ਫਗਵਾੜਾ ਤੋਂ ਹੁਸ਼ਿਆਰਪੁਰ ਸੜਕ 'ਤੇ ਵਾਪਰਿਆ ਹਾਦਸਾ, ਦੋ ਨੌਜਵਾਨਾਂ ਦੀ ਮੌਤ 

ਫਗਵਾੜਾ, 28 ਜਨਵਰੀ : ਅੱਜ ਸਵੇਰੇ ਫਗਵਾੜਾ ਤੋਂ ਹੁਸ਼ਿਆਰਪੁਰ ਨੂੰ ਜਾਣ ਵਾਲੀ ਸੜਕ 'ਤੇ ਹਾਦਸਾ ਵਾਪਰਿਆ। ਹੁਸ਼ਿਆਰਪੁਰ ਤੋਂ ਫਗਵਾੜਾ ਆ ਰਹੀ ਇੱਕ ਕਾਰ ਬੇਕਾਬੂ ਹੋ ਕੇ ਪੈਟਰੋਲ ਪੰਪ ਨੇੜੇ ਦਰੱਖਤ ਨਾਲ ਜਾ ਟਕਰਾਈ। ਹਾਦਸੇ 'ਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਕਾਰ ਵਿੱਚ ਸਵਾਰ ਦੋ ਹੋਰ ਨੌਜਵਾਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਮਾਰੇ ਗਏ ਨੌਜਵਾਨ ਦੀ ਪਛਾਣ ਧਰਮਿੰਦਰ ਵਾਸੀ ਪੱਤੀ ਰਾਮਦਾਸੀਆਂ (ਬੱਲੋ) ਬਠਿੰਡਾ ਵਜੋਂ ਹੋਈ ਹੈ। ਜਦਕਿ ਇੱਕ ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਜ਼ਖ਼ਮੀਆਂ ਦੀ ਪਛਾਣ ਗਗਨ ਅਤੇ ਗੁਰਸੇਵਕ ਵਜੋਂ ਹੋਈ ਹੈ। ਹੁਸ਼ਿਆਰਪੁਰ ਰੋਡ 'ਤੇ ਹਾਦਸੇ ਦਾ ਸ਼ਿਕਾਰ ਹੋਈ ਕਾਰ 'ਚ ਸਵਾਰ ਚਾਰੇ ਨੌਜਵਾਨ ਪੇਸ਼ੇਵਰ ਫੋਟੋਗ੍ਰਾਫੀ ਦਾ ਕੰਮ ਕਰਦੇ ਸਨ। ਪਤਾ ਲੱਗਾ ਹੈ ਕਿ ਚਾਰੋਂ ਕਿਸੇ ਸਮਾਗਮ ਤੋਂ ਵਾਪਸ ਆ ਰਹੇ ਸਨ। ਕਾਰ ਚਲਾਉਂਦੇ ਸਮੇਂ ਅਚਾਨਕ ਕਾਰ ਚਲਾ ਰਹੇ ਨੌਜਵਾਨ ਦੀ ਅੱਖ ਲੱਗ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਚਸ਼ਮਦੀਦਾਂ ਨੇ ਦੱਸਿਆ ਕਿ ਕਾਰ ਬਹੁਤ ਤੇਜ਼ ਸੀ ਅਤੇ ਤੇਜ਼ ਰਫਤਾਰ ਨਾਲ ਦਰਖਤ ਨਾਲ ਜਾ ਟਕਰਾਈ।