ਹਾਈਕੋਰਟ 'ਚ ਮਿਊਂਸਪਲ ਕੌਂਸਲ ਚੋਣਾਂ ਨੂੰ ਲੈ ਕੇ ਪਟੀਸ਼ਨ ਦਾਖਲ, ਪੰਜਾਬ ਸਰਕਾਰ ਨੂੰ ਜਵਾਬ ਦਾਖਲ ਕਰਨ ਦੇ ਦਿੱਤੇ ਹੁਕਮ 

ਚੰਡੀਗੜ੍ਹ, 19 ਜੁਲਾਈ 2024 : ਪੰਜਾਬ ਦੀਆਂ ਮਿਊਂਸੀਪਲ ਕੌਂਸਲ ਚੋਣਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ 'ਚ ਇੱਕ ਪਟੀਸ਼ਨ ਦਾਖਲ ਕੀਤੀ ਗਈ ਹੈ। ਪਟੀਸ਼ਨਕਰਤਾ ਵੱਲੋਂ 42 ਮਿਊਂਸੀਪਲ ਕੌਂਸਲ ਦੀਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਹੈ, ਜਿਸ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ 'ਚ ਇਹ ਜਨਹਿਤ ਪਟੀਸ਼ਨ ਮਲੇਰਕੋਟਲਾ ਦੇ ਬੇਅੰਤ ਸਿੰਘ ਨੇ ਦਾਖਲ ਕੀਤੀ ਹੈ। ਐਡਵੋਕੇਟ ਭੀਸ਼ਮ ਕਿੰਗਰ ਰਾਹੀਂ ਦਾਇਰ ਕੀਤੀ ਗਈ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਪੰਜਾਬ ਦੀਆਂ 42 ਨਗਰ ਕੌਂਸਲਾਂ ਦਾ ਕਾਰਜਕਾਲ ਕਈ ਮਹੀਨੇ ਪਹਿਲਾਂ ਖਤਮ ਹੋਇਆ ਹੈ, ਇਨ੍ਹਾਂ ਵਿੱਚੋਂ ਕਈਆਂ ਦਾ ਕਾਰਜਕਾਲ ਖਤਮ ਹੋਏ ਨੂੰ 3 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਨਤੀਜੇ ਵੱਜੋਂ ਵਿਕਾਸ ਦੇ ਸਾਰੇ ਕੰਮ ਠੱਪ ਪਏ ਹਨ, ਜਿਨ੍ਹਾਂ ਨੂੰ ਮੁੜ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ। ਇਸ ਲਈ ਸਾਰੀਆਂ ਨਗਰ ਕੌਂਸਲ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕੀਤੀ ਗਈ ਹੈ। ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਵਿਕਾਸ ਸੂਰੀ ਨੇ ਸਰਕਾਰ ਨੂੰ ਇਸ ਮਾਮਲੇ ਵਿਚ 25 ਜੁਲਾਈ ਤੱਕ ਆਪਣਾ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਪਟੀਸ਼ਨ ਮੁਤਾਬਕ ਸੂਬੇ ਦੀਆਂ ਜ਼ਿਆਦਾਤਰ ਨਗਰ ਕੌਂਸਲਾਂ ਦਾ ਕਾਰਜਕਾਲ ਦਸੰਬਰ 2022 ਵਿਚ ਖ਼ਤਮ ਹੋ ਚੁੱਕਾ ਹੈ। ਪਰ ਅਜੇ ਤੱਕ ਚੋਣਾਂ ਨਹੀਂ ਕਰਵਾਈਆਂ ਗਈਆਂ। ਅਦਾਲਤ ਨੂੰ ਦੱਸਿਆ ਗਿਆ ਕਿ 1 ਅਗਸਤ 2023 ਨੂੰ ਸਥਾਨਕ ਸਰਕਾਰਾਂ ਵਿਭਾਗ ਨੇ ਨਗਰ ਕੌਂਸਲ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜੋ ਕਿ 1 ਨਵੰਬਰ 2023 ਨੂੰ ਹੋਣੀਆਂ ਸਨ। ਪਰ ਅੱਜ ਤੱਕ ਚੋਣਾਂ ਨਹੀਂ ਕਰਵਾਈਆਂ ਗਈਆਂ। ਪਟੀਸ਼ਨ ਮੁਤਾਬਕ ਉਨ੍ਹਾਂ ਨੇ 5 ਜੁਲਾਈ ਨੂੰ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਕਾਨੂੰਨੀ ਨੋਟਿਸ ਭੇਜਿਆ ਸੀ ਪਰ ਅਜੇ ਤੱਕ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਆਇਆ। ਇਸ ਲਈ ਹੁਣ ਉਹ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਹਦਾਇਤਾਂ ਦੀ ਮੰਗ ਕਰਨ ਲਈ ਮਜ਼ਬੂਰ ਹੈ। ਉਨ੍ਹਾਂ ਦੱਸਿਆ ਕਿ ਸੰਵਿਧਾਨ ਅਨੁਸਾਰ ਨਗਰ ਕੌਂਸਲ ਚੋਣਾਂ ਆਪਣੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ ਕਰਵਾਉਣੀਆਂ ਜ਼ਰੂਰੀ ਹਨ ਪਰ ਸਰਕਾਰ ਨੇ ਅਜੇ ਤੱਕ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ।