ਜਿਮਨੀ ਚੋਣ ਲਈ ਅਕਾਲੀ ਦਲ (ਬਾਦਲ) ਨੇ ਡਾ. ਸੁਖਵਿੰਦਰ ਸੁੱਖੀ ਅਤੇ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗੁਰਜੰਟ ਕੱਟੂ ਨੂੰ ਉਤਾਰਿਆ ਚੋਣ ਮੈਦਾਨ 'ਚ

ਜਲੰਧਰ, 11 ਅਪ੍ਰੈਲ : ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦੇ ਨਤੀਜੇ ਐਲਾਨੇ ਜਾਣਗੇ। ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਵਿਧਾਨ ਸਭਾ ਬੰਗਾਂ ਤੋਂ ਮੌਜ਼ੂਦਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਜ਼‍ਿਮਨੀ ਚੋਣ ਲਈ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਸ ਸਬੰਧੀ ਐਲਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸਾਂਝੇ ਤੌਰ ਤੇ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੇ ਡਾ. ਸੁਖਵਿੰਦਰ ਸੁੱਖੀ  ਬੰਗਾ ਤੋਂ ਵਿਧਾਇਕ ਹਨ ਤੇ ਉਹ ਬਸਪਾ ਤੋਂ ਹੀ ਅਕਾਲੀ ਦਲ 'ਚ ਸ਼ਾਮਲ ਹੋਏ ਹਨ। ਇਸ ਕਰਕੇ ਬਸਪਾ 'ਚ ਵੀ ਉਨ੍ਹਾਂ ਦਾ ਚੰਗਾ ਆਧਾਰ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸੁੱਖੀ ਨੂੰ ਉਮੀਦਵਾਰ ਐਲਾਨਣ 'ਤੇ ਜਲੰਧਰ ਲੋਕ ਸਭਾ ਹਲਕੇ ਦੇ ਨਾਰਾਜ਼ ਕੈਡਰ ਇਨ੍ਹਾਂ ਦਾ ਖੁੱਲ੍ਹੀਆਂ ਬਾਹਾਂ ਨਾਲ ਸਵਾਗਤ ਵੀ ਕਰ ਸਕਦੇ ਹਨ। ਉਮੀਦਵਾਰ ਐਲਾਨੇ ਜਾਣ ਮਗਰੋਂ ਡਾ. ਸੁਖਵਿੰਦਰ ਸੁੱਖੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕੀਤੀ, “ਮੈਨੂੰ ਲੋਕ ਸਭਾ ਹਲਕਾ ਜਲੰਧਰ ਦੇ ਉਮੀਦਵਾਰ ਵਜੋਂ ਗਠਜੋੜ ਦੀ ਵਿਚਾਰਧਾਰਾ ਨੂੰ ਅੱਗੇ ਵਧਾਉਣ ਲਈ ਮੇਰੇ 'ਤੇ ਭਰੋਸਾ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਉੱਚ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ। ਮੈਂ ਪ੍ਰਮਾਤਮਾ ਅਤੇ ਜਲੰਧਰ ਦੇ ਲੋਕਾਂ ਅੱਗੇ ਬੇਨਤੀ ਕਰਦਾ ਹਾਂ ਕਿ ਉਹ ਮੈਨੂੰ ਜਲੰਧਰ ਲੋਕ ਸਭਾ ਦੀਆਂ ਲੋੜਾਂ ਅਤੇ ਇੱਛਾਵਾਂ ਦੀ ਪ੍ਰਤੀਨਿਧਤਾ ਕਰਨ ਦੀ ਤਾਕਤ ਬਖਸ਼ਣ”।  

ਜਲੰਧਰ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਗੁਰਜੰਟ ਸਿੰਘ ਕੱਟੂ ਨੂੰ ਆਪਣਾ ਉਮੀਦਵਾਰ ਐਲਾਨਿਆ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਗੁਰਜੰਟ ਸਿੰਘ ਕੱਟੂ ਨੂੰ ਜਲੰਧਰ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ ਹੈ । ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦੇ ਨਤੀਜੇ ਐਲਾਨੇ ਜਾਣਗੇ। ਕਾਂਗਰਸ ਵੱਲੋਂ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਇਥੋਂ ਉਮੀਦਵਾਰ ਐਲਾਨਿਆ ਗਿਆ ਹੈ। ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ, ਜਦਕਿ ਅਕਾਲੀ ਦਲ-ਬਸਪਾ ਗਠਜੋੜ ਨੇ ਡਾ. ਸੁਖਵਿੰਦਰ ਸੁੱਖੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਭਾਜਪਾ ਵੱਲੋਂ ਅਜੇ ਤੱਕ ਆਪਣੇ ਪੱਤੇ ਨਹੀਂ ਖੋਲ੍ਹੇ ਗਏ ਹਨ।