ਉੱਤਰ ਪ੍ਰਦੇਸ਼ : ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਅਸ਼ੀਸ਼ ਮਿਸ਼ਰਾ ਸਮੇਤ 14 ਜਣਿਆਂ ‘ਤੇ ਦੋਸ਼ ਤੈਅ ਕੀਤੇ ਗਏ ਹਨ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਸਾਰਿਆਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਇਸ ਮਾਮਲੇ ‘ਚ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਸਮੇਤ ਸਾਰੇ 14 ਦੋਸ਼ੀਆਂ ਦੀ ਡਿਸਚਾਰਜ ਪਟੀਸ਼ਨ ਸੋਮਵਾਰ ਨੂੰ ਖਾਰਜ ਕਰ ਦਿੱਤੀ ਸੀ । ਇਸ ਤੋਂ ਇਲਾਵਾ ਅੱਜ ਯਾਨੀ 6 ਦਸੰਬਰ ਨੂੰ ਦੋਸ਼ ਤੈਅ ਕਰਨ ਦਾ ਦਿਨ ਮਿੱਥਿਆ ਗਿਆ ਸੀ। ਇਸ ਦੌਰਾਨ ਜ਼ਿਲ੍ਹਾ ਸਰਕਾਰੀ ਵਕੀਲ (ਅਪਰਾਧਿਕ) ਅਰਵਿੰਦ ਤ੍ਰਿਪਾਠੀ ਨੇ ਦੱਸਿਆ ਕਿ ਵਧੀਕ ਜ਼ਿਲ੍ਹਾ ਜੱਜ ਸੁਨੀਲ ਕੁਮਾਰ ਵਰਮਾ ਦੀ ਅਦਾਲਤ ਨੇ ਸੁਣਵਾਈ ਦੀ ਅਗਲੀ ਤਾਰੀਖ਼ 16 ਦਸੰਬਰ ਤੈਅ ਕੀਤੀ ਹੈ। ਤ੍ਰਿਪਾਠੀ ਨੇ ਦੱਸਿਆ ਕਿ ਜਿਨ੍ਹਾਂ ‘ਤੇ ਦੋਸ਼ ਆਇਦ ਕੀਤੇ ਗਏ ਹਨ, ਉਨ੍ਹਾਂ ‘ਚ ਅਸ਼ੀਸ਼ ਮਿਸ਼ਰਾ, ਅੰਕਿਤ ਦਾਸ, ਨੰਦਨ ਸਿੰਘ ਬਿਸ਼ਟ, ਲਤੀਫ ਕਾਲੇ, ਸਤਿਅਮ ਉਰਫ ਸਤਿਆ ਪ੍ਰਕਾਸ਼ ਤ੍ਰਿਪਾਠੀ, ਸ਼ੇਖਰ ਭਾਰਤੀ, ਸੁਮਿਤ ਜੈਸਵਾਲ, ਆਸ਼ੀਸ਼ ਪਾਂਡੇ, ਲਵਕੁਸ਼ ਰਾਣਾ, ਸ਼ਿਸ਼ੂਪਾਲ, ਉਲਾਸ ਕੁਮਾਰ ਉਰਫ ਮੋਹਿਤ, ਤ੍ਰਿਵੇਦੀ, ਰਿੰਕੂ ਰਾਣਾ, ਵਰਿੰਦਰ ਸ਼ੁਕਲਾ ਅਤੇ ਧਰਮਿੰਦਰ ਬੰਜਾਰਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਵਰਿੰਦਰ ਸ਼ੁਕਲਾ ਵਿਰੁੱਧ ਭਾਰਤੀ ਪੈਨਲ ਕੋਡ ਐਕਟ 201 ਤਹਿਤ ਦੋਸ਼ ਆਇਦ ਕੀਤੇ ਗਏ ਹਨ। ਬਾਕੀਆਂ ‘ਤੇ ਭਾਰਤੀ ਪੈਨਲ ਕੋਡ ਦੀ ਧਾਰਾ 147, 148, 149, 302, 307, 326, 427 ਅਤੇ 120 (ਬੀ) ਅਤੇ ਮੋਟਰ ਵਹੀਕਲ ਐਕਟ ਦੀ ਧਾਰਾ 177 ਦੇ ਤਹਿਤ ਦੋਸ਼ ਲਗਾਏ ਗਏ ਸਨ। ਤ੍ਰਿਪਾਠੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਆਸ਼ੀਸ਼ ਮਿਸ਼ਰਾ, ਅੰਕਿਤ ਦਾਸ, ਨੰਦਨ ਸਿੰਘ ਬਿਸ਼ਟ, ਸੱਤਿਆ ਪ੍ਰਕਾਸ਼ ਤ੍ਰਿਪਾਠੀ, ਲਤੀਫ ਕਾਲੇ ਅਤੇ ਸੁਮਿਤ ਜੈਸਵਾਲ ‘ਤੇ ਵੀ ਆਰਮਜ਼ ਐਕਟ ਤਹਿਤ ਦੋਸ਼ ਆਇਦ ਕੀਤੇ ਗਏ ਹਨ ਅਤੇ ਮੈਨੂੰ ਸਬੂਤ ਪੇਸ਼ ਕਰਨ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ 3 ਅਕਤੂਬਰ 2021 ਨੂੰ ਤਿਕੋਨੀਆ ਪਿੰਡ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਚਾਰ ਕਿਸਾਨਾਂ ਸਮੇਤ 8 ਜਣਿਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੀਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਹੈ।