ਪਟਿਆਲਾ : ਆਲ ਇੰਡੀਆ ਜਾਟ ਮਹਾਂਸਭਾ ਦੀ ਮਹਿਲਾ ਪ੍ਰਧਾਨ ਤੇ ਭਾਜਪਾ ਆਗੂ ਜੈ ਇੰਦਰ ਕੌਰ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਪ੍ਰਦਰਸ਼ਨ ਕਰ ਰਹੇ ਹੋਰ ਕਿਸਾਨਾਂ ਦੀ ਹਮਾਇਤ ਵਿੱਚ ਅੱਗੇ ਆਏ ਜੋ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਵਾਅਦਾ ਖਿਲਾਫ਼ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ ਬੀ.ਕੇ.ਯੂ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਕਿਸਾਨ ਪਿਛਲੇ 8-9 ਦਿਨਾਂ ਤੋਂ ਪੰਜਾਬ ਵਿਚ ਵੱਖ-ਵੱਖ ਥਾਵਾਂ 'ਤੇ ਧਰਨੇ 'ਤੇ ਬੈਠੇ ਹਨ। ਉਹ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ ਜੋਕਿ ਪਹਿਲਾਂ ਉਨ੍ਹਾਂ ਨਾਲ ਸੂਬਾ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਪਰ ਹੁਣ ਆਪਣੇ ਸਾਰੇ ਵਾਅਦਿਆਂ ਤੋਂ ਪਿੱਛੇ ਹਟ ਗਈ ਹੈ। ਉਨ੍ਹਾਂ ਨੇ ਕਿਹਾ ਉਹ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਪੂਰੀ ਹਮਾਇਤ ਵਿੱਚ ਖੜ੍ਹੇ ਹਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਆਪਣੇ ਹਵਾਈ ਘੋੜੇ ਤੋਂ ਉਤਰਨ ਅਤੇ ਕਿਸਾਨਾਂ ਨਾਲ ਕੀਤੇ ਆਪਣੇ ਵਾਅਦੇ ਪੂਰੇ ਕਰਨ। ਭਗਵੰਤ ਮਾਨ ਦੀ ਨਿਖੇਧੀ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, 'ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੀ ਪਿੱਠ 'ਚ ਵਾਰ-ਵਾਰ ਛੁਰਾ ਮਾਰਿਆ ਹੈ। ਪਹਿਲਾਂ ਉਨ੍ਹਾਂ ਨੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ ਪਰ ਬਾਅਦ 'ਚ ਪੂਰੀ ਤਰ੍ਹਾਂ ਇਨਕਾਰ ਕਰ ਦਿੱਤਾ। ਸੂਬਾ ਸਰਕਾਰ ਦੀ ਅਣਗਹਿਲੀ ਕਾਰਨ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਪਰਚੇ ਦਰਜ ਅਤੇ ਉਨ੍ਹਾਂ ਨੂੰ ਰੈੱਡ ਮਾਰਕ ਕਰਨਾ ਸ਼ੁਰੂ ਕਰ ਦਿੱਤਾ ਹੈ। ਭਗਵੰਤ ਮਾਨ ਦੀ ਸਰਕਾਰ ਪਰਾਲੀ ਸਾੜਨ ਦਾ ਕੋਈ ਬਦਲ ਦੇਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਤੇ ਹੁਣ ਜ਼ਿੰਮੇਵਾਰੀ ਲੈਣ ਦੀ ਬਜਾਏ ਇਸ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਨੇ ਅੱਗੇ ਕਿਹਾ ਮੌਜੂਦਾ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋਈ ਹੈ ਅਤੇ ਸਪੱਸ਼ਟ ਤੌਰ 'ਤੇ ਪੰਜਾਬ ਵਿੱਚ ਸਰਕਾਰ ਸੰਭਾਲਣ ਦੀ ਬਜਾਏ ਗੁਜਰਾਤ ਚੋਣਾਂ 'ਤੇ ਜ਼ਿਆਦਾ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਈ।