ਕੇਂਦਰ ਵੱਲੋਂ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਕੀਤਾ ਵਾਧਾ ਕਿਸਾਨਾਂ ਨਾਲ ਮਜਾਕ - ਸ਼੍ਰੋਮਣੀ ਅਕਾਲੀ ਦਲ !!

ਕੇਂਦਰ ਦੀ ਐੱਨਡੀਏ ਸਰਕਾਰ ਵੱਲੋਂ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਦੇ 72 ਰੁਪਏ ਦੇ ਮਾਮੂਲੀ ਵਾਧੇ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਕਿਸਾਨਾਂ ਨਾਲ ਕੋਝਾ ਮਜਾਕ ਅਤੇ ਵਿਤਕਰੇਬਾਜੀ ਕਰਾਰ ਦਿੰਦਿਆਂ ਕਿਹਾ ਕਿ ਐੱਨਡੀਏ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਅਨੁਸਾਰ ਸਾਲ 2022 ਵਿੱਚ ਕਿਸਾਨਾਂ ਦੀ ਖੇਤੀ ਤੋਂ ਆਮਦਨ ਨੂੰ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ, ਪਰ ਕੇਂਦਰ ਨੇ ਨਾਂਹ ਪੱਖੀ ਰਵਈਆ ਅਪਣਾ ਕੇ ਕਿਸਾਨਾਂ ਦੀ ਆਰਥਿਕਤਾ ਨੂੰ ਹੋਰ ਵੀ ਪਿੱਛੇ ਧਕੇਲ ਦਿੱਤਾ ਹੈ । ਸ਼੍ਰੋਮਣੀ ਅਕਾਲੀ ਦਲ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਵੱਲੋਂ ਜਾਰੀ ਕੀਤੇ ਕਾਲੇ ਕਾਨੂੰਨਾਂ ਕਾਰਨ ਦੇਸ਼ ਦਾ ਕਿਸਾਨ ਪਹਿਲਾਂ ਹੀ ਆਪਣੇ ਆਪ ਨੂੰ ਸੰਕਟ ਵਿੱਚ ਫਸਿਆ ਮਹਿਸੂਸ ਕਰ ਰਿਹਾ ਹੈ । ਪਾਰਟੀ ਨੇ ਕੇਂਦਰ ਤੋਂ ਮੰਗ ਕੀਤੀ ਹੈ ਕਿ ਖੇਤੀ ਸੈਕਟਰ ਅਤੇ ਕਿਸਾਨਾਂ ਨੂੰ ਰਾਹਤ ਦੇਣ ਲਈ ਝੋਨੇ ਦਾ ਲਾਹੇਵੰਦ ਸਮਰਥਨ ਮੁੱਲ ਦਿੱਤਾ ਜਾਵੇ ਅਤੇ ਮਹਿੰਗਾਈ ਦੇ ਮੌਜੂਦਾ ਦੌਰ ਵਿੱਚ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨੂੰ ਉਹਨਾਂ ਦੀ ਫਸਲ ਦਾ ਵਾਜਬ ਮੁੱਲ ਦੇਵੇ ।