
ਨਵੀਂ ਦਿੱਲੀ, 3 ਮਈ, 2025 : ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਫੌਜ ਨੂੰ ਅੱਤਵਾਦੀਆਂ ਨੂੰ ਖ਼ਤਮ ਕਰਨ ਲਈ ਖੁੱਲ੍ਹੀ ਛੁੱਟੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਦੁਨੀਆ ਨੂੰ ਦੱਸਿਆ ਹੈ ਕਿ ਪਹਿਲਗਾਮ ਅੱਤਵਾਦੀ ਹਮਲਾ ਕਰਨ ਵਾਲੇ ਅੱਤਵਾਦੀਆਂ ਤੇ ਉਨ੍ਹਾਂ ਦੇ ਆਕਾਵਾਂ ਨੂੰ ਅਜਿਹੀ ਸਜ਼ਾ ਮਿਲੇਗੀ ਜਿਸ ਦੀ ਉਹ ਕਲਪਨਾ ਵੀ ਨਹੀਂ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦਿੱਲੀ ਦੇ ਹੈਦਰਾਬਾਦ ਹਾਊਸ 'ਚ ਅੰਗੋਲਾ ਦੇ ਰਾਸ਼ਟਰਪਤੀ ਜੋਆਓ ਮੈਨੁਅਲ ਗੋਂਕਾਲਵੇਸ ਲੋਰੇਂਕੋ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਵਿਚਕਾਰ ਇੱਕ ਦੁਵੱਲੀ ਮੀਟਿੰਗ ਵੀ ਹੋਈ। ਪੀਐਮ ਮੋਦੀ ਨੇ ਕਿਹਾ ਕਿ ਮੈਂ ਰਾਸ਼ਟਰਪਤੀ ਲੋਰੇਂਜ਼ੂ ਤੇ ਉਨ੍ਹਾਂ ਦੇ ਵਫ਼ਦ ਦਾ ਭਾਰਤ ਵਿੱਚ ਦਿਲੋਂ ਸਵਾਗਤ ਕਰਦਾ ਹਾਂ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਪਹਿਲਗਾਮ ਅੱਤਵਾਦੀ ਹਮਲੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਅੱਤਵਾਦੀਆਂ ਤੇ ਉਨ੍ਹਾਂ ਦੇ ਸਮਰਥਕਾਂ ਵਿਰੁੱਧ ਸਖ਼ਤ ਤੇ ਫੈਸਲਾਕੁੰਨ ਕਾਰਵਾਈ ਕਰਨ ਲਈ ਵਚਨਬੱਧ ਹਾਂ। ਅਸੀਂ ਸਰਹੱਦ ਪਾਰ ਅੱਤਵਾਦੀਆਂ ਵਿਰੁੱਧ ਸਾਡੀ ਲੜਾਈ ਵਿੱਚ ਅੰਗੋਲਾ ਦੇ ਸਮਰਥਨ ਲਈ ਧੰਨਵਾਦ ਕਰਦੇ ਹਾਂ।