ਜੀ-20 ਸੰਮੇਲਨ ਦੁਨੀਆ ਭਰ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੁਖ਼ਤਾ ਪਲੇਟਫਾਰਮ ਸਾਬਤ ਹੋਵੇਗਾ : ਭਗਵੰਤ ਮਾਨ

  • ਜੀ-20 ਦੇ ਐਜੂਕੇਸ਼ਨ ਵਰਕਿੰਗ ਗਰੁੱਪ ਦੇ ਉਦਘਾਟਨੀ ਸਮਾਰੋਹ ਵਿੱਚ ਕੀਤੀ ਸ਼ਿਰਕਤ
  • ਸਿੱਖਿਆ ਖੇਤਰ ਦੀ ਤਰੱਕੀ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਮਿਸਾਲੀ ਕਦਮਾਂ ਬਾਰੇ ਦੱਸਿਆ
  • ਲੋਕਾਂ ਦੀਆਂ ਮੁਸ਼ਕਲਾਂ ਬਾਰੇ ਸਰਕਾਰਾਂ ਨੂੰ ਜਾਣੂੰ ਕਰਵਾਉਣ ਦਾ ਵਧੀਆ ਜ਼ਰੀਆ ਬਣੇਗਾ ਸੰਮੇਲਨ

ਅੰਮ੍ਰਿਤਸਰ, 15 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਜੀ-20 ਸੰਮੇਲਨ ਦੁਨੀਆ ਭਰ ਵਿੱਚ ਅਤੇ ਖ਼ਾਸ ਤੌਰ ਉਤੇ ਸੂਬੇ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਾਹਿਰ ਦੇਸ਼ਾਂ ਦੇ ਅਹਿਮ ਸੁਝਾਵਾਂ ਵਾਸਤੇ ਮਜ਼ਬੂਤ ਪਲੇਟਫਾਰਮ ਸਾਬਤ ਹੋਵੇਗਾ, ਜਿਸ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ। ਇੱਥੇ ਬੁੱਧਵਾਰ ਨੂੰ ਜੀ-20 ਐਜੁਕੇਸ਼ਨ ਵਰਕਿੰਗ ਗਰੁੱਪ ਦੀ ਦੂਜੀ

photo

ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ “ਮੇਰਾ ਮੰਨਣਾ ਹੈ ਕਿ ਇਸ ਸੰਮੇਲਨ ਵਿੱਚ ਹੋਣ ਵਾਲਾ ਵਿਚਾਰ-ਵਟਾਂਦਰਾ ਨਾ ਸਿਰਫ਼ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਿੱਚ ਸਹਾਈ ਹੋਵੇਗਾ, ਸਗੋਂ ਇਸ ਨਾਲ ਸੂਬੇ ਦੇ ਨੌਜਵਾਨਾਂ ਦਾ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ।” ਉਨ੍ਹਾਂ ਉਮੀਦ ਜਤਾਈ ਕਿ ਆਲਮੀ ਅਰਥਚਾਰੇ ਨਾਲ ਸਬੰਧਤ ਵੱਡੇ ਮਸਲਿਆਂ ਨੂੰ ਹੱਲ ਕਰਨ ਲਈ ਜੀ-20 ਦੀਆਂ ਪੁਖ਼ਤਾ ਕੋਸ਼ਿਸ਼ਾਂ ਨਾਲ ਭਾਰਤ ਤੇ ਖ਼ਾਸ ਤੌਰ ਉਤੇ ਪੰਜਾਬ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਕੌਮਾਂਤਰੀ ਪੱਧਰ ਉਤੇ ਅਮਨ, ਬਿਹਤਰ ਸਹਿਯੋਗ ਤੇ ਤਾਲਮੇਲ ਲਈ ਜੀ-20 ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਵੀ ਸ਼ਲਾਘਾ ਕੀਤੀ। ‘ਗਿਆਨ ਨੂੰ ਮਨੁੱਖੀ ਜੀਵਨ ਦਾ ਆਧਾਰ’ ਦੱਸ ਕੇ ਉਚਿਆਉਣ ਵਾਲੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ ਉਤੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਮੀਲ ਦਾ ਪੱਥਰ ਸਾਬਤ ਹੋਣ ਵਾਲੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਮੰਨਣਾ ਹੈ ਕਿ ‘ਸਿੱਖਿਆ’ ਤੇ ‘ਸਿਹਤ’ ਮਨੁੱਖੀ ਜੀਵਨ ਦਾ ਮੂਲ ਹਨ ਅਤੇ ਸਮਾਜਿਕ ਵਿਕਾਸ ਇਨ੍ਹਾਂ ਦੋਵਾਂ ਅਹਿਮ ਖ਼ੇਤਰਾਂ ਦੀ ਮਜ਼ਬੂਤੀ ਤੇ ਵਿਸਤਾਰ ਉਤੇ ਨਿਰਭਰ ਕਰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਗਾਮੀ ਵਿੱਤੀ ਵਰ੍ਹੇ ਵਿੱਚ ਸਕੂਲ ਤੇ ਉਚੇਰੀ ਸਿੱਖਿਆ ਲਈ 17,072 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਿੱਚ ਬਦਲਣ ਲਈ 200 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਹਲਾ ਮਿਆਰੀ ‘ਸਕੂਲ ਆਫ ਐਮੀਨੈਂਸ’ ਵਿਦਿਆਰਥੀਆਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨਗੇ। ਇਨ੍ਹਾਂ ਸਕੂਲਾਂ ਦਾ ਨਿਰਮਾਣ ਸਹਿਯੋਗ ਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਅਕਾਦਮਿਕ, ਮਨੁੱਖੀ ਸਰੋਤ ਪ੍ਰਬੰਧਨ, ਖੇਡਾਂ ਤੇ ਸਹਿ-ਵਿੱਦਿਅਕ ਗਤੀਵਿਧੀਆਂ ਅਤੇ ਕਮਿਊਨਿਟੀ ਇਨਗੇਜਮੈਂਟ ਦੇ ਪੰਜ ਥੰਮ੍ਹਾਂ ਦੀ ਬੁਨਿਆਦ ਉਤੇ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਇਹ ਸਕੂਲ ਉਚੇਰੀ ਸਿੱਖਿਆ, ਰੋਜ਼ਗਾਰ, ਸਿਖਲਾਈ ਤੇ ਹੋਰ ਖ਼ੇਤਰਾਂ ਲਈ ਹੁਨਰ ਤੇ ਵਿਅਕਤੀਗਤ ਸਮਰੱਥਾ ਨੂੰ ਨਿਖਾਰਨ ਲਈ ਮੌਕੇ ਪੈਦਾ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਤੇ ਐਨ.ਡੀ.ਏ. ਸਣੇ ਪੰਜ ਪੇਸ਼ੇਵਰ ਤੇ ਮੁਕਾਬਲੇ ਵਾਲੇ ਕੋਰਸਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਉਤੇ ਧਿਆਨ ਕੇਂਦਰਤ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਦਾ ਮਿਆਰ ਚੁੱਕਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਲਈ ਸਰਕਾਰੀ ਸਕੂਲਾਂ ਦਾ ਮਾਹੌਲ ਅਨੁਕੂਲ ਬਣਾਉਣ ਵਾਸਤੇ ਬਜਟ ਵਿੱਚ 141.14 ਕਰੋੜ ਰੁਪਏ ਦੇ ਬਜਟ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੈਂਪਸ ਮੈਨੇਜਰਾਂ ਰਾਹੀਂ ਸਕੂਲਾਂ ਦੀ ਸਫ਼ਾਈ, ਸਾਮਾਨ ਦੀ ਸਾਂਭ-ਸੰਭਾਲ ਅਤੇ ਸਕੂਲਾਂ ਦਾ ਪ੍ਰਬੰਧਨ ਪ੍ਰਭਾਵਸ਼ਾਲੀ ਤਰੀਕੇ ਨਾਲ ਚੱਲਣਾ ਯਕੀਨੀ ਬਣੇਗਾ। ਕੈਂਪਸ ਮੈਨੇਜਰਾਂ ਦੇ ਆਉਣ ਨਾਲ ਸਕੂਲਾਂ ਦੇ ਪ੍ਰਿੰਸੀਪਲ ਪ੍ਰਬੰਧਕੀ ਤੇ ਅਕਾਦਮਿਕ ਫ਼ਰਜ਼ਾਂ ਉਤੇ ਧਿਆਨ ਦੇ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ ਉਤੇ ਕੰਮ ਕਰ ਰਹੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਸਿੱਖਿਆ ਪ੍ਰਬੰਧਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਦੇਣ ਲਈ ਇੰਟਰਨੈਸ਼ਨਲ ਐਜੁਕੇਸ਼ਨ ਅਫੇਅਰਜ਼ ਸੈੱਲ (ਆਈ.ਈ.ਏ.ਸੀ.) ਸਥਾਪਤ ਕੀਤਾ ਗਿਆ ਹੈ। ਗਿਆਨ ਦੇ ਪਰਸਪਰ ਵਟਾਂਦਰੇ ਦੀ ਲੋੜ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਇਹ ਇਕ ਪ੍ਰੇਰਕ ਵਜੋਂ ਕੰਮ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਦੇ ਵਿਦਿਆਰਥੀਆਂ ਤੇ ਹੋਰ ਮੁਲਕਾਂ ਦੇ ਵਿਦਿਆਰਥੀਆਂ ਵਿਚਾਲੇ ਗਿਆਨ ਦੇ ਪਰਸਪਰ ਵਟਾਂਦਰੇ ਨੂੰ ਵਧਾਉਣ ਉਤੇ ਧਿਆਨ ਦੇ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਵਿਦਿਆਰਥੀ ਵਿਸ਼ਵ ਦੀ ਸਮਾਜਿਕ-ਆਰਥਿਕ ਤਰੱਕੀ ਦੇ ਭਾਈਵਾਲ ਬਣਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਿੰਸੀਪਲ ਅਕੈਡਮੀ, ਸਿੰਗਾਪੁਰ ਵਿਖੇ 66 ਪ੍ਰਿੰਸੀਪਲਾਂ/ਅਧਿਆਪਕਾਂ ਦੇ ਬੈਚ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਵਾਪਸੀ `ਤੇ ਇਹ ਅਧਿਆਪਕ ਸਿਖਲਾਈ ਸਬੰਧੀ ਤਜਰਬੇ ਨੂੰ ਵਿਦਿਆਰਥੀਆਂ ਅਤੇ ਆਪਣੇ ਸਾਥੀ ਅਧਿਆਪਕਾਂ ਨਾਲ ਸਾਂਝਾ ਕਰਨਗੇ ਤਾਂ ਜੋ ਵਿਦਿਆਰਥੀ ਵਿਦੇਸ਼ੀ ਵਿੱਚ ਪੜ੍ਹਾਈ ਦੇ ਪੈਟਰਨ ਤੋਂ ਜਾਣੂ ਹੋ ਕੇ ਵਿਦੇਸ਼ਾਂ ਵਿੱਚ ਪੜ੍ਹੇ-ਲਿਖੇ ਆਪਣੇ ਸਾਥੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਹ ਇਕ ਕ੍ਰਾਂਤੀਕਾਰੀ ਕਦਮ ਹੈ, ਜੋ ਰਾਜ ਦੀ ਸਿੱਖਿਆ ਪ੍ਰਣਾਲੀ ਵਿੱਚ ਲੋੜੀਂਦੀ ਗੁਣਾਤਮਕ ਤਬਦੀਲੀ ਲਿਆ ਕੇ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੀ ਸਿਖਲਾਈ ਲਈ ਚੋਣ ਦਾ ਇੱਕੋ-ਇੱਕ ਮਾਪਦੰਡ ਯੋਗਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸਿੱਖਿਆ ਸੁਧਾਰਾਂ ਵਿੱਚ ਮੋਹਰੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਯਤਨਾਂ ਦਾ ਉਦੇਸ਼ ਨੌਜਵਾਨਾਂ ਨੂੰ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਦਾ ਸਰਗਰਮ ਭਾਈਵਾਲ ਬਣਾ ਕੇ ਹੁਨਰ ਦੀ ਹਿਜਰਤ ਦੇ ਰੁਝਾਨ ਨੂੰ ਮੋੜਾ ਪਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਅਹਿਮ ਪਹਿਲਕਦਮੀ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਦੇ ਸੁਧਾਰ ਲਈ ਮੀਲ ਪੱਥਰ ਸਾਬਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇੱਕ ਹੋਰ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਪੰਜਾਬ ਸਿੱਖਿਆ ਤੇ ਸਿਹਤ ਫੰਡ ਕਾਇਮ ਕੀਤਾ ਹੈ, ਜੋ ਪਰਵਾਸੀ ਭਾਰਤੀ ਭਾਈਚਾਰੇ ਦੇ ਸਹਿਯੋਗ ਨਾਲ ਸਿੱਖਿਆ ਅਤੇ ਸਿਹਤ ਖੇਤਰਾਂ ਵਿੱਚ ਵੱਡੇ ਸੁਧਾਰਾਂ ਲਈ ਅਹਿਮ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਵਿਸ਼ਵ ਭਰ ਦੇ ਲੋਕਾਂ ਨਾਲ ਸਬੰਧਤ ਮੁੱਦਿਆਂ ਅਤੇ ਸਮੱਸਿਆਵਾਂ ਨੂੰ ਉਜਾਗਰ ਕਰਕੇ ਸਰਕਾਰਾਂ ਨੂੰ ਜਾਗਰੂਕ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਇਹ ਵੀ ਕਿਹਾ ਕਿ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਦੀ ਇਸ ਧਰਤੀ `ਤੇ ਇਸ ਮੈਗਾ ਸਮਾਗਮ ਦੇ ਪ੍ਰਬੰਧ ਲਈ ਭਾਰਤ ਸਰਕਾਰ ਸੱਚਮੁੱਚ ਵਧਾਈ ਦੀ ਪਾਤਰ ਹੈ। ਭਗਵੰਤ ਮਾਨ ਨੇ ਕਿਹਾ ਕਿ ਆਪੋ-ਆਪਣੇ ਦੇਸ਼ਾਂ ਦੀ ਨੁਮਾਇੰਦਗੀ ਕਰਨ ਵਾਲੀਆਂ ਉੱਘੀਆਂ ਸ਼ਖਸੀਅਤਾਂ ਦਾ ਸਵਾਗਤ ਕਰਨ ਲਈ ਇੱਥੇ ਆਉਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਮੁੱਖ ਮੰਤਰੀ ਨੇ ਸਿੱਖਿਆ ਅਤੇ ਕਿਰਤ ਵਿਸ਼ੇ `ਤੇ ਦੋ ਸੈਸ਼ਨ ਕਰਵਾਉਣ ਲਈ ਇਸ ਪਵਿੱਤਰ ਨਗਰੀ ਦੀ ਚੋਣ ਕਰਨ ਵਾਸਤੇ ਭਾਰਤ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪਵਿੱਤਰ ਸ਼ਹਿਰ ਹੈ, ਜਿਸ ਦੀ ਪੁਰਾਣੇ ਸਮਿਆਂ ਤੋਂ ਹੀ ਸਭ ਲਈ ਵਿਸ਼ੇਸ਼ ਥਾਂ ਰਹੀ ਹੈ, ਜਿੱਥੇ ਦੁਨੀਆ ਭਰ ਦੇ ਸ਼ਰਧਾਲੂ ਸ਼ਾਂਤੀ ਅਤੇ ਸਕੂਨ ਦੀ ਪ੍ਰਾਪਤੀ ਲਈ ਨਤਮਸਤਕ ਹੋਣ ਲਈ ਆਉਂਦੇ ਹਨ। ਭਗਵੰਤ ਮਾਨ ਨੇ ਯਾਦ ਕੀਤਾ ਕਿ ਵੰਡ ਤੋਂ ਪਹਿਲਾਂ ਦੇ ਦਿਨਾਂ ਵਿੱਚ ਇਹ ਪਵਿੱਤਰ ਸ਼ਹਿਰ ਦੇਸ਼ ਵਿੱਚ ਵਪਾਰ ਅਤੇ ਵਪਾਰਕ ਗਤੀਵਿਧੀਆਂ ਦਾ ਪ੍ਰਮੁੱਖ ਕੇਂਦਰ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅੰਮ੍ਰਿਤਸਰ ਨੂੰ ਮੁੜ ਵਪਾਰਕ ਕੇਂਦਰ ਵਜੋਂ ਵਿਕਸਤ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਕਈ ਨਾਮਵਰ ਕੌਮੀ ਅਤੇ ਕੌਮਾਂਤਰੀ ਕੰਪਨੀਆਂ ਨੇ ਇਸ ਪਵਿੱਤਰ ਸ਼ਹਿਰ ਵਿੱਚ ਆਪਣੇ ਉੱਦਮ ਸਥਾਪਤ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਪੁਰਾਣੇ ਸਮੇਂ ਤੋਂ ਸੱਭਿਅਤਾ ਅਤੇ ਸੱਭਿਆਚਾਰ ਦਾ ਪੰਘੂੜਾ ਰਿਹਾ ਹੈ ਅਤੇ ਪੰਜ ਦਰਿਆਵਾਂ ਦੀ ਇਸ ਪਵਿੱਤਰ ਧਰਤੀ `ਤੇ ਮਿਹਨਤੀ ਅਤੇ ਬਹਾਦਰ ਪੰਜਾਬੀਆਂ ਨੇ ਇਤਿਹਾਸ ਦੇ ਕਈ ਪੰਨਿਆਂ ਨੂੰ ਨੇੜਿਓਂ ਦੇਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 1960 ਦੇ ਦਹਾਕੇ ਦੇ ਅੱਧ ਵਿੱਚ ਹਰੀ ਕ੍ਰਾਂਤੀ ਦੀ ਸ਼ੁਰੂਆਤ ਹੋਈ, ਜਿਸ ਤੋਂ ਬਾਅਦ ਹੌਜ਼ਰੀ, ਹੈਂਡ ਟੂਲਜ਼, ਖੇਡਾਂ, ਆਟੋ-ਪਾਰਟਸ, ਖੇਤੀਬਾੜੀ ਸੰਦਾਂ, ਰਬੜ ਅਤੇ ਹੋਰ ਸਨਅਤਾਂ ਦੇ ਰੂਪ ਵਿੱਚ ਤੇਜ਼ੀ ਨਾਲ ਉਦਯੋਗੀਕਰਨ ਹੋਇਆ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਹੋਣ ਦਾ ਮਾਣ ਵੀ ਹਾਸਲ ਹੈ ਅਤੇ ਇੱਥੋਂ ਦੇ ਲੋਕ ਆਪਣੀ ਹਿੰਮਤ ਅਤੇ ਉੱਦਮ ਦੀ ਭਾਵਨਾ ਲਈ ਪੂਰੀ ਦੁਨੀਆ ਵਿੱਚ ਜਾਣੇ ਜਾਂਦੇ ਹਨ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਸੰਮੇਲਨ ਦੌਰਾਨ ਡੈਲੀਗੇਟ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨਗੇ। ਉਨ੍ਹਾਂ ਕਿਹਾ ਕਿ ਇੱਥੇ ਆਉਣ ਵਾਲੇ ਡੈਲੀਗੇਟ ਪੰਜਾਬ ਫੇਰੀ ਦੀਆਂ ਨਿੱਘੀਆਂ ਯਾਦਾਂ ਆਪਣੇ ਨਾਲ ਲੈ ਕੇ ਜਾਣਗੇ। ਭਗਵੰਤ ਮਾਨ ਸੰਮੇਲਨ ਦੀ ਸਫ਼ਲਤਾ ਦੀ ਕਾਮਨਾ ਵੀ ਕੀਤੀ।