- ਡਿਪਟੀ ਸਪੀਕਰ ਨੇ ਵਿਧਾਇਕ ਘੁੰਮਣ ਤੇ ਵਿਧਾਇਕ ਡਾ. ਰਵਜੋਤ ਦੀ ਮੌਜੂਦਗੀ ’ਚ ਜ਼ਿਲ੍ਹਾ ਪੁਲਿਸ ਵਲੋਂ ਕਰਵਾਏ ਗਏ ਖੇਡ ਮੁਕਾਬਲਿਆਂ ਦੇ ਜੇਤੂ ਟੀਮਾਂ ਨੂੰ ਕੀਤਾ ਸਨਮਾਨਿਤ
- ਕਿਹਾ, ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਜ਼ਿਲ੍ਹਾ ਪੁਲਿਸ ਦਾ ਉਪਰਾਲਾ ਪ੍ਰਸੰਸਾਯੋਗ
- ਜ਼ਿਲ੍ਹਾ ਪੁਲਿਸ ਹੁਸ਼ਿਆਰਪੁਰ ਵਲੋਂ ਨਸ਼ਿਆਂ ਖਿਲਾਫ਼ ਚਲਾਏ ਗਏ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਸਮਾਪਤ
- ਜ਼ਿਲ੍ਹਾ ਪੱਧਰ ’ਤੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੀਆਂ ਟੀਮਾਂ ਨੂੰ ਦਿੱਤੇ ਗਏ ਕ੍ਰਮਵਾਰ 21 ਹਜ਼ਾਰ, 11 ਹਜ਼ਾਰ ਅਤੇ 5 ਹਜ਼ਾਰ ਰੁਪਏ ਦੇ ਪੁਰਸਕਾਰ ਅਤੇ ਮੁਮੈਂਟੋ
ਹੁਸ਼ਿਆਰਪੁਰ, 15 ਫਰਵਰੀ : ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਜਿਥੇ ਪੰਜਾਬ ਸਰਕਾਰ ਨਸ਼ਿਆਂ ਦੇ ਪੂਰਨ ਖਾਤਮੇ ਲਈ ਕੋਈ ਕਮੀ ਨਹੀਂ ਛੱਡ ਰਹੀ ਹੈ, ਉਥੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਹ ਅੱਜ ਪੁਲਿਸ ਲਾਈਨ ਗਰਾਊਂਡ ਵਿਖੇ ਜ਼ਿਲ੍ਹਾ ਪੁਲਿਸ ਹੁਸ਼ਿਆਰਪੁਰ ਵਲੋਂ ਨਸ਼ਿਆਂ ਖਿਲਾਫ਼ ਚਲਾਏ ਅਭਿਆਨ ਤਹਿਤ ਜਿਲ੍ਹਾ ਪੱਧਰੀ ਖੇਡਾਂ ਦੇ ਸਮਾਪਤੀ ਸਮਾਰੋਹ ਦੌਰਾਨ ਬਤੌਰ ਮੁੱਖ ਮਹਿਮਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਕਰਮਬੀਰ ਸਿੰਘ ਘੁੰਮਣ, ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਵੀ ਮੌਜੂਦ ਸਨ। ਇਸ ਮੌਕੇ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਨੇ ਜੇਤੂ ਟੀਮਾਂ ਨੂੰ ਸਨਮਾਨਿਤ ਵੀ ਕੀਤਾ। ਡਿਪਟੀ ਸਪੀਕਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਦੇ ਹਨ, ਜੋ ਕਿ ਲਗਾਤਾਰ ਹੁੰਦੇ ਰਹਿਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਖਿਡਾਰੀਆਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਹੁਸ਼ਿਆਰਪੁਰ ਦਾ ਨਾਮ ਰੌਸ਼ਨ ਕੀਤਾ ਹੈ, ਜਿਸ ਦਾ ਸਿਹਰਾ ਖਿਡਾਰੀਆਂ ਦੀ ਮਿਹਨਤ ਦੇ ਨਾਲ-ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਖੇਡ ਨੀਤੀ ਨੂੰ ਜਾਂਦਾ ਹੈ ਕਿਉਂਕਿ ਪੰਜਾਬ ਸਕਾਰ ਵਲੋਂ ਨਾ ਸਿਰਫ ਖਿਡਾਰੀਆਂ ਨੂ ੰਮੈਡਲ ਲਿਆਉਣ ਤੋਂ ਬਾਅਦ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ ਜਾ ਰਹੀ ਹੈ, ਬਲਕਿ ਮੁਕਾਬਲਿਆਂ ਦੀ ਤਿਆਰੀ ਲਈ ਵੀ ਪੰਜਾਬ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਆਰਥਿਕ ਸਹਾਇਤਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਮੁੱਖ ਮੰਤਰੀ ਪੰਜਾਬ ਨੇ ਅੰਤਰਰਾਸ਼ਟਰੀ ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ ਦੇ ਅਹੁੱਦਿਆਂ ਨਾਲ ਨਵਾਜਿਆ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਾਫੀ ਹੱਦ ਤੱਕ ਨਸ਼ਿਆਂ ’ਤੇ ਰੋਕ ਲਗਾਈ ਜਾ ਚੁੱਕੀ ਹੈ ਅਤੇ ਨਸ਼ਿਆਂ ਦੀ ਜਕੜ ਵਿਚ ਫਸੇ ਨੌਜਵਾਨਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਪੁਨਰਵਾਸ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ਇਸ ਤਰ੍ਹਾਂ ਦੇ ਆਯੋਜਨ ਦਾ ਉਦੇਸ਼ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣਾ ਅਤੇ ਨੌਜਵਾਨ ਪੀੜੀ ਨੂੰ ਨਸ਼ੇ ਤਿਆਗ ਕੇ ਖੇਡਾਂ ਪ੍ਰਤੀ ਪ੍ਰੇਰਿਤ ਕਰਨਾ ਹੈ, ਜਿਸ ਵਿਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਮਿਲ ਕੇ ਪ੍ਰਸੰਸਾਯੋਗ ਕੰਮ ਕਰ ਰਿਹਾ ਹੈ। ਇਸ ਮੌਕੇ ਵੱਖ-ਵੱਖ ਮੁਕਾਬਲਿਆਂ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੀਆਂ ਟੀਮਾਂ ਨੂੰ ਕ੍ਰਮਵਾਰ 21 ਹਜ਼ਾਰ, 11 ਹਜ਼ਾਰ ਅਤੇ 5 ਹਜ਼ਾਰ ਰੁਪਏ ਅਤੇ ਸਨਮਾਨ ਚਿੰਨ ਦਿੱਤੇ ਗਏ। ਕਬੱਡੀ ਮੁਕਾਬਲਿਆਂ ਵਿਚ ਬਾਗਪੁਰ ਸਕੂਲ ਨੇ ਪਹਿਲਾ, ਡੀ.ਏ.ਵੀ ਕਾਲਜ ਦਸੂਹਾ ਨੇ ਦੂਜਾ ਅਤੇ ਫੰਬੀਆ ਨੇ ਤੀਜਾ ਸਥਾਨ ਹਾਸਲ ਕੀਤਾ। ਵਾਲੀਬਾਲ ਮੁਕਾਬਲਿਆਂ ਵਿਚ ਮੁਕੇਰੀਆਂ ਪਹਿਲੇ, ਬੁੱਲੋਵਾਲ ਦੂਜੇ ਅਤੇ ਗੜ੍ਹਸ਼ੰਕਰ ਤੀਜੇ ਸਥਾਨ ’ਤੇ ਰਿਹਾ। ਬਾਸਕਿਟਬਾਲ ਮੁਕਾਬਲਿਆਂ ਵਿਚ ਟਾਂਡਾ ਪਹਿਲੇ, ਪੁਰਹੀਰਾਂ ਦੂਜੇ ਅਤੇ ਗੜ੍ਹਸ਼ੰਕਰ ਦੀ ਟੀਮ ਤੀਜੇ ਸਥਾਨ ’ਤੇ ਰਹੀ। ਫੁੱਟਬਾਲ ਮੁਕਾਬਲਿਆਂ ਵਿਚ ਜਿਆਣ ਚੱਬੇਵਾਲ ਪਹਿਲੇ, ਬਜਵਾੜਾ ਦੂਜੇ ਅਤੇ ਬਿਲਾਸਪੁਰ ਦੀ ਟੀਮ ਤੀਜੇ ਸਥਾਨ ’ਤੇ ਰਹੀ। ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਆਏ ਹੋੲੈ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਅਤੇ ਇਸ ਆਯੋਜਨ ਵਿਚ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡ ਸਮਾਗਮ ਵਿਚ ਤਿਨ ਹਜ਼ਾਰ ਦੇ ਕਰੀਬ ਲੋਕ ਸ਼ਾਮਲ ਹੋਏ ਅਤੇ ਇਕ ਹਜ਼ਾਰ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿਚ ਹਿੱਸਾ ਲਿਆ। ਖੇਡ ਸਮਾਗਮ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਪ੍ਰਸੰਸਾ ਪੱਤਰ ਦਿੱਤੇ ਗਏ। ਇਸ ਤੋਂ ਇਲਾਵਾ ਖੇਡਾਂ ਕਰਵਾਉਣ ਵਿਚ ਸਹਿਯੋਗ ਦੇਣ ਵਾਲੇ ਰੈਫਰੀਆਂ, ਕੋਚਾਂ ਅਤੇ ਜੱਜਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਅਭਿਆਨ ਦੇ ਸਬੰਧ ਵਿਚ ਡੀ.ਜੀ.ਪੀ ਪੰਜਾਬ ਅਤੇ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਸਪੈਸ਼ਲ ਟਾਸਕ ਫੋਰਸ ਪੰਜਾਬ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹੇ ਦੇ ਸਮੂਹ ਜੀ.ਓਜ਼ ਵਲੋਂ ਜ਼ਿਲ੍ਹਾ ਪ੍ਰਸ਼ਾਸਨ, ਖੇਡ ਵਿਭਾਗ, ਯੂਥ ਕਲੱਬਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਫੁੱਟਬਾਲ, ਬਾਸਕਿਟਬਾਲ, ਕਬੱਡੀ ਅਤੇ ਵਾਲੀਬਾਡ ਦੇ ਮੁਕਾਬਲੇ 8 ਫਰਵਰੀ ਤੋਂ 9 ਫਰਵਰੀ ਤੱਕ ਥਾਣਾ ਪੱਧਰ ’ਤੇ ਅਤੇ 10 ਫਰਵਰੀ ਤੋਂ 11 ਫਰਵਰੀ ਤੱਕ ਉਪ ਮੰਡਲ ਪੱਧਰ ’ਤੇ ਕਰਵਾਏ ਗਏ। ਇਸ ਮੌਕੇ ਐਸ.ਪੀ ਮਨੋਜ ਕੁਮਾਰ, ਐਸ.ਪੀ ਸਰਬਜੀਤ ਸਿੰਘ, ਐਸ.ਪੀ ਮੇਜਰ ਸਿੰਘ, ਐਸ.ਪੀ ਨਵਨੀਤ ਕੌਰ, ਡੀ.ਐਸ.ਪੀ ਅਮਰਨਾਥ, ਡੀ.ਐਸ.ਪੀ ਸਤੀਸ਼ ਕੁਮਾਰ ਅਤੇ ਹੋਰ ਪੁਲਿਸ ਅਧਿਕਾਰੀ ਮੌਜੂਦ ਸਨ।