
ਚੰਡੀਗੜ੍ਹ, 29 ਦਸੰਬਰ 2024 : ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖਾਹ ਲੱਗਣ ਤੋਂ ਬਾਅਦ ਜੱਥੇਦਾਰ ਨੇ ਆਦੇਸ਼ ਜਾਰੀ ਕੀਤੇ ਸਨ ਕਿ ਜਿਹੜੇ ਮੈਂਬਰਾਂ ਨੇ ਅਸਤੀਫੇ ਦਿੱਤੇ ਹਨ। ਉਹਨਾਂ ਦੇ ਅਸਤੀਫਿਆਂ ਨੂੰ ਪ੍ਰਵਾਨ ਕਰ ਲਿਆ ਜਾਵੇ। ਸੁਖਬੀਰ ਸਿੰਘ ਬਾਦਲ ਨੇ ਵੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਜੋ ਵਰਕਿੰਗ ਕਮੇਟੀ ਕੋਲ ਪੈਂਡਿੰਗ ਹੈ। ਸੈਕਟਰ-9 ਸਥਿਤ ਸੁਖਬੀਰ ਬਾਦਲ ਦੀ ਰਿਹਾਇਸ਼ ‘ਤੇ ਅਕਾਲੀ ਦਲ ਦੀ ਕੋਰ ਕਮੇਟੀ, ਕਾਰਜਕਾਰਨੀ, ਜ਼ਿਲ੍ਹਾ ਪ੍ਰਧਾਨਾਂ ਅਤੇ ਸਥਾਨਕ ਇੰਚਾਰਜਾਂ ਨਾਲ ਮੀਟਿੰਗ ਹੋਈ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਜਨਵਰੀ ਦੇ ਪਹਿਲੇ ਹਫਤੇ ਪ੍ਰਵਾਨ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਪਾਰਟੀ ਨਵੇਂ ਸਾਲ ‘ਚ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਕਾਰਜਕਾਰਨੀ ਨੇ ਜ਼ਮੀਨੀ ਪੱਧਰ ‘ਤੇ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਅਸਤੀਫ਼ੇ ਸਬੰਧੀ ਫ਼ੈਸਲਾ ਲਿਆ ਹੈ। ਸੂਤਰਾਂ ਅਨੁਸਾਰ ਸੁਖਬੀਰ ਬਾਦਲ ਨੇ ਪਾਰਟੀ ਦੀ ਜ਼ਮੀਨੀ ਸਥਿਤੀ ਅਤੇ ਮੌਜੂਦਾ ਸਿਆਸੀ ਸਥਿਤੀ ਬਾਰੇ ਆਗੂਆਂ ਨਾਲ ਚਰਚਾ ਕੀਤੀ, ਜ਼ਿਆਦਾਤਰ ਆਗੂਆਂ ਨੇ ਸੁਖਬੀਰ ਦਾ ਸਮਰਥਨ ਕੀਤਾ ਅਤੇ ਉਨ੍ਹਾਂ ਨਾਲ ਖੜ੍ਹੇ ਹੋਣ ਦਾ ਭਰੋਸਾ ਪ੍ਰਗਟਾਇਆ। ਸੁਖਬੀਰ ਬਾਦਲ ਪਹਿਲਾਂ ਹੀ ਅਸਤੀਫਾ ਦੇ ਚੁੱਕੇ ਹਨ। 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਕਾਰਜਕਾਰਨੀ ਨੂੰ ਅਸਤੀਫ਼ਾ ਪ੍ਰਵਾਨ ਕਰਕੇ ਅਕਾਲ ਤਖ਼ਤ ਸਕੱਤਰੇਤ ਨੂੰ ਸੂਚਿਤ ਕਰਨ ਦੀ ਹਦਾਇਤ ਕੀਤੀ ਗਈ ਸੀ। ਹਾਲਾਂਕਿ ਅਕਾਲੀ ਆਗੂਆਂ ਨੇ ਧਾਰਮਿਕ ਸੇਵਾਵਾਂ ਦਾ ਹਵਾਲਾ ਦਿੰਦੇ ਹੋਏ ਕਾਰਜਕਾਰਨੀ ਦੀ ਮੀਟਿੰਗ ਲਈ ਸਮਾਂ ਮੰਗਿਆ ਸੀ, ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ। ਮੀਟਿੰਗ ‘ਚ ਸੁਖਬੀਰ ਬਾਦਲ ਦੇ ਅਸਤੀਫੇ ‘ਤੇ ਲੰਬੀ ਚਰਚਾ ਹੋਈ। ਮੀਟਿੰਗ ਦੌਰਾਨ ਸਪੱਸ਼ਟ ਤੌਰ ‘ਤੇ ਸੰਕੇਤ ਦਿੱਤਾ ਗਿਆ ਕਿ ਨਵੇਂ ਸਾਲ ਵਿਚ ਮੈਂਬਰਸ਼ਿਪ ਮੁਹਿੰਮ ਚਲਾਈ ਜਾਵੇਗੀ ਅਤੇ ਅਜਿਹੇ ਵਰਕਰਾਂ ਅਤੇ ਵਿਅਕਤੀਆਂ ਨੂੰ ਮੈਂਬਰ ਬਣਾਇਆ ਜਾਵੇਗਾ ਜੋ ਜ਼ਮੀਨੀ ਪੱਧਰ ‘ਤੇ ਭਰੋਸੇਯੋਗ ਅਤੇ ਪਾਰਟੀ ਲੀਡਰਸ਼ਿਪ ਦੇ ਵਫ਼ਾਦਾਰ ਹੋਣ। ਵਰਕਿੰਗ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਸੁਖਬੀਰ ਬਾਦਲ ਦਾ ਅਸਤੀਫਾ ਜਨਵਰੀ ਦੇ ਪਹਿਲੇ ਹਫਤੇ ਪ੍ਰਵਾਨ ਕਰ ਲਿਆ ਜਾਵੇਗਾ। ਇਹ ਇਸ ਲਈ ਵੀ ਜ਼ਰੂਰੀ ਹੈ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਸਤੀਫ਼ਾ ਪ੍ਰਵਾਨ ਕਰਨ ਦਾ ਹੁਕਮ ਦਿੱਤਾ ਹੋਇਆ ਹੈ। ਜੇਕਰ ਅਸਤੀਫਾ ਪ੍ਰਵਾਨ ਨਾ ਹੋਇਆ ਤਾਂ ਇਸ ਨਾਲ ਜਨਤਾ ਅਤੇ ਧਾਰਮਿਕ ਹਲਕਿਆਂ ਨੂੰ ਸੁਨੇਹਾ ਜਾਵੇਗਾ ਕਿ ਅਕਾਲੀ ਲੀਡਰਸ਼ਿਪ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੀ। ਦੂਜੇ ਪਾਸੇ ਸੁਖਬੀਰ ਬਾਦਲ ਦਾ ਪ੍ਰਧਾਨ ਵਜੋਂ ਕਾਰਜਕਾਲ 14 ਦਸੰਬਰ ਨੂੰ ਖਤਮ ਹੋ ਗਿਆ ਹੈ।