ਭਾਰਤ ਨੇ 52 ਸਾਲਾਂ ਬਾਅਦ ਆਸਟ੍ਰੇਲੀਆ ਖਿਲਾਫ ਓਲੰਪਿਕ ਜਿੱਤਿਆ, ਸਖਤ ਮੁਕਾਬਲੇ 'ਚ 3-2 ਨਾਲ ਹਰਾਇਆ

ਨਵੀਂ ਦਿੱਲੀ, 02 ਅਗਸਤ 2024 : ਭਾਰਤੀ ਹਾਕੀ ਟੀਮ ਨੇ ਆਸਟ੍ਰੇਲੀਆ ਨੂੰ ਹਰਾ ਕੇ ਇਤਿਹਾਸ ਰਚ ਦਿੱਤਾ। ਪੈਰਿਸ ਓਲੰਪਿਕ-2024 ਦੇ ਮੈਚ 'ਚ ਭਾਰਤ ਨੇ ਜ਼ਬਰਦਸਤ ਪ੍ਰਦਰਸ਼ਨ ਕਰਦੇ ਹੋਏ ਆਸਟ੍ਰੇਲੀਆਈ ਟੀਮ ਨੂੰ 3-2 ਨਾਲ ਹਰਾਇਆ। ਟੀਮ ਇੰਡੀਆ ਦੀ ਇਹ ਜਿੱਤ ਇਤਿਹਾਸਕ ਹੈ ਕਿਉਂਕਿ ਭਾਰਤ ਨੇ 1972 ਤੋਂ ਬਾਅਦ ਪਹਿਲੀ ਵਾਰ ਓਲੰਪਿਕ ਵਿੱਚ ਆਸਟਰੇਲੀਆ ਨੂੰ ਹਰਾਇਆ ਹੈ। ਇਸ ਤੋਂ ਪਹਿਲਾਂ ਭਾਰਤ ਨੇ ਪਹਿਲੇ ਮੈਚ ਵਿੱਚ ਨਿਊਜ਼ੀਲੈਂਡ ਨੂੰ 3-2 ਨਾਲ ਹਰਾਇਆ ਸੀ। ਫਿਰ ਅਰਜਨਟੀਨਾ ਨਾਲ 1-1 ਨਾਲ ਡਰਾਅ ਖੇਡਿਆ ਗਿਆ। ਟੀਮ ਇੰਡੀਆ ਨੇ ਆਇਰਲੈਂਡ ਖਿਲਾਫ 2-1 ਨਾਲ ਜਿੱਤ ਦਰਜ ਕੀਤੀ। ਪਰ ਭਾਰਤ ਨੂੰ ਬੈਲਜੀਅਮ ਹੱਥੋਂ 1-2 ਨਾਲ ਹਾਰ ਝੱਲਣੀ ਪਈ।  


ਮੁੱਖ ਮੰਤਰੀ ਮਾਨ ਨੇ ਭਾਰਤੀ ਹਾਕੀ ਟੀਮ ਨੂੰ  ਦਿੱਤੀ ਵਧਾਈ
ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਨੇ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਆਸਟਰੇਲੀਆਈ ਟੀਮ ਨੂੰ ਹਰਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਭਾਰਤ ਨੇ ਆਸਟਰੇਲੀਆ ਨੂੰ 3-2 ਨਾਲ ਪਛਾੜਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਪਤਾਨ ਹਰਮਨਪ੍ਰੀਤ ਸਿੰਘ ਨੇ ਇਸ ਅਹਿਮ ਮੈਚ ਵਿੱਚ ਦੋ ਗੋਲ ਕਰਕੇ ਟੀਮ ਲਈ ਜਿੱਤ ਯਕੀਨੀ ਬਣਾਈ ਹੈ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਇਤਿਹਾਸਕ ਜਿੱਤ ਦੇਸ਼ ਵਿੱਚ ਕੌਮੀ ਖੇਡ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਰਾਹ ਪੱਧਰਾ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਟੀਮ ਨੇ ਆਸਟ੍ਰੇਲੀਆ ਖਿਲਾਫ਼ ਇਸ ਸ਼ਾਨਦਾਰ ਜਿੱਤ ਨਾਲ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਭਾਰਤੀ ਟੀਮ ਨੂੰ ਨਾਕ ਆਊਟ ਮੈਚਾਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਭਾਰਤੀ ਟੀਮ ਦੇਸ਼ ਲਈ ਤਮਗਾ ਜ਼ਰੂਰ ਜਿੱਤੇਗੀ।