ਚੰਡੀਗੜ੍ਹ : ਦਿੱਲੀ ਅਤੇ ਐੱਨਸੀਆਰ ‘ਚ ਹਵਾ ਪ੍ਰਦੂਸ਼ਣ ਖਤਰਨਾਕ ਪੱਧਰ ‘ਤੇ ਪਹੁੰਚ ਚੁੱਕਾ ਹੈ | ਇਸ ਮੁੱਦੇ ‘ਤੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਅਦਾਲਤ ਨੇ ਇਸ ਪਟੀਸ਼ਨ ਨੂੰ ਵੀ ਸਵੀਕਾਰ ਕਰ ਲਿਆ ਹੈ। ਦਾਇਰ ਪਟੀਸ਼ਨ ਵਿੱਚ ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਘਟਾਉਣ ਦੇ ਤਰੀਕਿਆਂ ਬਾਰੇ ਨਿਰਦੇਸ਼ ਮੰਗੇ ਗਏ ਹਨ। ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਲਈ 10 ਨਵੰਬਰ ਦੀ ਤਾਰੀਖ਼ ਤੈਅ ਕੀਤੀ ਹੈ। ਇਸ ਦੇ ਨਾਲ ਹੀ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (National Human Rights Commission) ਨੇ ਵੀ ਦਿੱਲੀ-ਐਨਸੀਆਰ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ (Air Pollution) ‘ਤੇ ਚਿੰਤਾ ਪ੍ਰਗਟਾਈ ਹੈ। ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੀਆਂ ਸਰਕਾਰਾਂ ਵੱਲੋਂ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ‘ਤੇ ਨਾਖੁਸ਼ੀ ਪ੍ਰਗਟਾਈ ਹੈ। ਇਸ ਦੇ ਨਾਲ ਹੀ ਕਮਿਸ਼ਨ ਨੇ ਇਸ ਮੁੱਦੇ ‘ਤੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਮੁੱਖ ਸਕੱਤਰਾਂ ਨੂੰ 10 ਨਵੰਬਰ ਨੂੰ ਤਲਬ ਕੀਤਾ ਹੈ।