ਬਠਿੰਡਾ ਵਿੱਚ ਹੋਣ ਵਾਲੇ ਡੇਰਾ ਮੁਖੀ ਦੇ ਸਮਾਗਮ ਤੇ ਰੋਕ ਲਗਾਏ ਪੰਜਾਬ ਸਰਕਾਰ : ਢੀਂਡਸਾ

  • - ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ
  • - ਰਾਮ ਰਹੀਮ ਨੂੰ ਬਾਰ - ਬਾਰ ਪੈਰੋਲ ਦੇ ਕੇ ਸਿੱਖਾਂ ਦੇ ਜਖਮਾਂ ਤੇ ਨਮਕ ਛਿੜਕ ਰਹੀ ਹੈ ਸਰਕਾਰ

ਚੰਡੀਗੜ੍ਹ 28 ਜਨਵਰੀ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਇਕ ਬਾਰ ਫਿਰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਹਰਿਆਣਾ ਦੀ ਮਨੋਹਰ ਲਾਲ ਖੱਟਰ ਦੀ ਸਰਕਾਰ ਨੂੰ ਗੁਰਮੀਤ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਨ ਅਤੇ ਪੰਜਾਬ ਸਰਕਾਰ ਨੂੰ ਡੇਰਾ ਮੁਖੀ ਦੇ ਬਠਿੰਡਾ ਵਿਖੇ ਡੇਰੇ ਵਿਚ ਵਰਚੁਅਲ ਤਰੀਕੇ ਨਾਲ ਹੋਣ ਜਾ ਰਹੇ ਸਮਾਗਮ ਤੇ ਵੀ ਰੋਕ ਲਗਾਉਣ ਦੀ ਮੰਗ ਕੀਤੀ ਹੈ। ਢੀਂਡਸਾ ਨੇ ਕਿਹਾ ਇਕ ਪਾਸੇ ਜੇਲ੍ਹਾਂ ਵਿੱਚ ਸਜਾਵਾਂ ਪੂਰਿਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਕੌਮ ਪਿਛਲੇ ਲੰਮੇ ਸਮੇਂ ਤੋ ਸੰਘਰਸ਼ ਕਰ ਰਹੀ ਹੈ ਅਤੇ ਦੂਜੇ ਪਾਸੇ ਕਤਲ ਅਤੇ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਬਾਰ - ਬਾਰ ਪੈਰੋਲ ਦੇ ਕੇ ਹਰਿਆਣਾ ਸਰਕਾਰ ਸਿੱਖਾਂ ਦੇ ਜਖਮਾਂ ਤੇ ਨਮਕ ਛਿੜਕ ਰਹੀ ਹੈ। ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਢੀਂਡਸਾ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਵਿਚ ਅਜਿਹੀ ਕੀ ਖਾਸੀਅਤ ਹੈ ਕਿ ਉਸ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਬਾਰ-ਬਾਰ ਛੱਡਿਆ ਜਾ ਰਿਹਾ ਹੈ ਜਦ ਕਿ ਜ਼ੇਲ੍ਹਾ ਵਿੱਚ ਸਜ਼ਾਵਾਂ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਇਨਸਾਫ਼ ਨਹੀਂ ਦਿੱਤਾ ਜਾ ਰਿਹਾ ਹੈ। ਢੀਂਡਸਾ ਨੇ ਕਿਹਾ ਕਿ ਹਰਿਆਣਾ ਸਰਕਾਰ ਦੇ ਇਸ ਸਿੱਖ ਵਿਰੋਧੀ ਫੈਸਲੇ ਨਾਲ ਪੰਜਾਬੀਆਂ ਅਤੇ ਖਾਸ ਤੌਰ ਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਉਹਨਾਂ ਨੇ ਕਿਹਾ ਕਿ ਜੇਕਰ ਗੁਰਮੀਤ ਰਾਮ ਰਹੀਮ ਇਕ ਸਾਲ ਵਿੱਚ 4 ਵਾਰ ਬਾਹਰ ਆ ਸਕਦਾ ਹੈ ਤਾਂ ਫਿਰ ਬੰਦੀ ਸਿੰਘਾਂ ਦੀ ਰਿਹਾਈ ਕਿਉ ਨਹੀ ਹੋ ਸਕਦੀ। ਢੀਂਡਸਾ ਨੇ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਕੇ ਉਸਨੂੰ ਸ਼ਲਾਖਾ ਪਿੱਛੇ ਭੇਜਿਆ ਜਾਵੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇ।