ਗਾਂਧੀਨਗਰ, 28 ਜੁਲਾਈ : ਭਾਰਤ ਵਿੱਚ ਸੈਮੀਕੰਡਕਟਰ ਨਿਰਮਾਣ ਦਾ ਪਲਾਂਟ ਸਥਾਪਿਤ ਕਰਨ ਲਈ ਤਕਨਾਲੋਜੀ ਕੰਪਨੀਆਂ ਨੂੰ 50 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀਨਗਰ ਵਿਖੇ ਸੈਮੀਕੋਨ ਇੰਡੀਆ-2023 ਦੀ ਕਾਨਫਰੰਸ ਦਾ ਉਦਘਾਟਨ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਸੈਮੀਕੰਡਕਟਰ ਉਦਯੋਗ ਦੇ ਵਾਧੇ ਲਈ ਪੂਰਾ ਈਕੋਸਿਸਟਮ ਤਿਆਰ ਕੀਤਾ ਜਾ ਰਿਹਾ ਹੈ। ਅਸੀਂ ਸੇਮਕੋਨ ਇੰਡੀਆ ਪ੍ਰੋਗਰਾਮ ਦੇ ਤਹਿਤ ਪ੍ਰੋਤਸਾਹਨ ਦੀ ਪੇਸ਼ਕਸ਼ ਕਰ ਰਹੇ ਸੀ। ਹੁਣ ਇਸ ਨੂੰ ਵਧਾ ਦਿੱਤਾ ਗਿਆ ਹੈ, ਅਤੇ ਹੁਣ ਆਈਟੀ ਫਰਮਾਂ ਨੂੰ ਭਾਰਤ ਵਿੱਚ ਸੈਮੀਕੰਡਕਟਰ ਨਿਰਮਾਣ ਪਲਾਂਟ ਸਥਾਪਤ ਕਰਨ ਲਈ 50 ਫੀਸਦੀ ਵਿੱਤੀ ਸਹਾਇਤਾ ਮਿਲੇਗੀ। ਮੋਦੀ ਨੇ ਕਿਹਾ ਕਿ ਭਾਰਤ ਵਿੱਚ ਸੈਮੀਕੰਡਕਟਰ ਉਦਯੋਗ ਤੇਜ਼ੀ ਨਾਲ ਵਧੇਗਾ। ਇੱਕ ਸਾਲ ਪਹਿਲਾਂ ਲੋਕ ਪੁੱਛਦੇ ਸਨ ਕਿ ਉਨ੍ਹਾਂ ਨੂੰ ਭਾਰਤ ਦੇ ਸੈਮੀਕੰਡਕਟਰ ਸੈਕਟਰ ਵਿੱਚ ਨਿਵੇਸ਼ ਕਿਉਂ ਕਰਨਾ ਚਾਹੀਦਾ ਹੈ ਅਤੇ ਹੁਣ ਉਹ ਪੁੱਛ ਰਹੇ ਹਨ ਕਿ ਭਾਰਤ ਵਿੱਚ ਨਿਵੇਸ਼ ਕਿਉਂ ਨਹੀਂ ਕਰਨਾ ਚਾਹੀਦਾ। ਦੁਨੀਆ ਨੂੰ ਇੱਕ ਭਰੋਸੇਮੰਦ ਚਿੱਪ ਸਪਲਾਈ ਚੇਨ ਦੀ ਲੋੜ ਹੈ। ਮੋਦੀ ਨੇ ਕਿਹਾ ਕਿ ਸੈਮੀਕੰਡਕਟਰ ਡਿਜ਼ਾਈਨ 'ਤੇ ਕੋਰਸ ਸ਼ੁਰੂ ਕਰਨ ਲਈ ਭਾਰਤ 'ਚ 300 ਸਕੂਲਾਂ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਵਿੱਚ ਆਈ ਹਰ ਉਦਯੋਗਿਕ ਕ੍ਰਾਂਤੀ ਵੱਖ-ਵੱਖ ਸਮਿਆਂ 'ਤੇ ਲੋਕਾਂ ਦੀਆਂ ਉਮੀਦਾਂ ਤੋਂ ਪ੍ਰੇਰਿਤ ਹੁੰਦੀ ਹੈ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਹੁਣ ਜੋ ਚੌਥੀ ਉਦਯੋਗਿਕ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ, ਉਹ ਭਾਰਤ ਦੀਆਂ ਉਮੀਦਾਂ ਤੋਂ ਪ੍ਰੇਰਿਤ ਹੈ।