ਪਿਥੌਰਾਗੜ੍ਹ, 22 ਜੂਨ : ਉੱਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਇੱਥੇ ਮੁਨਸਿਆਰੀ ਦੇ ਹੋਕਰਾ ਇਲਾਕੇ 'ਚ ਸ਼ਰਧਾਲੂਆਂ ਨਾਲ ਭਰੀ ਜੀਪ ਡੂੰਘੀ ਖੱਡ 'ਚ ਡਿੱਗ ਗਈ। ਇਸ ਭਿਆਨਕ ਸੜਕ ਹਾਦਸੇ 'ਚ ਹੁਣ ਤੱਕ 9 ਲੋਕਾਂ ਦੇ ਮਾਰੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ, ਜਦਕਿ ਦੋ ਲਾਪਤਾ ਹਨ। ਫਿਲਹਾਲ ਟੀਮ ਬਚਾਅ ਕਾਰਜ ਲਈ ਮੌਕੇ 'ਤੇ ਪਹੁੰਚ ਗਈ ਹੈ। ਗੱਡੀ ਕਰੀਬ 600 ਮੀਟਰ ਡੂੰਘੀ ਖੱਡ ਵਿੱਚ ਜਾ ਡਿੱਗੀ। ਪ੍ਰਾਪਤ ਜਾਣਕਾਰੀ ਅਨੁਸਾਰ ਸਾਰੇ ਸ਼ਰਧਾਲੂ ਬਾਗੇਸ਼ਵਰ ਦੇ ਸ਼ਾਮਾ ਤੋਂ ਹੋਕਰਾ ਮੰਦਰ ਦੇ ਦਰਸ਼ਨਾਂ ਲਈ ਆ ਰਹੇ ਸਨ। ਇਸ ਦੌਰਾਨ ਗੱਡੀ ਬੇਕਾਬੂ ਹੋ ਕੇ ਖਾਈ ਵਿੱਚ ਜਾ ਡਿੱਗੀ। ਜਿਸ ਤੋਂ ਬਾਅਦ ਮੌਕੇ 'ਤੇ ਪਿੰਡ ਵਾਸੀਆਂ ਦੀ ਭੀੜ ਇਕੱਠੀ ਹੋ ਗਈ ਅਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਪਿਥੌਰਾਗੜ੍ਹ ਡਿਜ਼ਾਸਟਰ ਕੰਟਰੋਲ ਰੂਮ ਦੇ ਅਨੁਸਾਰ ਪੁਲਿਸ ਥਾਣਾ ਨਾਚਨੀ ਵੱਲੋਂ ਸੂਚਿਤ ਕੀਤਾ ਗਿਆ ਕਿ ਮਸੂਰੀ-ਹੋਕਰਾ ਮੋਟਰਵੇਅ 'ਤੇ ਸਪਲਾਈ ਗੋਦਾਮ ਨੇੜੇ ਇੱਕ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਦਾ ਸ਼ਿਕਾਰ ਹੋਏ ਲੋਕ ਬਾਗੇਸ਼ਵਰ ਤਹਿਸੀਲ ਦੇ ਕਪਕੋਟ, ਸ਼ਾਮਾ ਅਤੇ ਭਨਾਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਦੀਆਂ ਟੀਮਾਂ ਘਟਨਾ ਸਥਾਨ ਲਈ ਰਵਾਨਾ ਹੋ ਗਈਆਂ ਹਨ।