ਸੀਨੀਅਰ ਪੱਤਰਕਾਰ ਜਸਪਾਲ ਸਿੰਘ ਹੇਰਾਂ ਦਾ ਦੇਹਾਂਤ, ਅੱਜ ਹੋਵੇਗਾ ਅੰਤਿਮ ਸਸਕਾਰ 

ਜਗਰਾਓ, 18 ਜੁਲਾਈ 2024 : ਸੀਨੀਅਰ ਪੱਤਰਕਾਰ ਅਤੇ ਰੋਜ਼ਾਨਾ ਪਹਿਰੇਦਾਰ ਦੇ ਮੁੱਖ ਸੰਪਾਦਕ ਜਸਪਾਲ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਆਖ਼ਰੀ ਸਾਹ ਅੱਜ ਮੋਹਾਲੀ ਦੇ ਮੈਕਸ ਹਸਪਤਾਲ ਵਿਚ ਲਿਆ। ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ 19 ਜੁਲਾਈ ਨੂੰ ਸਵੇਰੇ 10 ਵਜੇ ਜਗਰਾਓ ਵਿਖੇ ਸ਼ੇਰਪੁਰ ਰੋਡ ਵਾਲੇ ਸ਼ਮਸ਼ਾਨਘਾਟ ਵਿਚ ਹੋਵੇਗਾ। ਇਹ ਜਾਣਕਾਰੀ ਜਸਪਾਲ ਸਿੰਘ ਹੇਰਾਂ ਦੇ ਪੁੱਤਰ ਰਿਸ਼ਬਦੀਪ ਸਿੰਘ ਹੇਰਾ ਨੇ ਦਿੱਤੀ। ਰਿਸ਼ਬਦੀਪ ਸਿੰਘ ਨੇ ਦੱਸਿਆ ਕਿ, ਉਨ੍ਹਾਂ ਦੇ ਪਿਤਾ ਜਸਪਾਲ ਸਿੰਘ ਹੇਰਾਂ ਪਿਛਲੇ ਕਾਫੀ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਅੱਜ ਸਵੇਰੇ ਮੈਕਸ ਹਸਪਤਾਲ ਮੋਹਾਲੀ ਵਿਖੇ ਉਨ੍ਹਾਂ ਦਾ ਦੇਹਾਂਤ ਹੋ ਗਿਆ। 

ਜਸਪਾਲ ਸਿੰਘ ਹੇਰਾਂ ਇਕ ਪੰਥਪ੍ਰਸਤ ਅਤੇ ਪੰਜਾਬ ਹਿਤੈਸ਼ੀ ਪੱਤਰਕਾਰ ਸਨ : ਗਿਆਨੀ ਰਘਬੀਰ ਸਿੰਘ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬੀ ਦੇ ਸੀਨੀਅਰ ਪੱਤਰਕਾਰ ਅਤੇ ਪਹਿਰੇਦਾਰ ਅਖ਼ਬਾਰ ਦੇ ਮੁੱਖ ਸੰਪਾਦਕ ਸ. ਜਸਪਾਲ ਸਿੰਘ ਹੇਰਾਂ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਜਸਪਾਲ ਸਿੰਘ ਹੇਰਾਂ ਇਕ ਪੰਥਪ੍ਰਸਤ ਅਤੇ ਪੰਜਾਬ ਹਿਤੈਸ਼ੀ ਪੱਤਰਕਾਰ ਸਨ ਅਤੇ ਉਨ੍ਹਾਂ ਦੇ ਬੇਵਕਤ ਅਕਾਲ ਚਲਾਣੇ ਨਾਲ ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਵੱਡਾ ਘਾਟਾ ਪਿਆ ਹੈ। ਉਨ੍ਹਾਂ ਸ. ਹੇਰਾਂ ਦੇ ਅਕਾਲ ਚਲਾਣੇ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕੀਤੀ।

ਸ. ਜਸਪਾਲ ਸਿੰਘ ਦਾ ਅਕਾਲ ਚਲਾਣਾ ਦੁਖਦਾਈ ਹੈ : ਪ੍ਰਧਾਨ ਧਾਮੀ 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰੋਜ਼ਾਨਾ ਪਹਿਰੇਦਾਰ ਅਖ਼ਬਾਰ ਦੇ ਸੰਪਾਦਕ ਸ. ਜਸਪਾਲ ਸਿੰਘ ਹੇਰਾਂ ਦੇ ਚਲਾਣਾ ਕਰ ਜਾਣ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸ. ਜਸਪਾਲ ਸਿੰਘ ਦਾ ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਅਹਿਮ ਸਥਾਨ ਸੀ। ਸ. ਜਸਪਾਲ ਸਿੰਘ ਦਾ ਅਕਾਲ ਚਲਾਣਾ ਦੁਖਦਾਈ ਹੈ। ਐਡਵੋਕੇਟ ਧਾਮੀ ਨੇ ਸ. ਜਸਪਾਲ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।