਗੱਲ ਤੋਂ ਅੰਦਾਜ਼ਾ ਲਗਾ ਸਕਦੇ ਹੋ ਕਿ 2014 ਤੋਂ ਪਹਿਲਾਂ ਪੰਜ ਸਾਲਾਂ ਦਾ ਕੁੱਲ ਖੇਤੀ ਬਜਟ 90,000 ਕਰੋੜ ਰੁਪਏ ਤੋਂ ਵੀ ਘੱਟ ਸੀ’।