ਸਰਕਾਰ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਕਾਂਗਰਸ ਨੂੰ ਆਪਣੀ ਪੀੜੀ ਥੱਲੇ ਸੋਟਾ ਫੇਰ ਲੈਣਾ ਚਾਹੀਦਾ ਹੈ : ਮੰਤਰੀ ਅਮਨ ਅਰੋੜਾ

ਚੰਡੀਗੜ੍ਹ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਅੱਜ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕਾਂ ਨੂੰ ਭਾਜਪਾ, ਜਿਸ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣ ਲਈ 'ਆਪ੍ਰੇਸ਼ਨ ਲੋਟਸ' ਸ਼ੁਰੂ ਕੀਤਾ, ਦੀ 'ਬੀ' ਟੀਮ ਵਜੋਂ ਕੰਮ ਕਰਨ ਅਤੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਰੋਜ਼ਾਨਾ ਹੰਗਾਮਾ ਕਰਨ ਲਈ ਕਰੜੇ ਹੱਥੀਂ ਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਕਾਂਗਰਸ ਨੂੰ ਆਪਣੀ ਪੀੜੀ ਥੱਲੇ ਸੋਟਾ ਫੇਰ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋਸ਼ੀਆਂ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਜਵਾਬ ਦਿੰਦਿਆਂ ਮੰਤਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿਛਲੀਆਂ ਸਰਕਾਰਾਂ ਸਮੇਂ ਬਦਤਰ ਹੋਈ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਲਈ ਯਤਨਸ਼ੀਲ ਹੈ। ਵਿਰੋਧੀ ਧਿਰ ਨੂੰ ਉਨ੍ਹਾਂ ਦੇ ਕਾਰਜਕਾਲ ਸਮੇਂ ਪੰਜਾਬ ਵਿੱਚ ਵਿਗੜੇ ਹਾਲਾਤਾਂ ਬਾਰੇ ਯਾਦ ਕਰਵਾਉਂਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਪਾਰਟੀਆਂ ਦੀਆਂ ਸਰਕਾਰਾਂ ਸਮੇਂ ਸੂਬੇ ਵਿੱਚ ਮਿੱਥ ਕੇ ਹੱਤਿਆਵਾਂ ਹੋਈਆਂ,ਜਿਨ੍ਹਾਂ ਵਿੱਚ ਗੁਰਦੀਪ ਪਹਿਲਵਾਨ, ਮਹਿੰਦਰਪਾਲ ਬਿੱਟੂ, ਦੋ ਏਐੱਸਆਈ, ਕਾਮਰੇਡ ਬਲਵਿੰਦਰ ਸਿੰਘ, ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਅਤੇ ਮਾਤਾ ਚੰਦ ਕੌਰ ਸ਼ਾਮਲ ਹਨ। ਸ੍ਰੀ ਅਮਨ ਅਰੋੜਾ ਨੇ ਸਵਾਲ ਕੀਤਾ ਕਿ ਕੀ ਤੁਹਾਡੀ ਸਰਕਾਰ ਸਮੇਂ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਬਦਤਰ ਨਹੀਂ ਸੀ? ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਇਕਦਮ ਨਹੀਂ ਵਿਗੜਦੀ ਅਤੇ ਅਸੀਂ ਪਿਛਲੀਆਂ ਸਰਕਾਰਾਂ ਵੱਲੋਂ ਵਿਗਾੜੇ ਮਾਹੌਲ ਨੂੰ ਸੁਧਾਰਨ ਲਈ ਸਿਰਤੋੜ ਯਤਨ ਕਰ ਰਹੇ ਹਾਂ। ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਦੀਪਕ ਟੀਨੂੰ, ਜੋ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁਲਜ਼ਮ ਹੈ, ਦੇ ਫ਼ਰਾਰ ਹੋਣ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਲੁੱਕਆਊਟ ਸਰਕੂਲਰ ਜਾਰੀ ਕਰ ਕੇ ਫ਼ਰਾਰ ਹੋਏ ਵਿਅਕਤੀ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮਾਨਸਾ ਦੇ ਸੀਆਈਏ ਸਟਾਫ਼ ਦੇ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਬਰਖ਼ਾਸਤ ਕਰਕੇ ਤੁਰੰਤ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ਹੁਣ ਤੁਰੰਤ ਕਾਰਵਾਈ ਯਕੀਨੀ ਬਣਾਈ ਜਾ ਰਹੀ ਹੈ।