ਸ਼੍ਰੋਮਣੀ ਅਕਾਲੀ ਦਲ 'ਚ ਉੱਠੀ ਬਗਾਵਤ,  ਲੀਡਰਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਅਹੁਦੇ ਤੋਂ ਅਸਤੀਫਾ ਦੇਣ ਦੀ ਕੀਤੀ ਮੰਗ

ਜਲੰਧਰ, 25 ਜੂਨ 2024 : ਲੋਕ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ 'ਚ ਵੱਡੀ ਬਗਾਵਤ ਉਠਦੀ ਨਜ਼ਰ ਆ ਰਹੀ ਹੈ। ਜਲੰਧਰ 'ਚ ਅਕਾਲੀ ਦਲ ਦੇ ਬਾਗੀ ਲੀਡਰਾਂ ਦੀ ਮੀਟਿੰਗ ਹੋਈ ਹੈ। ਇਸ ਮੀਟਿੰਗ 'ਚ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਛੱਡਣ ਦਾ ਮਤਾ ਪਾਸ ਕੀਤਾ ਗਿਆ ਹੈ। ਪਾਰਟੀ ਦੇ ਵੱਡੀ ਗਿਣਤੀ ਸੀਨੀਅਰ ਆਗੂਆਂ ਵੱਲੋਂ ਇਹ ਮਤਾ ਪਾਸ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਸ ਮਤੇ ਵਿਚ ਕਿਹਾ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਵੱਡੀ ਗਿਣਤੀ ਅਕਾਲੀ ਲੀਡਰ ਪੇਸ਼ ਹੋਣਗੇ। ਇਸ ਮੌਕੇ ਜਲੰਧਰ ‘ਚ ਬਾਗੀ ਅਕਾਲੀਆਂ ਦੀ ਮੀਟਿੰਗ ਹੋਈ ਹੈ। ਇਸ ਵਿਚ ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਛੋਟੇਪੁਰ, ਬੀਬੀ ਜਗੀਰ ਕੌੌਰ, ਗੁਰਪ੍ਰਤਾਪ ਵਡਾਲਾ, ਸੁਰਜੀਤ ਰੱਖੜਾ ਵੀ ਹਾਜ਼ਰ ਸਨ। ਹਾਲਾਤ ਇਹ ਬਣ ਗਏ ਹਨ ਕਿ ਇਕ ਪਾਸੇ ਸੁਖਬੀਰ ਬਾਦਲ ਚੰਡੀਗੜ੍ਹ ਵਿਚ ਮੀਟਿੰਗ ਕਰ ਰਹੇ ਸਨ ਅਤੇ ਦੂਜੇ ਪਾਸੇ ਜਲੰਧਰ ਵਿਚ ਵੱਡੀ ਗਿਣਤੀ ਸੀਨੀਅਰ ਆਗੂਆਂ ਵੱਲੋਂ ਮੀਟਿੰਗ ਕੀਤੀ ਜਾ ਰਹੀ ਹੈ।  ਚੰਦੂਮਾਜਰਾ ਨੇ ਕਿਹਾ ਕਿ ਅੱਜ ਅਕਾਲੀ ਦਲ ਪਾਰਟੀ ਨੂੰ ਇਸ ਦੀ ਪੁਰਾਣੀ ਨੀਂਹ ‘ਤੇ ਲਿਆਉਣ ਲਈ ਬਦਲਾਅ ਜ਼ਰੂਰੀ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਵੀ ਕੋਰ ਕਮੇਟੀ ਦੀ ਮੀਟਿੰਗ ਤੋਂ ਐਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਇੱਕ ਪੱਤਰ ਲਿਖ ਕੇ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ’ਤੇ ਉਂਗਲ ਉਠਾਈ ਹੈ। ਉਨ੍ਹਾਂ ਲਿਖਿਆ ਹੈ ਕਿ ਪਾਰਟੀ ਦੇ ਵਡੇਰੇ ਹਿੱਤਾਂ ਲਈ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਇੱਕ ਪੰਚ ਪ੍ਰਧਾਨੀ ਬਣਾ ਦਿੱਤੀ ਜਾਵੇ ਜਿਸ ਵਿਚ ਪ੍ਰਧਾਨ ਸ਼੍ਰੋਮਣੀ ਕਮੇਟੀ ਹਰਜਿੰਦਰ ਸਿੰਘ ਧਾਮੀ, ਹਰਸਿਮਰਤ ਕੌਰ ਬਾਦਲ, ਪ੍ਰੇਮ ਸਿੰਘ ਚੰਦੂਮਾਜਰਾ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ ਅਤੇ ਐਨ.ਕੇ.ਸ਼ਰਮਾ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਜਾਵੇ। ਡੈਲੀਗੇਟਾਂ ਦੀ ਨਵੀਂ ਭਰਤੀ ਕਰਕੇ ਪ੍ਰਧਾਨ ਦੀ ਚੋਣ ਤੱਕ ਇਹ ਕੰਮ ਕਰੇ। ਉਨ੍ਹਾਂ ਪ੍ਰਧਾਨ ਨੂੰ ਸੰਗਤਾਂ ਤੋਂ ਲਿਖਤੀ ਮੁਆਫ਼ੀ ਮੰਗਣ ਦਾ ਸੁਝਾਅ ਵੀ ਦਿੱਤਾ ਸੀ। ਉਨ੍ਹਾਂ ਲਿਖਿਆ ਹੈ ਕਿ ਪਾਰਟੀ ਪੰਥ ਪ੍ਰਤੀ ਜਜ਼ਬੇ ਰੱਖਣ ਵਾਲਿਆਂ ਨਾਲ ਚੱਲਦੀ ਹੈ, ਨਾ ਕਿ ਵੱਡੇ ਪੈਕੇਜ ਦੇਣ ਵਾਲੇ ਸਲਾਹਕਾਰਾਂ ਨਾਲ। ਇਸ ਤੋਂ ਕਈ ਦਿਨ ਪਹਿਲਾਂ ਪਾਰਟੀ ਦੇ ਸੀਨੀਅਰ ਆਗੂ ਚਰਨਜੀਤ ਬਰਾੜ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਖੁੱਲ੍ਹਾ ਪੱਤਰ ਲਿਖਿਆ ਸੀ। ਜਿਸ ਵਿਚ ਉਹਨਾਂ ਨੇ ਕਈ ਸੁਝਾਅ ਦਿੱਤੇ ਸਨ। ਉਨ੍ਹਾਂ ਨੇ ਕਿਹਾ ਸੀ ਕਿ ਤੁਸੀਂ ਪਾਰਟੀ ਪ੍ਰਧਾਨ ਬਣੇ ਰਹੋ ਪਰ ਪਾਰਟੀ ਦੇ ਵਡੇਰੇ ਹਿੱਤਾਂ ਲਈ ਇਕ ਪੰਚ ਪ੍ਰਧਾਨੀ ਬਣਾਉਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਪਾਰਟੀ ਦੇ ਦੋ ਵੱਡੇ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ  ਸਿਕੰਦਰ ਸਿੰਘ ਮਲੂਕਾ ਤਾਂ ਚੋਣਾਂ ਦੌਰਾਨ ਹੀ ਪਾਰਟੀ ਤੋਂ ਲਾਂਭੇ ਹੋ ਕੇ ਬੈਠ ਗਏ ਸਨ ਪਰ ਚੋਣ ਨਤੀਜਿਆਂ ਬਾਅਦ ਹੋਰ ਪ੍ਰਮੁੱਖ ਆਗੂਆਂ ਵਿਚ ਵੀ ਪਾਰਟੀ ਲੀਡਰਸ਼ਿਪ ਦੀਆਂ ਨੀਤੀਆਂ ਵਿਰੁਧ ਨਾਰਾਜ਼ਗੀ ਵਧੀ ਹੈ। ਚੋਣ ਨਤੀਜਿਆਂ ਤੋਂ ਬਾਅਦ ਪਾਰਟੀ ਅੰਦਰਲੇ ਨਾਰਾਜ਼ ਆਗੂਆਂ ਦੀ ਲਾਈਨ ਲਗਾਤਾਰ ਲੰਬੀ ਹੋ ਰਹੀ ਹੈ।