
ਚੰਡੀਗੜ੍ਹ, 30 ਦਸੰਬਰ 2024 : ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸਾਰੀਆਂ ਫ਼ਸਲਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਣੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਦਿੱਤੇ ਅੱਜ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਸੂਬੇ ਵਿੱਚ ਕਈ ਥਾਵਾਂ ’ਤੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਸੜਕਾਂ ਜਾਮ ਕਰ ਦਿੱਤੀਆਂ, ਜਿਸ ਨਾਲ ਆਵਾਜਾਈ ਵਿੱਚ ਵਿਘਨ ਪਿਆ। ਕੇਂਦਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਤੋਂ ਬਾਅਦ ਪਿਛਲੇ ਹਫ਼ਤੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਬੰਦ ਦਾ ਸੱਦਾ ਦਿੱਤਾ ਸੀ।
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ 50 ਥਾਵਾਂ 'ਤੇ ਵਿਸ਼ਾਲ ਅਰਥੀ ਫੂਕ ਰੋਸ ਮੁਜ਼ਾਹਰੇ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਪੰਜਾਬ ਪੱਧਰ 'ਤੇ ਤਾਲਮੇਲ ਵਜੋਂ 18 ਜ਼ਿਲ੍ਹਿਆਂ 'ਚ ਲਗਭਗ 50 ਥਾਵਾਂ 'ਤੇ ਵਿਸ਼ਾਲ ਅਰਥੀ ਫੂਕ ਰੋਸ ਮੁਜ਼ਾਹਰੇ ਕੀਤੇ ਗਏ। ਇਸ ਸੰਬੰਧੀ ਜਥੇਬੰਦੀ ਵੱਲੋਂ ਲਿਖਤੀ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਅੱਜ ਦੇ ਰੋਸ ਪ੍ਰਦਰਸ਼ਨਾਂ ਵਿੱਚ ਭਾਰੀ ਗਿਣਤੀ ਔਰਤਾਂ ਤੇ ਨੌਜਵਾਨਾਂ ਸਮੇਤ ਕਈ ਹਜ਼ਾਰਾਂ ਦੀ ਤਾਦਾਦ ਵਿੱਚ ਕਿਸਾਨ ਮਜ਼ਦੂਰ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੋਸ ਪ੍ਰਦਰਸ਼ਨਾਂ ਦੀਆਂ ਮੰਗਾਂ ਵਿੱਚ ਕੇਂਦਰ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਕਿਸਾਨਾਂ ਸਮੇਤ ਖੇਤ/ਪੇਂਡੂ ਮਜ਼ਦੂਰਾਂ ਲਈ ਤਬਾਹਕੁੰਨ ਅਤੇ ਦੇਸ਼ ਵਿਰੋਧੀ ਖੇਤੀ ਮੰਡੀਕਰਨ ਨੀਤੀ ਖਰੜਾ ਰੱਦ ਕਰਵਾਉਣ; ਸਾਰੀਆਂ ਫਸਲਾਂ ਉੱਪਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸੀ ਫਾਰਮੂਲੇ ਨਾਲ ਲਾਭਕਾਰੀ ਐੱਮ ਐੱਸ ਪੀ ਦੀ ਗਰੰਟੀ ਦਾ ਕਾਨੂੰਨ ਬਣਾਉਣ; ਲਗਾਤਾਰ ਵਧ ਰਹੇ ਖੇਤੀ ਲਾਗਤ ਖਰਚਿਆਂ ਕਾਰਨ ਅਤੇ ਫ਼ਸਲਾਂ ਦੇ ਲਾਭਕਾਰੀ ਮੁੱਲ ਨਾ ਮਿਲਣ ਕਾਰਨ 80% ਤੋਂ ਵੱਧ ਕਿਸਾਨ ਤੇ ਖੇਤ ਮਜ਼ਦੂਰ ਭਾਰੀ ਕਰਜ਼ਾ-ਜਾਲ਼ ਵਿੱਚ ਫਸ ਚੁੱਕੇ ਹਨ ਅਤੇ ਲਗਾਤਾਰ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ ਉਨ੍ਹਾਂ ਨੂੰ ਇਸ ਕਰਜ਼ਾ-ਜਾਲ਼ ਵਿੱਚੋਂ ਕੱਢਣ ਲਈ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹਰ ਕਿਸਮ ਦਾ ਕਰਜ਼ੇ ਖਤਮ ਕਰਵਾਉਣ; ਕਿਸਾਨ ਅੰਦੋਲਨ ਦੌਰਾਨ ਕਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਪੁਲਿਸ ਵੱਲੋਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਸਿਰ ਮੜ੍ਹੇ ਕੇਸ ਰੱਦ ਕਰਵਾਉਣ ; ਲੋਕ ਵਿਰੋਧੀ ਬਿਜਲੀ ਬਿੱਲ 2022 ਵਾਪਸ ਕਰਵਾਉਣ; ਫ਼ਸਲੀ ਰੋਗਾਂ, ਸੋਕਾ, ਹੜ੍ਹ, ਨਕਲੀ ਕੀਟਨਾਸ਼ਕਾਂ ਨਦੀਨਨਾਸ਼ਕਾਂ ਆਦਿ ਕਾਰਨ ਹੋਣ ਵਾਲੇ ਫ਼ਸਲੀ ਨੁਕਸਾਨ ਦੀ ਭਰਪਾਈ ਲਈ ਲਾਜ਼ਮੀ ਫ਼ਸਲ ਬੀਮਾ ਸੁਨਿਸ਼ਚਿਤ ਕਰਵਾਉਣ; ਸ਼ੰਭੂ ਤੇ ਖਨੌਰੀ ਬਾਰਡਰਾਂ 'ਤੇ ਲਗਾਤਾਰ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ਼ ਫੌਰੀ ਗੱਲਬਾਤ ਰਾਹੀਂ ਮਸਲੇ ਹੱਲ ਕਰਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਦੀਆਂ ਮੰਗਾਂ ਸ਼ਾਮਲ ਹਨ। ਉਨ੍ਹਾਂ ਨੇ ਕਿਸਾਨਾ ਮਜ਼ਦੂਰਾਂ ਨੂੰ ਉਪਰੋਕਤ ਮੰਗਾਂ ਦੀ ਪ੍ਰਾਪਤੀ ਲਈ ਵਿਸ਼ਾਲ ਤੇ ਖਾੜਕੂ ਘੋਲਾਂ ਦੇ ਰਾਹ ਪੈਣ ਦਾ ਸੱਦਾ ਦਿੱਤਾ। ਅੱਜ ਦੇ ਪ੍ਰਦਰਸ਼ਨਾਂ ਨੂੰ ਵੱਖ-ਵੱਖ ਪੱਧਰ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੂਟਾਲ, ਸੂਬਾਈ ਔਰਤ ਆਗੂ ਹਰਿੰਦਰ ਕੌਰ ਬਿੰਦੂ ਤੋਂ ਇਲਾਵਾ ਵੱਖ ਵੱਖ ਜ਼ਿਲ੍ਹਿਆਂ/ਬਲਾਕਾਂ ਦੇ ਪ੍ਰਧਾਨ ਤੇ ਸਕੱਤਰ ਨੇ ਸੰਬੋਧਨ ਕੀਤਾ।
ਬਠਿੰਡਾ - ਫ਼ਰੀਦਕੋਟ ਸੜਕ ਸਵੇਰ ਤੋਂ ਹੀ ਸੁਨਸਾਨ ਰਹੀ
ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਸੱਦੇ ਤੇ ਅੱਜ ਬਠਿੰਡਾ - ਫ਼ਰੀਦਕੋਟ ਸੜਕ ਸਵੇਰ ਤੋਂ ਹੀ ਸੁਨਸਾਨ ਰਹੀ, ਜਦਕਿ ਇਲਾਕੇ ਅੰਦਰ ਵੀ ਬੰਦ ਨੂੰ ਪੂਰਾ ਸਮਰਥਨ ਮਿਲਿਆl ਜੈਤੋ ਬੱਸ ਸਟੈਂਡ/ ਬਾਜਾਖਾਨਾ ਚੌਂਕ ਵਿਖੇ ਵੱਖ ਵੱਖ ਮਜ਼ਦੂਰ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਆਵਾਜਾਈ ਬੰਦ ਕਰਕੇ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਜਥੇਬੰਦੀ ਸਿੱਧੂਪੁਰ ਵਲੋਂ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਭੁੱਖ ਹੜਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਮਾਇਤ ਕਰਨ ਦਾ ਐਲਾਨ ਕੀਤਾ। ਵੱਖ ਵੱਖ ਆਗੂਆਂ ਨੇ ਧਰਨੇ ਵਿੱਚ ਸ਼ਾਮਲ ਹੁੰਦੇ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿਚ ਸੜਕੀ ਆਵਾਜਾਈ ਠੱਪ ਕੀਤੀ ਗਈ l ਹੈ ਭਲਕੇ ਕਿਸਾਨ ਜੱਥੇਬੰਦੀਆਂ ਖਨੌਰੀ ਅਤੇ ਸ਼ੰਭੂ ਬਾਰਡਰ ਤੇ ਜਾਣ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅੱਜ ਬੰਦ ਦੇ ਸੱਦੇ ਨੂੰ ਲੈਕੇ ਵਪਾਰਕ ਅਦਾਰੇ ਅਤੇ ਬੱਸਾਂ ਵੀ ਬੰਦ ਰਹੀਆਂ। ਇਸ ਮੌਕੇ ਧਰਨੇ ਵਿੱਚ ਵੱਖ ਵੱਖ ਭਰਾਤਰੀ ਜਥੇਬੰਦੀਆਂ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।
ਡੱਲੇਵਾਲ ਦੇ ਮਰਨ ਵਰਤ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜਾਣ ਬੁੱਝ ਕੇ ਅਣਗੌਲਿਆਂ ਕੀਤਾ ਜਾ ਰਿਹਾ ਹੈ : ਮਨਜੀਤ ਸਿੰਘ ਧਨੇਰ
ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਅੱਜ ਪੰਜਾਬ ਵਿੱਚ ਦਰਜਨਾਂ ਥਾਵਾਂ ਤੇ ਸੜਕਾਂ ਰੋਕ ਕੇ ਆਪਣੀਆਂ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕੀਤੀ ਗਈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜਾਣ ਬੁੱਝ ਕੇ ਅਣਗੌਲਿਆਂ ਕੀਤਾ ਜਾ ਰਿਹਾ ਹੈ। ਅੱਜ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਜਥੇਬੰਦੀ ਨੇ ਮੰਗ ਕੀਤੀ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਤੁਰੰਤ ਗੱਲਬਾਤ ਸ਼ੁਰੂ ਕਰੇ, ਦਿੱਲੀ ਜਾਣ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨਾਂ ਤੇ ਜਬਰ ਬੰਦ ਕਰੇ ਅਤੇ ਐਮਐਸਪੀ ਸਮੇਤ ਕਿਸਾਨਾਂ ਦੀਆਂ ਹੋਰ ਮੰਗਾਂ ਮੰਨੇ। ਜਥੇਬੰਦੀ ਦੇ ਹੈਡ ਕੁਆਰਟਰ ਤੇ ਦੁਪਹਿਰ 1 ਵਜੇ ਤੱਕ ਮਿਲੀ ਰਿਪੋਰਟ ਅਨੁਸਾਰ ਜਥੇਬੰਦੀ ਨੇ ਬਠਿੰਡਾ ਜ਼ਿਲ੍ਹੇ ਵਿੱਚ ਲਹਿਰਾ ਮੁਹੱਬਤ, ਫਾਜ਼ਿਲਕਾ ਜ਼ਿਲ੍ਹੇ ਵਿੱਚ ਜਲਾਲਾਬਾਦ, ਜਿਲਾ ਫਰੀਦਕੋਟ ਦਾ ਪਿੰਡ ਰਾਮੂਵਾਲਾ ਡੇਲਿਆਂਵਾਲੀ ਵਿਖੇ ਜਾਮ ਲਾਇਆ ਗਿਆ। ਮਾਨਸਾ ਬੱਸ ਸਟੈਂਡ ਦੇ ਨੇੜੇ ਠੀਕਰੀ ਵਾਲਾ ਚੌਂਕ ਅਤੇ ਬਰੇਟਾ, ਮੁਕਤਸਰ ਸਾਹਿਬ ਜਿਲੇ ਵਿੱਚ ਬਨਵਾਲਾ ਅਨੂੰ ਵਿਖੇ, ਫਿਰੋਜ਼ਪੁਰ ਜ਼ਿਲ੍ਹੇ ਦੇ ਗੁਰੂ ਹਰ ਸਹਾਏ ਬਲਾਕ ਨੇ ਗੋਲੂ ਕੇ ਮੋੜ ਅਤੇ ਘੱਲ ਕਲਾਂ ਬਲਾਕ ਨੇ ਵਾੜਾ ਭਾਈ ਕਾ ਪਿੰਡ ਵਿਖੇ ਪ੍ਰਦਰਸ਼ਨ ਕਰਕੇ ਜਾਮ ਲਾਏ। ਫਿਰੋਜ਼ਪੁਰ ਸ਼ਹਿਰ ਵਿੱਚ ਮੋਟਰਸਾਈਕਲ ਮਾਰਚ ਕਰਕੇ ਦੁਕਾਨਦਾਰਾਂ ਨੂੰ ਬੰਦ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ , ਫਰੀਦਕੋਟ ਦੇ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਵਿਖੇ ਅਤੇ ਫਿਰੋਜ਼ਪੁਰ ਦੀ ਸੱਤ ਨੰਬਰ ਚੁੰਗੀ ਕੋਲ ਜਾਮ ਲਾਇਆ ਗਿਆ। ਬਰਨਾਲਾ ਜ਼ਿਲੇ ਦੇ ਮਹਿਲ ਕਲਾਂ ਵਿਖੇ ਰੋਸ ਮਾਰਚ ਕਰਕੇ ਅਰਥੀ ਫੂਕੀ, ਮਲੇਰਕੋਟਲਾ ਦੀ ਤਹਿਸੀਲ ਅਮਰਗੜ੍ਹ ਵਿਖੇ ਅਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਭਦੌੜ ਵਿਖੇ ਅਰਥੀਆਂ ਫੂਕੀਆਂ ਗਈਆਂ ਅਤੇ ਜਾਮ ਲਾਏ ਗਏ। ਵਿਰੋਧ ਪ੍ਰਦਰਸ਼ਨਾਂ ਦੌਰਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਭੇਜੇ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਦੀ ਸਖ਼ਤ ਆਲੋਚਨਾ ਕਰਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ। ਸੰਯੁਕਤ ਕਿਸਾਨ ਮੋਰਚਾ ਵੱਲੋਂ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਵਿਰੁੱਧ ਅਤੇ ਰਹਿੰਦੀਆਂ ਮੰਗਾਂ ਦੀ ਪ੍ਰਾਪਤੀ ਲਈ 04 ਜਨਵਰੀ 2025 ਨੂੰ ਹਰਿਆਣਾ ਦੇ ਟੋਹਾਣਾ ਸ਼ਹਿਰ ਵਿਖੇ ਵਿਸ਼ਾਲ ਕਿਸਾਨ ਕਾਨਫਰੰਸ ਕਰਨ ਦਾ ਐਲਾਨ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਸ ਕਿਸਾਨ ਕਾਨਫਰੰਸ ਵਿੱਚ ਪੂਰੇ ਜ਼ੋਰ ਨਾਲ ਸ਼ਮੂਲੀਅਤ ਕਰੇਗੀ। ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 09 ਜਨਵਰੀ 2025 ਨੂੰ ਮੋਗਾ ਵਿਖੇ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖ਼ਿਲਾਫ਼, ਕਿਸਾਨਾਂ ਦੀ ਕਰਜ਼ਾ ਮੁਕਤੀ, ਐਮਐਸਪੀ ਤੇ ਸਾਰੀਆਂ ਫਸਲਾਂ ਦੀ ਖ੍ਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ ਅਤੇ ਦਿੱਲੀ ਅੰਦੋਲਨ ਵੇਲੇ ਦੀਆਂ ਰਹਿੰਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਕੀਤੀ ਜਾ ਰਹੀ ਵਿਸ਼ਾਲ ਕਿਸਾਨ ਕਾਨਫਰੰਸ ਵਿੱਚ ਵੀ ਵੱਧ ਤੋਂ ਵੱਧ ਸ਼ਮੂਲੀਅਤ ਕਰੇਗੀ। ਅੱਜ ਦੇ ਫਾਜ਼ਿਲਕਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਫਰੀਦਕੋਟ, ਕਪੂਰਥਲਾ, ਮੁਕਤਸਰ ਸਾਹਿਬ, ਮੋਗਾ, ਲੁਧਿਆਣਾ, ਫਿਰੋਜ਼ਪੁਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ ਕੀਤੇ ਗਏ ਵਿਰੋਧ ਪ੍ਰਦਰਸ਼ਨਾਂ ਦੀ ਅਗਵਾਈ ਕੁਲਵੰਤ ਸਿੰਘ ਕਿਸ਼ਨਗੜ, ਅਮਨਦੀਪ ਸਿੰਘ ਲਲਤੋਂ, ਹਰੀਸ਼ ਨੱਢਾ ਲਾਧੂਕਾ, ਮੱਖਣ ਸਿੰਘ ਭੈਣੀ ਬਾਘਾ, ਬੀਬੀ ਅੰਮ੍ਰਿਤਪਾਲ ਕੌਰ, ਜਗਤਾਰ ਸਿੰਘ ਦੇਹੜਕਾ, ਜਗੀਰ ਸਿੰਘ ਫਿਰੋਜ਼ਪੁਰ, ਜਸਕਰਨ ਸਿੰਘ ਮੋਰਾਂਵਾਲੀ, ਕੁਲਵੰਤ ਸਿੰਘ ਮਾਨ, ਹਰਵਿੰਦਰ ਸਿੰਘ ਕੋਟਲੀ, ਹਰਮੀਤ ਸਿੰਘ ਫਾਜ਼ਿਲਕਾ, ਰਣਧੀਰ ਸਿੰਘ ਭੱਟੀਵਾਲ, ਲਖਵੀਰ ਸਿੰਘ ਅਕਲੀਆ, ਗੁਰਦੀਪ ਸਿੰਘ ਖੁੱਡੀਆਂ, ਸੁਖਚੈਨ ਸਿੰਘ ਰਾਜੂ, ਬੂਟਾ ਖਾਨ ਮਲੇਰ ਕੋਟਲਾ, ਰਾਣਾ ਹਰਜਿੰਦਰ ਸਿੰਘ ਸੈਦੋਵਾਲ, ਗੁਲਜਾਰ ਸਿੰਘ ਕਬਰਵੱਛਾ ਅਤੇ ਜੁਗਰਾਜ ਸਿੰਘ ਹਰਦਾਸਪੁਰਾ ਤੋ ਇਲਾਵਾ ਜ਼ਿਲ੍ਹਾ, ਬਲਾਕ ਅਤੇ ਪਿੰਡ ਪੱਧਰ ਦੇ ਆਗੂਆਂ ਨੇ ਕਰਦਿਆਂ ਮੋਦੀ ਹਕੂਮਤ ਦੀ ਖੇਤੀ/ਪੇਂਡੂ ਸੱਭਿਆਚਾਰ ਨੂੰ ਵਿਸ਼ਵ ਵਪਾਰ ਸੰਸਥਾ ਦੀਆਂ ਸ਼ਰਤਾਂ ਤਹਿਤ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਨੀਤੀ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਅਤੇ ਤੇਜ਼ ਕਰਨ ਦੀ ਲੋੜ ਤੇ ਜ਼ੋਰ ਦਿੱਤਾ।
12 ਜ਼ਿਲ੍ਹਿਆਂ ਵਿੱਚ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਬਣਦਾ ਯੋਗਦਾਨ ਪਾਇਆ : ਡਾਕਟਰ ਦਰਸ਼ਨ ਪਾਲ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਅੱਜ 30 ਦਸੰਬਰ ਵਾਲੇ ਦਿਨ ਪੰਜਾਬ ਦੇ ਕੋਈ 12 ਜ਼ਿਲ੍ਹਿਆਂ ਵਿੱਚ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਬਣਦਾ ਯੋਗਦਾਨ ਪਾਇਆ। ਇਸ ਸੰਬੰਧੀ ਬਾਰੇ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਡਾਕਟਰ ਦਰਸ਼ਨ ਪਾਲ ਨੇ ਦੱਸਿਆ ਕਿ ਜਿੱਥੇ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਵਰਕਰਾਂ ਤੇ ਆਗੂਆਂ ਨੇ ਆਪਣੇ ਤੌਰ ਤੇ ਸੜਕਾਂ ਅਤੇ ਰੇਲ ਆਵਾਜਾਈ ਨੂੰ ਠੱਪ ਕਰਨ ਦੇ ਨਾਲ ਨਾਲ ਬਹੁਤ ਥਾਵਾਂ ਤੇ ਮੰਡੀਆਂ ਅਤੇ ਬੈਂਕਾਂ ਨੂੰ ਬੰਦ ਕਰਾਉਣ ਵਿੱਚ ਆਪਣੀ ਭੂਮਿਕਾ ਨਿਭਾਈ ਉਥੇ ਯੂਨੀਅਨ ਨੇ ਬਾਕੀ ਕਿਸਾਨ ਜੱਥੇਬੰਦੀਆਂ ਅਤੇ ਭਰਾਤਰੀ ਜੱਥੇਬੰਦੀਆਂ ਨਾਲ ਮਿਲ ਕੇ ਬਾਜ਼ਾਰਾਂ ਅਤੇ ਹੋਰ ਸੰਸਥਾਵਾਂ ਨੂੰ ਬੰਦ ਕਰਨ ਵਾਸਤੇ ਲੋਕਾਂ ਨੂੰ ਪ੍ਰੇਰਿਆ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ, ਸੀਨੀਆਰ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ, ਸੂਬਾਈ ਆਗੂ ਅਵਤਾਰ ਸਿੰਘ ਮਹਿਮਾ ਦੀ ਅਗਵਾਈ ਵਿੱਚ ਪਟਿਆਲਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਫਿਰੋਜ਼ਪੁਰ, ਬਰਨਾਲਾ, ਮਾਨਸਾ ਅਤੇ ਕਪੂਰਥਲਾ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਵੱਡੇ ਪੱਧਰ ਪੰਜਾਬ ਬੰਦ ਦਾ ਸਮਰਥਨ ਕੀਤਾ ਗਿਆ, ਇਹਨਾਂ ਜ਼ਿਲਿਆਂ ਵਿੱਚ ਕਈ ਥਾਵਾਂ ਉੱਤੇ ਕਿਤੇ ਇਕੱਲਿਆਂ ਅਤੇ ਕਿਤੇ ਦੂਸਰਿਆਂ ਨਾਲ ਮਿਲ ਕੇ ਬੰਦ ਨੂੰ ਅਸਰਦਾਰ ਬਣਾਇਆ। ਸਿੱਟੇ ਵਜੋਂ ਅੱਜ ਦਾ ਬੰਦ ਮੁਕੰਮਲ ਤੌਰ ਤੇ ਕਾਮਯਾਬ ਹੋ ਨਿਬੜਿਆ ਅਤੇ ਸਵੇਰੇ ਠੀਕ 7 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਕਿਹਾ ਜਾਵੇ ਤਾਂ ਕੋਈ ਚਿੜੀ ਵੀ ਨਹੀਂ ਫੜਕੀ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਡਾਕਟਰ ਦਰਸ਼ਨ ਪਾਲ ਨੇ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਮਿਹਨਤਕਸ਼ ਲੋਕਾਂ ਵਪਾਰੀਆਂ ਅਤੇ ਹੋਰ ਸਾਰੇ ਤਬਕਿਆਂ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬੀ ਲੋਕਾਂ ਦਾ ਏਕਾ ਅੱਜ ਦੀਆਂ ਹਾਲਤਾਂ ਦੇ ਵਿੱਚ ਬਹੁਤ ਜਰੂਰੀ ਹੈ ਕਿਉਂਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲਗਾਤਾਰ ਪੰਜਾਬ ਅਤੇ ਪੰਜਾਬੀ ਲੋਕਾਂ ਖਾਸ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਧੱਕਾ ਤੇ ਵਿਤਕਰਾ ਕਰਦੀ ਆ ਰਹੀ ਹੈ। ਉਨਾਂ ਨੇ ਇਹ ਵੀ ਕਿਹਾ ਕਿ ਕੇਂਦਰ ਦੀ ਭਾਜਪਾ ਦੀ ਸਰਕਾਰ ਸੂਬਿਆਂ ਦੇ ਸਭ ਤਰ੍ਹਾਂ ਦੇ ਅਧਿਕਾਰਾਂ ਨੂੰ ਕੇਂਦਰੀਕ੍ਰਿਤ ਕਰ ਰਹੀ ਹੈ ਇਸ ਲਈ ਪੰਜਾਬ ਦੇ ਲੋਕਾਂ ਦੀ ਲੜਾਈ ਜੋ ਕਿਸਾਨਾਂ ਦੇ ਹਿੱਤ ਵਿੱਚ ਲੜੀ ਜਾ ਰਹੀ ਹੈ ਇਹ ਜਰੂਰ ਹੀ ਇੱਕ ਦੇਸ਼ ਵਿਆਪੀ ਅੰਦੋਲਨ ਨੂੰ ਜਨਮ ਦੇਵੇਗੀ।
ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵੱਲੋਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਸੜਕ ਆਵਾਜਾਈ ਮੁਕੰਮਲ ਤੌਰ ’ਤੇ ਰੱਖੀ ਗਈ ਠੱਪ
ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸਾਰੀਆਂ ਫ਼ਸਲਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਣੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਦਿੱਤੇ ਅੱਜ ਪੰਜਾਬ ਬੰਦ ਰੱਖਣ ਦੇ ਸੱਦੇ ਦਾ ਬਠਿੰਡਾ ਜਿਲ੍ਹੇ ’ਚ ਮਿਲਿਆ ਜੁਲਿਆ ਅਸਰ ਦਿਖਾਈ ਦਿੱਤਾ। ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵੱਲੋਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਸੜਕ ਆਵਾਜਾਈ ਮੁਕੰਮਲ ਤੌਰ ’ਤੇ ਠੱਪ ਰੱਖੀ ਗਈ। ਬੰਦ ਦੌਰਾਨ ਦੁੱਧ ਤੇ ਸਬਜ਼ੀਆਂ ਸਪਲਾਈ ਕਰਨ ਤੋਂ ਲੈ ਕੇ ਨਿੱਜੀ ਦਫ਼ਤਰ, ਬਾਜ਼ਾਰ ਤੇ ਮੰਡੀਆਂ ਵੀ ਬੰਦ ਰੱਖੀਆਂ ਗਈਆਂ। ਬੰਦ ਦੌਰਾਨ ਪੂਰਾ ਦਿਨ ਅਮਨ ਸ਼ਾਂਤੀ ਬਣੀ ਰਹੀ ਅਤੇ ਪੁਲਿਸ ਨੇ ਵੀ ਮੁਸਤੈਦੀ ਬਣਾਈ ਰੱਖੀ। ਬਠਿੰਡਾ ਪ੍ਰਸ਼ਾਸ਼ਨ ਨੇ ਧਰਨੇ ਵਾਲੀ ਥਾਂ ਦੇ ਨਜ਼ਦੀਕ ਅੱਜ ਐਂਬੂਲੈਂਸਾਂ ਤਾਇਨਾਤ ਰੱਖੀਆਂ ਤਾਂ ਜੋ ਕਿਸੇ ਹੰਗਾਮੀ ਹਾਲਤ ਦੀ ਸੂਰਤ ’ਚ ਕੋਈ ਦਿੱਕਤ ਨਾਂ ਆਵੇ। ਇਸ ਦੇ ਨਾਲ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਵੀ ਧਰਨੇ ਵਾਲੀ ਥਾਂ ਤੇ ਹਾਜ਼ਰ ਰਹੀ। ਬਠਿੰਡਾ ਦੇ ਭਾਈ ਘਨਈਆ ਚੌਂਕ ਵਿੱਚ ਅੱਜ ਕਿਸਾਨ ਜੱਥੇਬੰਦੀਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਦੌਰਾਨ ਸਵੇਰ ਵਕਤ ਹੀ ਦਰੀਆਂ ਵਿਛਾ ਲਈਆਂ ਜਿਸ ਦੇ ਚੱਲਦਿਆਂ ਆਵਾਜਾਈ ’ਚ ਭਾਰੀ ਵਿਘਨ ਪਿਆ। ਪੰਜਾਬ ਬੰਦ ਦੇ ਸੱਦੇ ਨੂੰ ਜਿਲ੍ਹੇ ਦੀਆਂ ਕਿਸਾਨ, ਮੁਲਾਜ਼ਮ, ਵਿਦਿਆਰਥੀ, ਵਪਾਰੀ ਤੇ ਸਮਾਜ ਸੇਵੀ ਜਥੇਬੰਦੀਆਂ ਨੇ ਵੀ ਹਮਾਇਤ ਦਿੱਤੀ । ਇਸ ਦੌਰਾਨ ਪੀਆਰਟੀਸੀ ਕਾਮਿਆਂ ਵੱਲੋਂ ਵੀ ਬੱਸਾਂ ਨਾ ਚਲਾਉਣ ਦੇ ਫ਼ੈਸਲੇ ਤਹਿਤ ਬੱਸਾਂ ਬੰਦ ਰੱਖੀਆਂ ਗਈਆਂ। ਇਸੇ ਤਰਾਂ ਹੀ ਪ੍ਰਾਈਵੇਟ ਬੱਸ ਮਾਲਕਾਂ ਵੱਲੋਂ ਵੀ ਅੱਜ ਆਵਾਜਾਈ ਤੋਂ ਪੂਰੀ ਤਰਾਂ ਪ੍ਰਹੇਜ਼ ਹੀ ਕੀਤਾ ਗਿਆ ਹੈ। ਆਵਾਜਾਈ ਬੰਦ ਹੋਣ ਕਾਰਨ ਬਠਿੰਡਾ ਜਿਲ੍ਹੇ ਵਿਚਦੀ ਲੰਘਣ ਵਾਲੇ ਨੈਸ਼ਨਲ ਹਾਈਵੇਅ ਵੀ ਇੱਕ ਤਰਾਂ ਨਾਲ ਕਰਫਿਊ ਵਾਲਾ ਨਜਾਰਾ ਪੇਸ਼ ਕਰ ਰਹੇ ਸਨ। ਓਧਰ ਸ਼ਹਿਰ ਵਿਚਦੀ ਲੰਘਦੇ ਕੌਮੀ ਸੜਕ ਮਾਰਗ ਉੱਪਰ ਪੈਂਦੇ ਜਿਆਦਾਤਰ ਕਾਰੋਬਾਰੀ ਅਦਾਰਿਆਂ ਨੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਵਿੱਚ ਆਪੋ ਆਪਣੇ ਕੰਮ ਧੰਦੇ ਬੰਦ ਰੱਖੇ ਜਦੋਂਕਿ ਇਸੇ ਤਰਾਂ ਦਾ ਹੀ ਹੁੰਗਾਰਾ ਕਈ ਮੁੱਖ ਬਜ਼ਾਰਾਂ ਦੇ ਸੀ ਜਿੰਨ੍ਹਾਂ ’ਚ ਦੁਕਾਨਦਾਰ ਤਾਂ ਬਾਹਰ ਖੜ੍ਹੇ ਸਨ ਪਰ ਦੁਕਾਨਾਂ ਦੇ ਸ਼ਟਰ ਬੰਦ ਸਨ। ਸਿਰਕੀ ਬਜ਼ਾਰ ’ਚ ਕਾਫੀ ਦੁਕਾਨਾਂ ਖੁੱਲ੍ਹੀਆਂ ਹੋਈਆਂ ਸਨ। ਅੱਜ ਤਾਂ ਸਰਕਾਰੀ ਦਫਤਰਾਂ ਵਾਲੀ ਮਿੰਨੀ ਸਕੱਤਰੇਤ ਵਿੱਚ ਵੀ ਬੰਦ ਕਾਰਨ ਸੁੰਨ ਵਰਤੀ ਹੋਈ ਸੀ। ਇਸੇ ਤਰਾਂ ਹੀ ਹਸਪਤਾਲ ਅਤੇ ਦਵਾਈਆਂ ਦੀਆਂ ਦੁਕਾਨਾਂ ਨੂੰ ਬੰਦ ਤੋਂ ਛੋਟ ਕਾਰਨ ਇਹ ਅਦਾਰੇ ਆਮ ਵਾਂਗ ਖੁੱਲ੍ਹੇ ਰਹੇ। ਸਰਕਾਰੀ ਬੈਂਕਾਂ ਵਿੱਚ ਵੀ ਆਮ ਦਿਨਾਂ ਦੀ ਤਰਾਂ ਕੰਮ ਕਾਰ ਹੋਇਆ ਪਰ ਗਾਹਕੀ ਪ੍ਰਭਾਵਿਤ ਹੋਈ। ਪੰਜਾਬ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਜਾਰੀ ਰਹੀਆਂ ਅਤੇ ਧਰਨੇ ਲਾਗੇ ਤਾਇਨਾਤ ਕਿਸਾਨ ਵਲੰਟੀਅਰਾਂ ਅਜਿਹੀਆਂ ਗੱਡੀਆਂ ਨੂੰ ਲੰਘਾਉਂਦੇ ਦਿਖਾਈ ਦਿੱਤੇ। ਵਿਆਹ-ਸ਼ਾਦੀਆਂ, ਹਸਪਤਾਲ ਤੇ ਐਂਬੂਲੈਂਸਾਂ ਤੋਂ ਇਲਾਵਾ ਪ੍ਰੀਖਿਆ ਜਾਂ ਇੰਟਰਵਿਊ ਦੇਣ ਜਾਣ ਵਾਲਿਆਂ ਨੂੰ ਵੀ ਨਹੀਂ ਰੋਕਿਆ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਰਨਲ ਸਕੱਤਰ ਰੇਸ਼ਮ ਸਿੰਘ ਯਾਤਰੀ, ਰਣਜੀਤ ਸਿੰਘ ਜੀਦਾ ਅਤੇ ਵੱਖ ਵੱਖ ਆਗੂਆਂ ਨੇ ਕਿਹਾ ਕਿ ਦਿੱਲੀ ਅੰਦੋਲਨ ਦੌਰਾਨ ਮੰਨੀਆਂ ਮੰਗਾਂ ਨਾਂ ਲਾਗੂ ਕਰਕੇ ਮੋਦੀ ਸਰਕਾਰ ਕਿਸਾਨਾਂ ਨਾਲ ਧਰੋਹ ਕਮਾ ਰਹੀ ਹੈ। ਉਨ੍ਹਾਂ ਕਿਹਾ ਕਿ ਜੱਥੇਬੰਦੀ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਤੇ ਬੈਠਿਆਂ 35 ਦਿਨ ਹੋ ਗਏ ਹਨ ਪਰ ਕੇਂਦਰ ਸਰਕਾਰ ਦੇ ਕੰਨਾਂ ਤੇ ਜੂੰਅ ਨਹੀਂ ਸਰਕੀ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਦੀ ਜਾਨ ਦਾ ਫਿਕਰ ਸੁਪਰੀਮ ਕੋਰਟ ਨੂੰ ਤਾਂ ਹੈ ਪਰ ਮੋਦੀ ਸਰਕਾਰ ਨੇ ਕਿਸਾਨ ਆਗੂ ਨੂੰ ਰੱਬ ਆਸਰੇ ਛੱਡ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਹੋ ਹਾਲ ਪੰਜਾਬ ਸਰਕਾਰ ਦਾ ਹੈ ਜੋ ਕਿਸਾਨਾਂ ਦੇ ਹੱਕ ’ਚ ਖੜ੍ਹਨ ਦੀ ਥਾਂ ਕੇਂਦਰ ਦੀ ਪੈੜ ’ਚ ਪੈੜ ਰੱਖਣ ਲੱਗੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬ-ਹਰਿਆਣਾ ਦੀਆਂ ਹੱਦਾਂ ’ਤੇ ਹੀ ਰੋਕ ਦਿੱਤਾ ਗਿਆ ਹੈ ਅਤੇ ਕੋਈ ਗੱਲਬਾਤ ਵੀ ਸ਼ੁਰੂ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕਹਿਣ ਅਨੁਸਾਰ ਕਿਸਾਨਾਂ ਨੇ ਪੈਦਲ ਦਿੱਲੀ ਜਾਣ ਦਾ ਪ੍ਰੋਗਰਾਮ ਬਣਾਇਆ ਸੀ ਜਿਥੇ ਅੱਗੇ ਵਧਣ ਦੀ ਕੋਸ਼ਿਸ਼ ਦੌਰਾਨ ਪੁਲੀਸ ਕਾਰਵਾਈ ’ਚ ਕਈ ਕਿਸਾਨਾਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਤਾਂ ਬਥੇਰੇ ਯਤਨ ਕੀਤੇ ਗਏ ਪਰ ਕਦੇ ਵੀ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਗਈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਪੂਰੀਆਂ ਕਰੇੇ ਤਾਂ ਜੋ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖਤਮ ਕਰਵਾਇਆ ਜਾ ਸਕੇ। ਜਥੇਬੰਦੀਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਐਮਐਸਪੀ ਗਾਰੰਟੀ ਕਾਨੂੰਨ ਬਨਾਉਣ ਸਮੇਤ ਖੇਤੀ ਕਾਨੂੰਨਾਂ ਖਿਲਾਫ ਚੱਲੇ ਅੰਦੋਲਨ ਦੀਆਂ ਸਮੂਹ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਓਨੀ ਦੇਰ ਸੰਘਰਸ਼ ਜਾਰੀ ਰਹੇਗਾ।
ਪੰਜਾਬ ਬੰਦ ਦੇ ਸੱਦੇ ਨੂੰ ਜਲੰਧਰ ਦਿਹਾਤੀ ‘ਚ ਮੁਕੰਮਲ ਸਮਰਥਨ
ਕਿਸਾਨ ਜਥੇਬੰਦੀਆਂ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਜਲੰਧਰ ਦਿਹਾਤੀ ‘ਚ ਮੁਕੰਮਲ ਸਮਰਥਨ ਦਿੱਤਾ ਗਿਆ। ਜਲੰਧਰ ‘ਚ ਦੁਕਾਨਦਾਰਾਂ ਨੇ ਬਾਜ਼ਾਰ ਬੰਦ ਰੱਖ ਕੇ ਕਿਸਾਨਾਂ ਨੂੰ ਸਮਰਥਨ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਸਾਰੇ ਕਸਬਿਆਂ ਫਿਲੌਰ, ਨੂਰਮਹਿਲ, ਨਕੋਦਰ, ਸ਼ਾਹਕੋਟ, ਲੋਹੀਆਂ, ਆਦਮਪੁਰ ਅਤੇ ਭੋਗਪੁਰ ਦੇ ਸਾਰੇ ਪ੍ਰਮੁੱਖ ਸੜਕੀ ਅਤੇ ਰੇਲ ਸੰਪਰਕ ਬੰਦ ਰਹੇ। ਜਲੰਧਰ ‘ਚ ਨੈਸ਼ਨਲ ਹਾਈਵੇ ‘ਤੇ ਪਰਾਗਪੁਰ ਨੇੜੇ ਸਥਿਤ ਇੰਡੀਅਨ ਆਇਲ ਪੈਟਰੋਲ ਪੰਪ ਨੂੰ ਬੰਦ ਕਰ ਦਿੱਤਾ ਗਿਆ ਹੈ ਓਧਰ, ਜਲੰਧਰ ਦੇ ਧੰਨੋਵਾਲੀ ਗੇਟ ਕੋਲ ਇਕ ਲਾੜੇ ਦੀ ਕਾਰ ਪਹੁੰਚੀ। ਕਿਸਾਨਾਂ ਨੇ ਇੱਥੇ ਧਰਨਾ ਦਿੱਤਾ ਹੋਇਆ ਸੀ। ਇਸ ਦੌਰਾਨ ਲਾੜਾ ਕਾਰ ਤੋਂ ਬਾਹਰ ਆਇਆ ਅਤੇ ਹੱਥਾਂ ਵਿੱਚ ਕਿਸਾਨ ਮਜ਼ਦੂਰ ਏਕਤਾ ਦਾ ਝੰਡਾ ਫੜ ਕੇ ‘ਕਿਸਾਨ ਜਿੰਦਾਬਾਦ’ ਦਾ ਨਾਅਰਾ ਦਿਤਾ। ਹਾਲਾਂਕਿਇਥੇ ਕੁਝ ਦੇਰ ਰੁਕਣ ਤੋਂ ਬਾਅਦ ਉਹ ਕਾਰ ਵਿੱਚ ਬੈਠ ਕੇ ਰਵਾਨਾ ਹੋ ਗਿਆ।