- ਪੇਂਡੂ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਖੇਡਾਂ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਲਈ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ
ਕਿਲ੍ਹਾ ਰਾਏਪੁਰ, 4 ਫਰਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਵਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਸਰਕਾਰ ਅਗਲੇ ਸਾਲ ਤੋਂ ਪੇਂਡੂ ਓਲੰਪਿਕ ਦੇ ਨਾਮ ਨਾਲ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਖੇਡਾਂ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਏਗੀ। ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦੇ 83ਵੇਂ ਐਡੀਸ਼ਨ ਵਿੱਚ ਭਾਗ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਬੇਹੱਦ ਰੋਮਾਂਚ ਅਤੇ ਖਿੱਚ ਦਾ ਕੇਂਦਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇੱਥੇ ਬੈਲਗੱਡੀਆਂ ਦੀਆਂ ਦੌੜਾਂ ਕਰਵਾਉਣ ਲਈ ਸਾਰੀਆਂ ਕਾਨੂੰਨੀ ਪੇਚੀਦਗੀਆਂ ਅਤੇ ਹੋਰ ਪਹਿਲੂਆਂ ਨੂੰ ਦੂਰ ਕਰਨ ਬਾਰੇ ਵਿਚਾਰ ਕਰ ਰਹੀ ਹੈ। ਉਨ੍ਹਾਂ ਇਸ ਲਈ ਚੰਗੀ ਕਾਨੂੰਨੀ ਸਲਾਹ ਦੇਣ ਦਾ ਵਾਅਦਾ ਕੀਤਾ ਅਤੇ ਕਿਹਾ ਕਿ ਸੂਬਾ ਸਰਕਾਰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ। ਕੈਬਨਿਟ ਮੰਤਰੀ ਨੇ ਇਨ੍ਹਾਂ ਖੇਡਾਂ ਦੀ ਲੋਕਪ੍ਰਿਅਤਾ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਅਗਲੇ ਸਾਲ ਤੋਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਸਟੇਡੀਅਮ ਵਿੱਚ ਐਸਟਰੋਟਰਫ ਅਤੇ ਫਲੱਡ ਲਾਈਟਾਂ ਦੀ ਮੰਗ 'ਤੇ ਮਾਨ ਨੇ ਪ੍ਰਬੰਧਕਾਂ ਨੂੰ ਇਸ ਸਬੰਧੀ ਪ੍ਰਸਤਾਵ ਭੇਜਣ ਲਈ ਕਿਹਾ ਅਤੇ ਇਸ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾਣਗੇ। ਅਨਮੋਲ ਗਗਨ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਨ੍ਹਾਂ ਖੇਡਾਂ ਦੀ ਪ੍ਰਬੰਧਕੀ ਕਮੇਟੀ ਨੂੰ ਹਰ ਤਰ੍ਹਾਂ ਦੀ ਸੰਭਵ ਸਹਾਇਤਾ ਪ੍ਰਦਾਨ ਕਰੇਗੀ ਤਾਂ ਜੋ ਆਉਣ ਵਾਲੇ ਸਾਲਾਂ ਵਿੱਚ ਹੋਰ ਵੀ ਚੈਂਪੀਅਨ ਪੈਦਾ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਵਿੱਚ ਬਹੁਤ ਹੁਨਰ ਹੈ ਪਰ ਉਨ੍ਹਾਂ ਨੂੰ ਇੱਕ ਪਲੇਟਫਾਰਮ ਦੀ ਲੋੜ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ 'ਖੇਡਾਂ ਵਤਨ ਪੰਜਾਬ ਦੀਆਂ' ਦਾ ਆਯੋਜਨ ਕੀਤਾ ਗਿਆ ਸੀ ਤਾਂ ਜੋ ਪੰਜਾਬੀ ਨੌਜਵਾਨਾਂ ਦੀ ਛੁਪੀ ਪ੍ਰਤਿਭਾ ਨੂੰ ਸਾਹਮਣੇ ਲਿਆਂਦਾ ਜਾ ਸਕੇ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਜਿੱਥੇ ਲਗਭਗ 3 ਲੱਖ ਖਿਡਾਰੀਆਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ, ਮੈਦਾਨਾਂ ਅਤੇ ਸਾਜ਼ੋ-ਸਾਮਾਨ ਸਮੇਤ ਖੇਡਾਂ ਦੀਆਂ ਸਹੂਲਤਾਂ ਦੀ ਮੁਕੰਮਲ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਹਰ ਕਦਮ ਚੁੱਕਿਆ ਜਾਵੇਗਾ। ਉਨ੍ਹਾਂ ਟੂਰਨਾਮੈਂਟ ਦੀ ਜੇਤੂ ਟੀਮ ਨੂੰ 1.5 ਲੱਖ ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ।