ਪੰਜਾਬ ਗੁਰੂਆਂ, ਪੀਰਾਂ, ਸੂਰਬੀਰਾਂ ਅਤੇੇ ਯੋਧਿਆਂ ਦੀ ਧਰਤੀ ਹੈ, ਜਿਸਨੇ ਹਮੇਸ਼ਾਂ ਦੇਸ਼ ਵਿਰੋਧੀ ਤਾਕਤਾਂ ਨਾਲ ਲੋਹਾ ਲੈਂਦਿਆਂ ਮੂੰਹ ਤੋੜਵਾਂ ਜਵਾਬ ਦਿੱਤਾ ਹੈ : ਰਾਜਪਾਲ ਕਟਾਰੀਆ

  • ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਲੋਕਾਂ ਨੂੰ ਦਿੱਤਾ ਸੱਦਾ
  • ਰਾਜਪਾਲ ਪੰਜਾਬ ਨੇ ਦੂਜੇ ਦਿਨ ਫਤਿਹਗੜ੍ਹ ਚੂੜੀਆਂ ਵਿਖੇ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਕੀਤੀ ਅਗਵਾਈ

ਫਤਿਹਗੜ੍ਹ ਚੂੜੀਆਂ, 4 ਅਪ੍ਰੈਲ 2025 : ਪੰਜਾਬ ਦੇ ਰਾਜਪਾਲ ਅਤੇ ਪ੍ਰਧਾਨ, ਭਾਰਤੀ ਰੈੱਡ ਕਰਾਸ ਸੋਸਇਟੀ, ਪੰਜਾਬ, ਸ੍ਰੀ ਗੁਲਾਬ ਚੰਦ ਕਟਾਰੀਆ ਵਲੋਂ ਨਸ਼ੇ ਦੀ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਜਨ ਅੰਦੋਲਨ ਵਿੱਢਣ ਦਾ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਹੀ ਇਸ ਅਲਾਮਤ ਨਾਲ ਨਜਿੱਠਿਆ ਜਾ ਸਕਦਾ ਹੈ। ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵਲੋਂ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੇ ਅੱਜ ਦੂਜੇ ਦਿਨ ਫਤਿਹਗੜ੍ਹ ਚੂੜੀਆਂ ਤੋਂ ਪੈਦਲ ਯਾਤਰਾ ਦੀ ਸ਼ੁਰੂਆਤ ਕਰਨ ਮੌਕੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਮੈਂ ਸਾਰੇ ਲੋਕਾਂ ਦਾ ਧੰਨਵਾਦ ਕਰਦਾ ਹਾਂ, ਜਿਨਾਂ ਵਲੋਂ ਇਸ ਪੈਦਲ ਯਾਤਰਾ ਵਿੱਚ ਹਿੱਸਾ ਲਿਆ ਗਿਆ। ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਸੂਰਬੀਰਾਂ ਅਤੇੇ ਯੋਧਿਆਂ ਦੀ ਧਰਤੀ ਹੈ, ਜਿਸਨੇ ਹਮੇਸ਼ਾਂ ਦੇਸ਼ ਵਿਰੋਧੀ ਤਾਕਤਾਂ ਨਾਲ ਲੋਹਾ ਲੈਂਦਿਆਂ ਉਨਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਉਨਾਂ ਕਿਹਾ ਕਿ ਪੰਜਾਬੀਆਂ ਨੇ ਆਪਣੀਆਂ ਜਾਨਾਂ ਨਿਛਾਵਰ ਕਰਕੇ ਦੇਸ਼ ਦੀ ਹਮੇਸ਼ਾ ਸੁਰੱਖਿਆ ਕੀਤੀ ਹੈ ਅਤੇ ਅੱਜ ਵੀ ਪੰਜਾਬੀ ਨੌਜਵਾਨ ਫੌਜ ਵਿੱਚ ਆਪਣੀ ਡਿਊਟੀ ਨਿਭਾ ਕੇ ਦੇਸ਼ ਦੀ ਸੇਵਾ ਕਰ ਰਹੇ ਹਨ। ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਇੱਥੋਂ ਦੀ ਧਰਤੀ ਨੇ ਜ਼ੁਲਮ ਵਿਰੁੱਧ ਬਲੀਦਾਨ ਦਿੱਤੇ ਹਨ। ਉਨਾਂ ਗੁਰੂ ਗੋਬਿੰਦ ਸਿੰਘ ਜੀ ਦੇ ਸਰਹਿੰਦ ਵਿੱਚ ਧਰਮ ਦੀ ਰੱਖਿਆ ਖਾਤਰ ਦੀਵਾਰ ’ਚ ਚਿਣ ਕੇ ਸ਼ਹੀਦ ਕੀਤੇ ਗਏ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਵੱਲੋਂ ਕ੍ਰਮਵਾਰ 9 ਅਤੇ 7 ਸਾਲ ਦੀ ਉਮਰ ਵਿੱਚ ਜ਼ੁਲਮ ਦੀ ਇੰਤਹਾ ਵਿਰੁੱਧ ਦਿੱਤੇ ਸੁਨੇਹੇ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਵੀ ਜਦੋਂ ਉਸ ਥਾਂ ’ਤੇ ਜਾਈਏ ਤਾਂ ਅੱਖਾਂ ਨਮ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀ ਮਹਾਨ ਧਰਤੀ ’ਤੇ ਪੈਦਾ ਹੋਣ ਵਾਲੇ ਬਹਾਦਰ ਪੰਜਾਬੀਆਂ ਨੂੰ ਅੱਜ ਬਾਹਰੀ ਤਾਕਤਾਂ ਵੱਲੋਂ ਸਰੀਰਕ ਤੌਰ ’ਤੇ ਕਮਜ਼ੋਰ ਕਰਨ ਦੀ ਇਸ ਸਾਜਿਸ਼ ਦਾ ਸਾਨੂੰ ਡੱਟ ਕੇ ਵਿਰੋਧ ਕਰਨਾ ਚਾਹੀਦਾ ਹੈ ਅਤੇ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਨੂੰ ਜੜੋਂ ਪੁੱਟਣ ’ਚ ਸਰਕਾਰ ਵੱਲੋਂ ਆਰੰਭੀ ਲੜਾਈ ’ਚ ਸਾਥ ਦੇਣਾ ਚਾਹੀਦਾ ਹੈ। ਉਨਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਅਤੇ ਨਸ਼ਾ ਮੁਕਤ ਭਾਰਤ ਬਣਾਉਣਾ ਹੀ ਸਾਡਾ ਮੰਤਵ ਹੈ ਅਤੇ ਮੈਨੂੰ ਪੂਰਾ ਭਰੋਸਾ ਹੈ ਕਿ ਅਸੀਂ ਰਲ ਕੇ ਇਸ ਜੰਗ ਨੂੰ ਜਰੂਰ ਜਿੱਤਾਂਗੇ। ਉਨਾਂ ਕਿਹਾ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਪਰ ਸਾਡੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੀ ਮੋਜੂਦਾ ਤੇ ਆਉਣ ਵਾਲੀ ਪੀੜੀ ਨੂੰ ਬਚਾਉਣ ਲਈ ਅੱਗੇ ਆਈਏ ਤੇ ਇਸ ਜਨ ਅੰਦੋਲਨ ਦਾ ਹਿੱਸਾ ਬਣੀਏ। ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਨਸ਼ੇ ਵਰਗੀ ਬੁਰਾਈ ਸਮਾਜ ਵਿਚ ਆਈ ਹੈ ਅਤੇ ਸਾਨੂੰ ਮਿਲ ਕੇ ਉਸਦਾ ਸਾਹਮਣਾ ਕਰਨਾ ਹੋਵੇਗਾ। ਉਨਾਂ ਪਿੰਡ ਤੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਗਲੀਆਂ-ਮੁਹੱਲਿਆਂ ਦੇ ਬਾਹਰ ਬੋਰਡ ਲਗਾਉਣ ਕਿ ਅਸੀਂ ਇਸ ਬੁਰਾਈ ਦਾ ਡੱਟ ਕੇ ਵਿਰੋਧ ਕਰਦੇ ਹਾਂ ਅਤੇ ਨਸ਼ੇ ਨੂੰ ਖਤਮ ਕਰਨ ਲਈ ਪੂਰਨ ਸਹਿਯੋਗ ਕਰਾਂਗੇ। ਰਾਜਪਾਲ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਹੁਣ ਪੰਜਾਬ ਦੇ ਹਰ ਜਾਗਰੂਕ ਨਾਗਰਿਕ ਲਈ ਮੌਕਾ ਹੈ ਕਿ ਉਹ ਇਸ ਲੜਾਈ ’ਚ ਸਰਕਾਰ ਦਾ ਸਾਥ ਦੇਵੇ ਅਤੇ ਪੰਜਾਬ ਦੀ ਧਰਤੀ ਨੂੰ ਨਸ਼ਾ ਮੁਕਤ ਬਣਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਪੱਧਰ ’ਤੇ ਕੀਤੇ ਜਾ ਰਹੇ ਯਤਨਾਂ ਤਹਿਤ ਐਨ.ਡੀ.ਪੀ.ਅੱੈਸ. ਐਕਟ ਤਹਿਤ ਸਭ ਤੋਂ ਵੱਧ ਸਜ਼ਾ ਵੀ ਪੰਜਾਬ ’ਚ ਹੀ ਨੀਯਤ ਕੀਤੀ ਹੋਈ ਹੈ ਅਤੇ ਜੋ ਲੋਕ ਕਿਸੇ ਕਾਰਨ ਇਸ ਬਿਮਾਰੀ ਦੀ ਲਪੇਟ ਵਿੱਚ ਆ ਗਏ ਹਨ, ਉਨਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਖ ਮੁਫਤ ਇਲਾਜ ਕਰਵਾ ਕੇ ਮੁੜ ਵਸੇਬਾ ਕਰਵਾਇਆ ਜਾ ਰਿਹਾ ਹੈ। ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਗੇ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਤਸਕਰੀ ਦੇ ਕਈ ਢੰਗ ਤਰੀਕੇ ਵਰਤੇ ਜਾਂਦੇ ਹਨ ਜਿਨ੍ਹਾਂ ਵਿਚੋਂ ਇੱਕ ਡਰੋਨ ਰਾਹੀਂ ਸਰਹੱਦ ਪਾਰੋਂ ਨਸ਼ਾ ਭੇਜਣਾ ਵੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸੁਰੱਖਿਆ ਫੋਰਸਾਂ ਲੋਕਾਂ ਦੇ ਸਹਿਯੋਗ ਨਾਲ ਡਰੋਨ ਗਤੀਵਿਧੀਆਂ ਉੱਪਰ ਵੀ ਰੋਕ ਲਗਾਉਣ ਵਿੱਚ ਕਾਫੀ ਹੱਦ ਤੱਕ ਸਫਲ ਹੋਈਆਂ ਹਨ ਅਤੇ ਇਸ ਨੂੰ ਪੂਰੀ ਤਰ੍ਹਾਂ ਰੋਕਣ ਲਈ ਕੰਮ ਕੀਤਾ ਜਾ ਰਿਹਾ ਹੈ। ਅੱਜ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਪੈਦਲ ਯਾਤਰਾ ਬੰਦੇਸ਼ਾ ਰਿਜੋਰਟ, ਪਿੰਡ ਢਾਂਡੇ ਤੋਂ ਸ਼ੁਰੂ ਹੋ ਕੇ ਫਤਿਹਗੜ੍ਹ ਚੂੜੀਆਂ ਦੇ ਬਜ਼ਾਰਾਂ ਵਿਚੋਂ ਦੀ ਹੁੰਦੀ ਹੋਈ ਪੰਡਿਤ ਮੋਹਨ ਲਾਲ ਐਸ.ਡੀ ਕਾਲਜ (ਲੜਕੀਆਂ) ਫਤਿਹਗੜ੍ਹ ਚੂੜੀਆਂ ਵਿਖੇ ਸਮਾਪਤ ਹੋਈ। ਯਾਤਰਾ ਦੇ ਅਖੀਰ ਵਿੱਚ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਸਮੂਹ ਹਾਜ਼ਰੀਨ ਨੂੰ ਨਸ਼ਾ ਮੁਕਤ ਪੰਜਾਬ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਦੀ ਸਹੁੰ ਵੀ ਚੁਕਾਈ ਗਈ। ਪੈਦਲ ਯਾਤਰਾ ਦੌਰਾਨ ਜ਼ਿਲ੍ਹਾ ਵਾਸੀਆਂ ਵੱਲੋਂ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ ਅਤੇ ਸਮਾਜ ਦੇ ਹਰ ਵਰਗ ਨੇ ਪੂਰੇ ਉਤਸ਼ਾਹ ਨਾਲ ਇਸ ਪੈਦਲ ਯਾਤਰਾ ਵਿੱਚ ਹਿੱਸਾ ਲਿਆ। ਇਸ ਤੋਂ ਬਾਅਦ ਮਾਣਯੋਗ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਦੇ ਪ੍ਰਤੀਨਿਧੀਆਂ ਨਾਲ ਵੀ ਮੀਟਿੰਗ ਕੀਤੀ ਅਤੇ ਨਸ਼ੇ ਦੀ ਰੋਕਥਾਮ ਵਿੱਚ ਉਨ੍ਹਾਂ ਦਾ ਸਹਿਯੋਗ ਮੰਗਿਆ। ਉਨ੍ਹਾਂ ਵਿਲੇਜ ਡਿਫੈਂਸ ਕਮੇਟੀਆਂ ਵੱਲੋਂ ਮਿਸਾਲੀ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਮੇਟੀ ਮੈਂਬਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਵਿਲੇਜ ਡਿਫੈਂਸ ਕਮੇਟੀ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਨਸ਼ਿਆਂ ਦੇ ਖਾਤਮੇ ਲਈ ਉਨ੍ਹਾਂ ਦੇ ਕੀਮਤੀ ਸੁਝਾਅ ਵੀ ਲਏ। ਇਸ ਮੌਕੇ ਸ੍ਰੀ ਵਿਵੇਕ ਪ੍ਰਤਾਪ ਸਿੰਘ, ਪ੍ਰਿੰਸੀਪਲ ਸਕੱਤਰ, ਰਾਜਪਾਲ ਪੰਜਾਬ, ਸ੍ਰੀ ਸ਼ਿਵਦੁਲਾਰ ਸਿੰਘ ਢਿਲੋਂ, ਸਕੱਤਰ, ਭਾਰਤੀ ਰੈੱਡ ਕਰਾਸ ਸੁਸਾਇਟੀ ਪੰਜਾਬ, ਸ੍ਰੀ ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਸਤਿੰਦਰ ਸਿੰਘ ਡੀ.ਆਈ.ਜੀ.(ਬਾਰਡਰ ਰੇਂਜ) ਸ੍ਰੀ ਅੰਮ੍ਰਿਤਸਰ, ਦਿਲਜਿੰਦਰ ਸਿੰਘ ਐੱਸ.ਐੱਸ.ਪੀ. ਪਠਾਨਕੋਟ, ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀਮਤੀ ਵੀਰਪਾਲ ਕੋਰ ਐਸ.ਡੀ.ਐਮ ਫਤਿਹਗੜ੍ਹ ਚੂੜੀਆਂ, ਗੁਰਪ੍ਰੀਤ ਸਿੰਘ ਡੀਡੀਪੀਓ, ਰਣਪ੍ਰੀਤ ਸਿੰਘ ਆਰ.ਟੀ.ਏ, ਨੈਸ਼ਨਲ ਐਵਾਰਡੀ ਰੋਮੇਸ ਮਹਾਜਨ ਰਾਜੇਸ਼ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸ), ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਂਸ਼ ਕਾਊਂਸਲਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਧਾਰਮਿਕ, ਸਮਾਜਿਕ, ਸਿੱਖਿਆ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।