ਗੁਰਦਾਸਪੁਰ, 18 ਜਨਵਰੀ : ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪਾਕਿਸਤਾਨ ਤੋਂ ਆਏ ਡਰੋਨ ਨੂੰ ਫਾਇਰਿੰਗ ਕਰਕੇ ਵਾਪਸ ਖਦੇੜਨ ‘ਚ ਸਫਲਤਾ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਤਲਾਸ਼ੀ ਦੌਰਾਨ ਡਰੋਨ ਰਾਹੀਂ ਸੁੱਟੇ ਗਏ ਹਥਿਆਰਾਂ ਨੂੰ ਵੀ ਜ਼ਬਤ ਕਰ ਲਿਆ ਹੈ।ਬੀਐਸਐਫ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਜਵਾਨ ਗੁਰਦਾਸਪੁਰ ਸੈਕਟਰ ਵਿੱਚ ਪੈਂਦੇ ਪਿੰਡ ਉੱਚਾ ਟਕਾਲਾ ਵਿੱਚ ਗਸ਼ਤ ’ਤੇ ਸਨ। ਇਸ ਦੌਰਾਨ ਜਵਾਨਾਂ ਨੇ ਰਾਤ ਨੂੰ ਡਰੋਨ ਦੀ ਆਵਾਜ਼ ਸੁਣੀ। ਜਵਾਨਾਂ ਨੇ ਆਵਾਜ਼ ਸੁਣ ਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਦੇਰ ਬਾਅਦ ਕੁੱਝ ਡਿੱਗਣ ਦੀ ਆਵਾਜ਼ ਸੁਣਾਈ ਦਿੱਤੀ ਅਤੇ ਡਰੋਨ ਪਾਕਿਸਤਾਨ ਵੱਲ ਚਲਾ ਗਿਆ। ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।ਬੀਐਸਐਫ ਦੇ ਜਵਾਨਾਂ ਨੇ ਜਦੋਂ ਤਲਾਸ਼ੀ ਸ਼ੁਰੂ ਕੀਤੀ ਤਾਂ ਉੱਚਾ ਟਕਾਲਾ ਦੇ ਖੇਤਾਂ ਵਿੱਚ ਇਕ ਪੈਕਟ ਪਿਆ ਮਿਲਿਆ। ਜਦੋਂ ਪੈਕੇਟ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚੋਂ ਚੀਨ ਦੇ ਬਣੇ 4 ਪਿਸਤੌਲ, 8 ਮੈਗਜ਼ੀਨ ਅਤੇ 47 ਰੌਂਦ ਬਰਾਮਦ ਹੋਏ। ਹਥਿਆਰ ਜ਼ਬਤ ਕਰ ਲਏ ਗਏ ਹਨ ਅਤੇ ਇਲਾਕੇ ਦੀ ਬਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ।