ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼

  • ਕਿਸਾਨਾਂ ਨੂੰ ਸਬਸਿਡੀਆਂ ਦੀ ਸਮੇਂ ਸਿਰ ਵੰਡ 'ਤੇ ਦਿੱਤਾ ਜ਼ੋਰ
  • ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ

ਚੰਡੀਗੜ੍ਹ, 13 ਮਈ 2025 : ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਖੇਤੀ ਭਵਨ, ਮੋਹਾਲੀ ਵਿਖੇ ਕੀਤੀ ਸਮੀਖਿਆ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਅਤੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਕਿ ਕਿਸਾਨਾਂ ਲਈ ਬਾਗ਼ਬਾਨੀ ਖੇਤਰ ਵਿੱਚ ਹੋਰ ਬਿਹਤਰ ਮੌਕੇ ਯਕੀਨੀ ਬਣਾਏ ਜਾ ਸਕਣ। ਉਨ੍ਹਾਂ ਅੱਗੇ ਕਿਹਾ ਕਿ ਬਾਗਬਾਨੀ ਨੂੰ ਉਤਸ਼ਾਹਿਤ ਕਰਨਾ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਅਤੇ ਸੂਬੇ ਵਿੱਚ ਖੇਤੀਬਾੜੀ ਵਿਭਿੰਨਤਾ ਨੂੰ ਅਪਣਾਉਣ ਵੱਲ ਮਹੱਤਵਪੂਰਨ ਕਦਮ ਹੈ। ਸ੍ਰੀ ਮੋਹਿੰਦਰ ਭਗਤ ਨੇ ਕਿਸਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਸਬਸਿਡੀਆਂ ਦੀ ਸਮੇਂ ਸਿਰ ਵੰਡ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਤਾਂ ਜੋ ਉਹਨਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਬਾਗਬਾਨੀ ਨਾਲ ਸਬੰਧਤ ਸਾਰੀਆਂ ਪਹਿਲਕਦਮੀਆਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਅਤੇ ਜ਼ਮੀਨੀ ਪੱਧਰ 'ਤੇ ਕਿਸਾਨਾਂ ਨਾਲ ਸਰਗਰਮੀ ਨਾਲ ਜੁੜਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੀਟਿੰਗ ਦੌਰਾਨ ਸਕੱਤਰ ਬਾਗਬਾਨੀ ਸ੍ਰੀ ਮੁਹੰਮਦ ਤਈਅਬ ਅਤੇ ਡਾਇਰੈਕਟਰ ਬਾਗਬਾਨੀ ਸ੍ਰੀਮਤੀ ਸ਼ੈਲੇਂਦਰ ਕੌਰ ਨੇ ਕੈਬਨਿਟ ਮੰਤਰੀ ਨੂੰ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਜੈਕਟਾਂ ਤਹਿਤ ਹੋਈ ਪ੍ਰਗਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਵਿਭਾਗ ਦੀਆਂ ਮੁੱਖ ਪ੍ਰਾਪਤੀਆਂ 'ਤੇ ਵੀ ਚਾਨਣਾ ਪਾਇਆ ਅਤੇ ਖੇਤਰੀ ਪੱਧਰ 'ਤੇ ਲਾਗੂਕਰਨ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ। ਇਸ ਮੌਕੇ ਡਿਪਟੀ ਡਾਇਰੈਕਟਰ ਬਾਗਬਾਨੀ ਸ੍ਰੀ ਦਲਬੀਰ ਸਿੰਘ, ਸ੍ਰੀ ਹਰਮੇਲ ਸਿੰਘ, ਡਾ. ਹਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।