ਕਿਸਾਨਾਂ ਲਈ ਉਨ੍ਹਾਂ ਦੀ ਜ਼ਮੀਨ ਮਾਂ ਸਮਾਨ, ਖੇਤੀ ਹੀ ਪੰਜਾਬੀਆਂ ਦਾ ਮੁੱਖ ਕਿੱਤਾ, ਮੁੱਖ ਮੰਤਰੀ ਮਾਨ ਨੇ ਨਿਤਿਨ ਗਡਕਰੀ ਦੀ ਚਿੱਠੀ ਦਾ ਦਿੱਤਾ ਜਵਾਬ

ਚੰਡੀਗੜ੍ਹ, 13 ਅਗਸਤ 2024 : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਹਾਈਵੇਅ ਪ੍ਰੋਜੈਕਟ ਦੇ ਮੁੱਦੇ ਤੇ ਲਿੱਖੀ ਗਈ ਚਿੱਠੀ ਦਾ ਜਵਾਬ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਉਸ ਚਿੱਠੀ ਦਾ ਜਵਾਬ ਦਿੰਦਿਆਂ ਲਿੱਖਿਆ ਹੈ ਕਿ ਕਿਸਾਨਾਂ ਲਈ ਉਨ੍ਹਾਂ ਦੀ ਜ਼ਮੀਨ ਮਾਂ ਸਮਾਨ ਹੁੰਦੀ ਹੈ, ਖੇਤੀ ਹੀ ਪੰਜਾਬੀਆਂ ਦਾ ਮੁੱਖ ਧੰਦਾ ਹੈ। ਇਸ ਲਈ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦੇ ਸਹੀ ਰੇਟ ਮਿਲਣੇ ਚਾਹੀਦੇ ਹਨ। ਨਾਲ ਹੀ ਮੁੱਖ ਮੰਤਰੀ ਨੇ ਭਰੋਸਾ ਦੁਆਇਆ ਕਿ ਸਰਕਾਰ ਦੇ ਅਧਿਕਾਰੀ NHAI ਦੇ ਪ੍ਰੋਜੈਕਟ ਪੂਰੇ ਕਰਵਾਉਣ ਲਈ ਕਿਸਾਨਾਂ ਨਾਲ ਲਗਾਤਾਰ ਬੈਠਕਾਂ ਕਰ ਰਹੇ ਹਨ। ਕੁਝ ਦਿਨ ਪਹਿਲਾਂ ਹੀ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਸੀ, ਜਿਸ ਵਿੱਚ ਉਨ੍ਹਾਂ ਨੇ NHAI ਅਧਿਕਾਰੀਆਂ, ਠੇਕੇਦਾਰਾਂ ਅਤੇ ਉਨ੍ਹਾਂ ਦੇ ਸਟਾਫ ਦੀ ਸੁਰੱਖਿਆ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਲਿਖਿਆ ਸੀ ਰਿ ਪੰਜਾਬ ਵਿੱਚ NHAI ਦੇ ਅਧਿਕਾਰੀ ਅਤੇ ਠੇਕੇਦਾਰ ਪ੍ਰੇਸ਼ਾਨ ਹੋ ਰਹੇ ਹਨ। 103 ਕਿਲੋਮੀਟਰ ਦੇ 3263 ਕਰੋੜ ਰੁਪਏ ਦੇ ਪ੍ਰਾਜੈਕਟ ਰੁਕੇ ਹੋਏ ਹਨ। ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਚਿਤ ਸੁਰੱਖਿਆ ਨਹੀਂ ਦਿੱਤੀ ਜਾਵੇ ਨਹੀਂ ਤਾਂ ਪੰਜਾਬ ਵਿੱਚ ਹਾਈਵੇਅ ਪ੍ਰੋਜੈਕਟਾਂ ਨੂੰ ਰੋਕ ਦਿੱਤਾ ਜਾਵੇਗਾ। ਨਿਤਿਨ ਗਡਕਰੀ ਨੇ ਆਪਣੀ ਚਿੱਠੀ ‘ਚ ਅੱਗੇ ਲਿਖਿਆ ਸੀ ਕਿ ਜਲੰਧਰ ‘ਚ ਇਕ ਠੇਕੇਦਾਰ ਦੇ ਇੰਜੀਨੀਅਰ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਐਫਆਈਆਰ ਦਰਜ ਕੀਤੀ ਗਈ ਹੈ ਪਰ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਲੋੜ ਹੈ। ਇਸ ਦੇ ਨਾਲ ਹੀ ਲੁਧਿਆਣਾ ‘ਚ ਵੀ ਠੇਕੇਦਾਰ ਦੇ ਪ੍ਰੋਜੈਕਟ ਕੈਂਪ ‘ਤੇ ਹਮਲਾ ਕੀਤਾ ਗਿਆ। ਇੰਜੀਨੀਅਰ ਨੂੰ ਧਮਕੀ ਦਿੱਤੀ ਗਈ ਸੀ ਕਿ ਪ੍ਰੋਜੈਕਟ ਕੈਂਪ ਅਤੇ ਉਸਦੇ ਸਟਾਫ ਨੂੰ ਜ਼ਿੰਦਾ ਸਾੜ ਦਿੱਤਾ ਜਾਵੇਗਾ। ਗਡਕਰੀ ਦੇ ਪੱਤਰ ਦੇ ਜਵਾਬ ਵਿੱਚ ਪੰਜਾਬ ਦੇ ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਸੀ ਕਿ ਉਨ੍ਹਾਂ ਵੱਲੋਂ ਇਸ ਮੁੱਦੇ ਤੇ ਐਸਆਈਟੀ ਬਣਾਈ ਗਈ ਹੈ ਅਤੇ ਐਫਆਈਆਰ ਵੀ ਦਰਜ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸਦੀ ਸੱਮੀਖਿਆ ਕਰ ਰਹੇ ਹਨ। ਸੂਬੇ ਵਿੱਚ ਪੂਰੀ ਤਰ੍ਹਾਂ ਨਾਲ ਅਮਨ ਕਾਨੂੰਨ ਦੀ ਸਥਿਤੀ ਹੈ। ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਨਹੀਂ ਲੈਣ ਦਿੱਤਾ ਜਾਵੇਗਾ।