ਚੰਡੀਗੜ੍ਹ : ਸੰਗਰੂਰ ਤੋਂ ਸੰਸਦ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਅੱਜ ਯੂਕਰੇਨ ਵਿੱਚ ਫਸੇ ਪੰਜਾਬੀਆਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਲਈ ਇੱਕ ਵਟਸਐੱਪ ਨੰਬਰ 9877847778 ਜਾਰੀ ਕੀਤਾ ਹੈ ਜਿਸ ਨਾਲ ਲੋਕ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ। ਭਗਵੰਤ ਮਾਨ ਨੇ ਉਹਨਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ- ਵੱਖ ਜ਼ਿਲਿਆਂ ਤੋਂ ਵਿਦਿਆਰਥੀ ਯੂਕਰੇਨ ਵਿੱਚ ਪੜ ਰਹੇ ਹਨ ਅਤੇ ਉਨਾਂ ਦੇ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਿਤ ਹਨ।
ਰੂਸ ਵੱਲੋਂ ਯੂਕਰੇਨ 'ਤੇ ਹਮਲੇ ਵਿੱਚ 18,000 ਤੋਂ ਵੀ ਵੱਧ ਭਾਰਤੀ ਲੋਕ ਫਸੇ ਹੋਏ ਹਨ ਜਿਹਨਾਂ ਵਿੱਚੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਨ। ਭਗਵੰਤ ਮਾਨ ਨੇ ਪਹਿਲਾ ਵੀ ਮੋਦੀ ਸਰਕਾਰ ਕੋਲੋਂ ਮੰਗ ਕੀਤੀ ਸੀ ਕਿ ਉਹ ਯੂਕਰੇਨ ਵਿੱਚ ਫਸੇ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਸੁਰੱਖਿਅਤ ਵਾਪਿਸ ਲਿਆਉਣ। ਭਗਵੰਤ ਮਾਨ ਨੇ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਦਾ ਰਵਈਆ ਨਿਰਾਸ਼ ਕਰਨ ਵਾਲਾ ਹੈ, ਪਹਿਲਾਂ ਮਾਪਿਆਂ ਵੱਲੋਂ ਅੰਬੈਸੀ ਦਾ ਸਹਿਯੋਗ ਨਾ ਮਿਲਣ ਦੀਆਂ ਸ਼ਿਕਾਇਤਾਂ ਅਤੇ ਫਿਰ ਪ੍ਰਾਈਵੇਟ ਏਅਰਲਾਈਨਜ਼ ਵੱਲੋਂ ਏਅਰ ਟਿਕਟਾਂ ਦੇ ਤਿੰਨ-ਗੁਣਾਂ ਕਿਰਾਏ ਕਾਰਨ ਅੱਜ ਐਨੀ ਵੱਡੀ ਗਿਣਤੀ ਵਿੱਚ ਭਾਰਤੀ ਉੱਥੇ ਫਸੇ ਹੋਏ ਹਨ।