ਪੰਜਾਬ ਪੁਲਿਸ ਨੇ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ 3 ਸਾਥੀ ਗ੍ਰਿਫ਼ਤਾਰ

ਚੰਡੀਗੜ੍ਹ, 19 ਜੁਲਾਈ 2024 : ਪੰਜਾਬ ਪੁਲਿਸ ਨੇ ਫਿਰੌਤੀ ਨਾਲ ਜੁੜੇ ਇੱਕ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਅਮਰੀਕਾ ਵਿੱਚ ਲੁਕੇ ਹੋਏ ਅੱਤਵਾਦੀ ਗੋਲਡੀ ਬਰਾੜ ਅਤੇ ਲਾਰੈਂਸ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ, ਪੰਜ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ x 'ਤੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਰਾਜਪੁਰਾ ਪੁਲਿਸ ਨੇ ਮਾਮਲਾ ਸੁਲਝਾ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਫਿਲਹਾਲ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਬਾਰੇ ਜਲਦ ਹੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਪੁਲਿਸ ਅਨੁਸਾਰ ਜਨਵਰੀ 2024 ਵਿੱਚ ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਦੇ ਘਰ ਹੋਈ ਗੋਲੀਬਾਰੀ ਪਿੱਛੇ ਵੀ ਗੋਲਡੀ ਬਰਾੜ ਦਾ ਹੱਥ ਸੀ। ਗੋਲਡੀ ਬਰਾੜ ਐਨਆਈਏ ਦੀ ਮੋਸਟ ਵਾਂਟੇਡ ਸੂਚੀ ਵਿੱਚ ਸ਼ਾਮਲ ਹੈ। ਪੁਲਿਸ ਨੇ ਉਸ 'ਤੇ 10 ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਇਸ ਦੇ ਨਾਲ ਹੀ ਉਹ ਚੰਡੀਗੜ੍ਹ ਪੁਲੀਸ ਦੇ ਕੇਸ ਵਿੱਚ ਵੀ ਭਗੌੜਾ ਹੈ। ਜ਼ਿਕਰ ਕਰ ਦਈਏ ਕਿ ਲਾਰੈਂਸ ਬਿਸ਼ਨੋਈ ਇਸ ਸਮੇਂ ਗੁਜਰਾਤ ਦੀ ਜੇਲ੍ਹ ਵਿੱਚ ਬੰਦ ਹੈ। ਅਜਿਹੇ 'ਚ ਵਿਦੇਸ਼ 'ਚ ਬੈਠਾ ਗੋਲਡੀ ਬਰਾੜ ਸਾਰਾ ਗੈਂਗ ਚਲਾ ਰਿਹਾ ਹੈ। ਉਹ ਨੈਟਵਰਕ ਵਿੱਚ ਸ਼ਾਮਲ ਲੋਕਾਂ ਨੂੰ ਦਿਸ਼ਾ ਦਿੰਦਾ ਹੈ। ਇਸ ਤੋਂ ਇਲਾਵਾ ਇਹ ਫਿਰੌਤੀ ਤੇ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦਿੰਦਾ ਹੈ। ਪੰਜਾਬ ਪੁਲਿਸ ਇਨ੍ਹਾਂ ਗਰੋਹਾਂ ਦੇ ਨੈੱਟਵਰਕ ਨੂੰ ਤੋੜਨ ਲਈ ਕੰਮ ਕਰ ਰਹੀ ਹੈ।