
ਚੰਡੀਗੜ੍ਹ, 27 ਫਰਵਰੀ 2025 : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਕੀਤੇ ਗਏ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਡੀਆ ਨਾਲ ਗਲਬਾਤ ਕੀਤੀ। ਪੰਜਾਬ ਕੈਬਨਿਟ ਦੀ ਅੱਜ ਹੋਈ ਅਹਿਮ ਮੀਟਿੰਗ ਵਿੱਚ ਨਵੀਂ ਐਕਸਾਈਜ਼ ਪਾਲਿਸੀ ਨੂੰ ਮਨਜ਼ੂਰੀ ਮਿਲ ਗਈ ਹੈ। ਪੰਜਾਬ ਸਰਕਾਰ ਨੇ ਨਵੀਂ ਐਕਸਾਈਜ਼ ਪਾਲਸੀ ਨੂੰ ਮਨਜ਼ੂਰੀ ਦਿੱਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ 2024-25 ਵਿੱਚ 10,200 ਕਰੋੜ ਰੁਪਏ ਦਾ ਰੈਵੀਨਿਊ ਹੋਇਆ ਹੈ। ਇਸ ਵਾਰ ਵੀ ਈ-ਟੈਂਡਰਿੰਗ ਹੀ ਨਿਲਾਮੀ ਹੋਵੇਗੀ। ਇਸ ਦੇ ਨਾਲ ਹੀ ਜਨਮ ਤੇ ਮੌਤ ਰਜਿਸਟ੍ਰੇਸ਼ਨ ਨਿਯਮਾਂ ਵਿੱਚ ਵੀ ਸਰਕਾਰ ਵੱਲੋਂ ਵੱਡਾ ਬਦਲਾਅ ਕਰਨ ਦਾ ਫ਼ੈਸਲਾ ਕੀਤਾ ਹੈ। ਹੁਣ ਜਨਮ ਅਤੇ ਮੌਤ ਦੇ ਰਿਕਾਰਡ ਸੋਧਣ ਦੀ ਸ਼ਕਤੀ ਡਿਪਟੀ ਕਮਿਸ਼ਨਰ ਕੋਲ ਹੋਵੇਗੀ। ਪਹਿਲਾਂ ਇਹ ਕੰਮ ਮਜਿਸਟਰੇਟ ਰਾਹੀਂ ਕਰਵਾਉਣਾ ਲਾਜ਼ਮੀ ਸੀ, ਪਰ ਹੁਣ ਇਸਦੀ ਲੋੜ ਨਹੀਂ ਹੋਵੇਗੀ। ਇਸ ਦੇ ਨਾਲ ਹੀ ਕੈਬਨਿਟ ਨੇ ਵਾਟਰ ਸੋਧ ਐਕਟ 'ਚ ਤਬਦੀਲੀ ਕਰ ਦਿੱਤੀ ਹੈ। ਹੁਣ ਪਾਣੀ ਪ੍ਰਦੂਸ਼ਣ ਕਰਨ ‘ਤੇ 5,000 ਤੋਂ 15 ਲੱਖ ਰੁਪਏ ਤੱਕ ਜੁਰਮਾਨਾ ਲੱਗੇਗਾ। ਵਿੱਤ ਮੰਤਰੀ ਨੇ ਕਿਹਾ ਕਿ ਜਨਮ ਅਤੇ ਮੌਤ ਸਰਟੀਫਿਕੇਟ ਦੀ ਰਜਿਸਟ੍ਰੇਸ਼ਨ ਵਿੱਚ ਬਦਲਾਅ ਕੀਤੇ ਗਏ ਹਨ, ਜਿਸ ਵਿੱਚ ਹੁਣ ਬੱਚੇ ਦੇ ਜਨਮ ਦੇ ਇੱਕ ਸਾਲ ਦੇ ਅੰਦਰ ਰਜਿਸਟਰੇਸ਼ਨ ਨਾ ਹੋਣ 'ਤੇ ਪਰਿਵਾਰਕ ਮੈਂਬਰਾਂ ਨੂੰ ਆਦੇਸ਼ ਲੈਣ ਲਈ ਅਦਾਲਤ ਵਿੱਚ ਨਹੀਂ ਜਾਣਾ ਪਵੇਗਾ। ਕਿਉਂਕਿ ਹੁਣ ਇਹ ਕੰਮ ਡਿਪਟੀ ਕਮਿਸ਼ਨਰ ਕੋਲ ਹੀ ਹੋਵੇਗਾ। ਡਾਕਟਰਾਂ ਲਈ ਮੌਤ ਦੇ ਸਰਟੀਫਿਕੇਟ ਵਿੱਚ ਮੌਤ ਦਾ ਕਾਰਨ ਲਿਖਣਾ ਲਾਜ਼ਮੀ ਹੋਵੇਗਾ। ਇਸ ਤੋਂ ਇਲਾਵਾ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਨਵੇਂ ਆਬਕਾਰੀ ਥਾਣੇ ਬਣਾਏ ਜਾਣਗੇ, ਜਿਸ ਲਈ ਕਮੇਟੀ ਦੱਸੇਗੀ ਕਿ ਇਹ ਥਾਣੇ ਕਿੱਥੇ ਖੋਲ੍ਹੇ ਜਾਣਗੇ। ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਵਾਰ ਦੇਸੀ ਸ਼ਰਾਬ ਦਾ ਕੋਟਾ 3 ਫੀਸਦੀ ਵਧਾਇਆ ਗਿਆ ਹੈ। ਪੰਜਾਬ ਦੇ ਸਾਬਕਾ ਸੈਨਿਕਾਂ ਲਈ ਥੋਕ ਲਾਇਸੈਂਸ ਫੀਸ 5 ਲੱਖ ਰੁਪਏ ਸੀ, ਇਸ ਨੂੰ ਘਟਾ ਕੇ 2.5 ਲੱਖ ਰੁਪਏ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪਹਿਲਾਂ ਫਰਮਾਂ 'ਚ ਸ਼ਰਾਬ ਰੱਖਣ ਦੀ ਇਜਾਜ਼ਤ 12 ਬੋਤਲਾਂ ਸੀ, ਜਿਸ ਨੂੰ ਵਧਾ ਕੇ 36 ਬੋਤਲਾਂ ਕਰ ਦਿੱਤਾ ਗਿਆ ਹੈ। ਬੀਅਰ ਦੀਆਂ ਦੁਕਾਨਾਂ ਦੀ ਸੀਮਾ 2 ਲੱਖ ਰੁਪਏ ਪ੍ਰਤੀ ਦੁਕਾਨ ਤੋਂ ਘਟਾ ਕੇ 25,000 ਰੁਪਏ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨਵਾਂ ਬੋਟਲਿੰਗ ਪਲਾਂਟ ਲਗਾਉਣ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ। ਗਊ ਕਲਿਆਣ ਸੈੱਸ 1 ਰੁਪਏ ਪ੍ਰਤੀ ਲੀਟਰ ਤੋਂ ਵਧਾ ਕੇ 1.5 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ। ਪਹਿਲਾਂ 16 ਕਰੋੜ ਰੁਪਏ ਗਊ ਭਲਾਈ ਫੀਸ ਵਜੋਂ ਇਕੱਠੇ ਕੀਤੇ ਜਾਂਦੇ ਸਨ, ਜਦੋਂ ਕਿ ਹੁਣ 24 ਕਰੋੜ ਰੁਪਏ ਇਕੱਠੇ ਕੀਤੇ ਜਾਣਗੇ।