ਚੰਡੀਗੜ੍ਹ, 2 ਜਨਵਰੀ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਜ਼ਿੰਦਾ ਬੰਬ ਮਿਲਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ਜਿਹੜੇ ਲੋਕ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਜ਼ਿੰਦਾ ਬੰਬ ਲਾਉਣ ਦੀ ਹਿੰਮਤ ਕਰ ਸਕਦੇ ਹਨ, ਉਹ ਕਿਤੇ ਵੀ ਅਜਿਹਾ ਕਰ ਸਕਦੇ ਹਨ। ਉਨ੍ਹਾਂ ਆਸ ਪ੍ਰਗਟਾਈ ਹੈ ਕਿ ਮਾਮਲੇ ਦੀ ਗੰਭੀਰਤਾ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਪੜਤਾਲ ਨੂੰ ਕਿਸੇ ਠੋਸ ਨਤੀਜੇ 'ਤੇ ਪਹੁੰਚਾਇਆ ਜਾਵੇਗਾ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਭਾਵੇਂ ਇਹ ਇਲਾਕਾ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਦਾਇਰੇ ਵਿੱਚ ਆਉਂਦਾ ਹੈ, ਪਰ ਜਿਸ ਢੰਗ ਨਾਲ ਬੰਬ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅਤੇ ਹੈਲੀਪੈਡ ਨੇੜੇ ਰੱਖਿਆ ਗਿਆ ਤੇ ਇਸਦੇ ਕੋਲ ਸਿਵਲ ਸਕੱਤਰੇਤ ਵੀ ਹੈ, ਮਾਮਲੇ ਨੂੰ ਹਲਕੇ ਵਿੱਚ ਨਹੀਂ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਸੁਰੱਖਿਆ ਨੂੰ ਹੋਰ ਸਖ਼ਤ ਕੀਤਾ ਜਾਵੇਗਾ ਅਤੇ ਕਿਸੇ ਵੀ ਗਲਤ ਅਨਸਰ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਅਜਿਹੀਆਂ ਤਾਕਤਾਂ ਵਿਰੁੱਧ ਆਪਣੀ ਪਾਰਟੀ ਵੱਲੋਂ ਸਰਕਾਰ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ, ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਅੱਤਵਾਦ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ 'ਤੇ ਵਿਸ਼ਵਾਸ ਕੀਤਾ ਹੈ ਅਤੇ ਇਸ 'ਤੇ ਕੰਮ ਕੀਤਾ ਹੈ। ਅਸੀਂ ਸਥਿਤੀ ਨੂੰ ਵਿਗੜਨ ਨਹੀਂ ਦੇ ਸਕਦੇ ਅਤੇ ਸਾਰੇ ਮਿਲ ਕੇ ਲੜਾਂਗੇ।