ਚੰਡੀਗੜ੍ਹ, 17 ਦਸੰਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਤੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਕੀ ਪੰਜਾਬੀਆਂ ਨੂੰ ਹੁਣ ਆਪਣੀ ਕੌਮੀ ਰਾਜਧਾਨੀ ਦਿੱਲੀ ਜਾਣ ਵਾਸਤੇ ਵੀਜ਼ੇ ਦੀ ਲੋੜ ਪਵੇਗੀ ? ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਤਕਰੀਬਨ ਇਕ ਸਾਲ ਤੋਂ ਪੰਜਾਬੀਆਂ ਨੂੰ ਸ਼ੰਭੂ ਬਾਰਡਰ ਰਾਹੀਂ ਦਿੱਲੀ ਨਹੀਂ ਜਾਣ ਦਿੱਤਾ ਜਾ ਰਿਹਾ। ਉਹਨਾਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 22ਵੇਂ ਦਿਨ ਵਿਚ ਦਾਖਲ ਹੋ ਗਿਆ ਹੈ ਪਰ ਸੁਪਰੀਮ ਕੋਰਟ ਦੇ ਦਖਲ ਦੇ ਬਾਵਜੂਦ ਕੇਂਦਰ ਅਤੇ ਆਪ ਦੀ ਅਗਵਾਈ ਵਾਲੀ ਸੂਬਾ ਸਰਕਾਰ ਡੱਲੇਵਾਲ ਨੂੰ ਉਹਨਾਂ ਦੀ ਜਾਨ ਜ਼ੋਖ਼ਮ ਵਿਚ ਹੋਣ ਦੇ ਬਾਵਜੂਦ ਆਪਣਾ ਮਰਨ ਵਰਤ ਛੱਡਣ ਲਈ ਰਾਜ਼ੀ ਨਹੀਂ ਕਰ ਸਕੀ। ਉਹਨਾਂ ਕਿਹਾ ਕਿ ਜੇਕਰ ਡੱਲੇਵਾਨ ਦੀ ਜਾਨ ਨਾਲ ਕੁਝ ਵੀ ਹੋ ਜਾਂਦਾ ਹੈ ਤਾਂ ਕੇਂਦਰ ਸਰਕਾਰ ਅਤੇ ਆਪ ਦੀ ਅਗਵਾਈ ਵਾਲੀ ਸੂਬਾ ਸਰਕਾਰ ਜ਼ਿੰਮੇਵਾਰ ਹੋਣਗੀਆਂ।ਉਹਨਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਡੱਲੇਵਾਲ ਦੀ ਭੁੱਖ ਹੜਤਾਲ ਤੇ ਕਿਸਾਨੀ ਮਸਲੇ ਕੇਂਦਰ ਸਰਕਾਰ ਕੋਲ ਚੁੱਕਣ ਵਿਚ ਬੁਰੀ ਤਰ੍ਹਾਂ ਨਾਕਾਮ ਰਹੇ ਹਨ। ਉਹਨਾਂ ਕਿਹਾ ਕਿ ਇਹ ਮੁੱਖ ਮੰਤਰੀ ਦੀ ਸੰਵਿਧਾਨਕ ਜ਼ਿੰਮੇਵਾਰੀ ਬਣਦੀ ਸੀ ਕਿ ਉਹ ਕਿਸਾਨੀ ਮਸਲੇ ਕੇਂਦਰ ਸਰਕਾਰ ਕੋਲ ਚੁੱਕਦੇ ਪਰ ਭਗਵੰਤ ਮਾਨ ਮੁੱਖ ਮੰਤਰੀ ਵਜੋਂ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ