ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ਵਿੱਚ ਗ੍ਰਿਫਤਾਰੀ ਤੇ ਮੁੱਖ ਮੰਤਰੀ ਮਾਨ ਨੇ ਲਾਈ ਮੋਹਰ

ਚੰਡੀਗੜ੍ਹ : ਮੀਡੀਆ ਵਿੱਚ ਗੋਲਡੀ ਬਰਾੜ ਦੀ ਗ੍ਰਿਫਤਾਰੀ ਬਾਰੇ ਰੌਲੇ ਮਗਰੋਂ ਗੁਜਰਾਤ ਦੌਰੇ ਉੱਪਰ ਗਏ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕੀਤੀ ਅਤੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁੱਖ ਮੰਤਰੀ ਮਾਨ ਨੇ ਇਹ ਵੀ ਕਿਹਾ ਕਿ ਅਸੀਂ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਸੀ। ਇਸ ਸਮੇਂ ਗੋਲਡੀ ਬਰਾੜ ਅਮਰੀਕੀ ਪੁਲਿਸ ਦੀ ਹਿਰਾਸਤ ਵਿੱਚ ਹੈ। ਉਸ ਨੂੰ ਜਲਦ ਹੀ ਭਾਰਤ ਲਿਆਂਦਾ ਜਾਏਗਾ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਮਿਲੇਗਾ। ਗੈਂਗਸਟਰ ਗੋਲਡੀ ਬਰਾੜ ਖਿਲਾਫ ਅਮਰੀਕਾ ਵਿੱਚ ਹੋਏ ਐਕਸ਼ਨ ਉੱਪਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਖਾਸ ਪ੍ਰਤੀਕਰਮ ਸਾਹਮਣੇ ਆਇਆ ਹੈ। ਸਿੱਧੂ ਦੇ ਪਿਤਾ ਨੇ ਕਿਹਾ ਕਿ ਗੋਲਡੀ ਬਰਾੜ ਬਾਰੇ ਜਾਣਕਾਰੀ ਮੀਡੀਆ ਵਿੱਚ ਆਈ ਹੈ ਪਰ ਹੁਣ ਤੱਕ ਸਰਕਾਰ ਦੇ ਕਿਸੇ ਵੀ ਵਿਅਕਤੀ ਨੇ ਮੈਨੂੰ ਕੋਈ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਮੈਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਇਸਤੋਂ ਮਗਰੋਂ ਹੀ ਸੀਐਮ ਭਗਵੰਤ ਮਾਨ ਦਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਕਿ ਵਾਹਿਗੁਰੂ ਮਿਹਰ ਕਰੇ ਤੇ ਇਹ ਖਬਰ ਸੱਚੀ ਹੋਵੇ। ਇਸ ਨਾਲ ਮਨ ਨੂੰ ਕੁਝ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਕੋਈ ਪੁੱਛਗਿੱਛ ਨਹੀਂ ਕੀਤੀ ਅਤੇ ਕਿਹਾ ਕਿ ਮੈਂ ਬੇਨਤੀ ਕਰਦਾ ਹਾਂ ਕਿ ਉਨ੍ਹਾਂ ਤੋਂ ਦੁਬਾਰਾ ਪੁੱਛਗਿੱਛ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦਾ ਨਾਰਕੋ ਟੈਸਟ ਕਰਵਾਇਆ ਜਾਵੇ ਤਾਂ ਹੀ ਸੱਚਾਈ ਸਾਹਮਣੇ ਆਵੇਗੀ।