ਚੰਡੀਗੜ੍ਹ, 15 ਫਰਵਰੀ : ਰਾਂਚੀ ਵਿਖੇ ਚੱਲ ਰਹੀ 10ਵੀਂ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ ਅੱਜ ਪੰਜਾਬ ਦੀ ਅਥਲੀਟ ਮੰਜੂ ਨੇ 35 ਕਿਲੋਮੀਟਰ ਪੈਦਲ ਤੋਰ ਵਿੱਚ 2.57.54 ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਸੋਨੇ ਦਾ ਤਮਗ਼ਾ ਜਿੱਤਿਆ। ਮਾਨਸਾ ਜ਼ਿਲ੍ਹੇ ਦੇ ਪਿੰਡ ਖੈਰਾ ਖੁਰਦ ਦੀ ਅਥਲੀਟ ਮੰਜੂ ਨੇ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਵੀ ਕੁਆਲੀਫਾਈ ਕਰ ਲਿਆ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ ਅਕਾਸ਼ਦੀਪ ਸਿੰਘ ਦੀ ਪ੍ਰਾਪਤੀ ਤੋਂ ਅੱਜ ਮੰਜੂ ਵੱਲੋਂ ਨਵਾਂ ਨੈਸ਼ਨਲ ਰਿਕਾਰਡ ਸਥਾਪਤ ਹੋਣ 'ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਮੰਜੂ ਨੂੰ ਏਸ਼ਿਆਈ ਖੇਡਾਂ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਪਹਿਲਾਂ ਮੀਤ ਹੇਅਰ ਨੇ ਬੀਤੇ ਦਿਨ ਨਵਾਂ ਨੈਸ਼ਨਲ ਰਿਕਾਰਡ ਬਣਾ ਕੇ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋਏ ਪਹਿਲੇ ਭਾਰਤੀ ਅਥਲੀਟ ਅਕਸ਼ਦੀਪ ਸਿੰਘ ਅਤੇ ਉਸ ਦੇ ਪਿਤਾ ਗੁਰਜੰਟ ਸਿੰਘ ਨੂੰ ਨਿੱਜੀ ਤੌਰ ਉਤੇ ਫੋਨ ਕਰ ਕੇ ਵਧਾਈਆਂ ਦਿੱਤੀਆਂ। ਉਨ੍ਹਾਂ ਅਥਲੀਟ ਨੂੰ ਏਸ਼ਿਆਈ ਤੇ ਓਲੰਪਿਕ ਖੇਡਾਂ ਦੀ ਤਿਆਰੀ ਲਈ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਮੱਦਦ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਉਸ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। ਖੇਡ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਇਸ ਸ਼ਨਿਚਰਵਾਰ ਕਾਹਨੇਕੇ ਪਿੰਡ ਆ ਕੇ ਨਿੱਜੀ ਤੌਰ 'ਤੇ ਮੁਬਾਰਕਾਂ ਦੇਣਗੇ।