ਦੋ ਤੇਜ਼ ਰਫਤਾਰ ਮੋਟਰਸਾਈਕਲਾਂ ਦੀ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, 2 ਗੰਭੀਰ ਜ਼ਖ਼ਮੀ

ਸੁਲਤਾਨਪੁਰ ਲੋਧੀ, 06 ਅਕਤੂਬਰ 2024 : ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਡਡਵਿੰਡੀ-ਲੋਹੀਆਂ ਰੋਡ 'ਤੇ ਬੀਤੀ ਦੇਰ ਰਾਤ ਦੋ ਤੇਜ਼ ਰਫਤਾਰ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਬੁਰੀ ਤਰ੍ਹਾਂ ਚਕਨਾਚੂਰ ਹੋ ਗਏ, ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ 2 ਨੌਜਵਾਨ ਗੰਭੀਰ ਜ਼ਖ਼ਮੀ ਹਨ। ਜਿਨ੍ਹਾਂ ਨੂੰ ਇਲਾਜ ਲਈ ਜਲੰਧਰ ਅਤੇ ਕਪੂਰਥਲਾ ਭੇਜਿਆ ਗਿਆ ਹੈ। ਘਟਨਾ ਦੀ ਜਾਣਕਾਰੀ ਦਿੰਦਿਆ ਐਸਆਈ ਗੁਰਸ਼ਰਨਜੀਤ ਸਿੰਘ ਨੇ ਦੱਸਿਆ ਉਨ੍ਹਾਂ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਡਡਵਿੰਡੀ ਨੇੜੇ ਤਾਸ਼ਪੁਰ ਮੋੜ ’ਤੇ ਹਾਦਸਾ ਵਾਪਰ ਗਿਆ ਹੈ। ਉਹ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮਹਿਮੂਵਾਲ ਅਤੇ ਅਰਸ਼ਦੀਪ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਮਹਿਮੂਵਾਲ ਆਪਣੇ ਮੋਟਰਸਾਈਕਲ 'ਤੇ ਪਿੰਡ ਵਾਲੇ ਪਾਸਿਓਂ ਲੋਹੀਆਂ ਵੱਲ ਨੂੰ ਜਾ ਰਹੇ ਸਨ। ਜਿਉਂ ਹੀ ਉਹ ਤਾਸ਼ਪੁਰ ਮੋੜ 'ਤੇ ਪੁੱਜੇ ਤਾਂ ਸਾਹਮਣਿਓ ਆ ਰਹੇ ਵਾੜਾ ਬੁੱਧ ਸਿੰਘ ਵਾਲਾ ਪਿੰਡ ਦੇ ਨੌਜਵਾਨ ਅਰਸ਼ਦੀਪ ਸਿੰਘ ਪੁੱਤਰ ਸੁਖਦੇਵ ਸਿੰਘ, ਜੱਸਾ ਪੁੱਤਰ ਰੌਣਕੀ ਰਾਮ ਅਤੇ ਜੈਦੇਵ ਪੁੱਤਰ ਕੁਲਦੀਪ ਸਿੰਘ ਦੇ ਮੋਟਰਸਾਈਕਲ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ 3 ਨੌਜਵਾਨਾਂ ਦੀ ਮੌਤ ਹੋ ਗਈ ਹੈ। ਜਦਕਿ ਦੋ ਗੰਭੀਰ ਜ਼ਖਮੀ ਹੋ ਗਏ ਹਨ। ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।